ਤਰਨਤਾਰਨ, (ਰਾਜੂ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਦਫ਼ਤਰਾਂ ਵਿਚ ਕਰਮਚਾਰੀਆਂ ਦੀ ਹਾਜ਼ਰੀ ਸਮੇਂ ਸਿਰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਅੱਜ ਸਵੇਰੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਤਰਨਤਾਰਨ ਦੇ ਦਫ਼ਤਰ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਦਫ਼ਤਰ ਦੇ 8 ਕਰਮਚਾਰੀ ਗੈਰ-ਹਾਜ਼ਰ ਪਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦਫ਼ਤਰ ਦੇ ਅਕਾਊਂਟ ਸੈਕਸ਼ਨ ਵਿਚ ਮਨਜੀਤ ਸਿੰਘ ਯੂ. ਡੀ. ਸੀ., ਰਿਤੂ ਗੁਪਤਾ ਸਹਾਇਕ, ਨਰਿੰਦਰ ਸਿੰਘ ਲਾਈਨਮੈਨ, ਉਪਕਾਰ ਸਿੰਘ ਕੰਪਿਊਟਰ ਆਪ੍ਰੇਟਰ ਤੇ ਸ਼ਾਮ ਲਾਲ ਸੁਪਰਡੈਂਟ ਗੈਰ-ਹਾਜ਼ਰ ਸਨ। ਇਸ ਤੋਂ ਇਲਾਵਾ ਸਰਕਲ ਦਫ਼ਤਰ ਵਿਚ ਦਲਜੀਤ ਕੌਰ ਐੱਲ. ਡੀ. ਸੀ., ਰਵਿੰਦਰ ਸਿੰਘ ਸੀ. ਐੱਚ. ਡੀ. ਤੇ ਸੁਖਵਿੰਦਰ ਸਿੰਘ ਨਿੱਜੀ ਸਹਾਇਕ ਵੀ ਗੈਰ-ਹਾਜ਼ਰ ਪਾਏ ਗਏ। ਉਨ੍ਹਾਂ ਦੱਸਿਆ ਕਿ ਗੈਰ-ਹਾਜ਼ਰ ਪਾਏ ਗਏ ਕਰਮਚਾਰੀਆਂ ਨੂੰ 'ਕਾਰਨ ਦਸੋ' ਨੋਟਿਸ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਖਿਲਾਫ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਇਸ ਸਮੇਂ ਉਨ੍ਹਾਂ ਦਫ਼ਤਰੀ ਰਿਕਾਰਡ ਦੀ ਵੀ ਚੈਕਿੰਗ ਕੀਤੀ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਸਵੱਛ ਭਾਰਤ ਅਭਿਆਨ ਤਹਿਤ ਦਫ਼ਤਰ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।
ਉਨ੍ਹਾਂ ਸਮੂਹ ਵਿਭਾਗੀ ਮੁਖੀਆਂ ਨੂੰ ਹੁਕਮ ਦਿੱਤੇ ਕਿ ਆਪਣੇ-ਆਪਣੇ ਦਫ਼ਤਰਾਂ ਵਿਚ ਕਰਮਚਾਰੀਆਂ ਦੀ ਹਾਜ਼ਰੀ ਸਮੇਂ ਸਿਰ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਕੋਈ ਮੁਸ਼ਕਲ ਨਾ ਆਵੇ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਪਹਿਲੀ ਵਾਰ ਦੇਰੀ ਨਾਲ ਆਉਂਦਾ ਹੈ ਤਾਂ ਉਸ ਦੀ ਜਵਾਬ-ਤਲਬੀ ਕੀਤੀ ਜਾਵੇਗੀ ਅਤੇ ਬਣਦੀ ਛੁੱਟੀ ਕੱਟੀ ਜਾਵੇਗੀ, ਜੇ ਉਹ ਮਹੀਨੇ ਵਿਚ ਦੂਜੀ ਵਾਰ ਦੇਰੀ ਨਾਲ ਦਫ਼ਤਰ 'ਚ ਆਉਂਦਾ ਹੈ ਤਾਂ ਉਸ ਨੂੰ ਛੋਟੀ ਸਜ਼ਾ ਦੇਣ ਲਈ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮ 1970 ਦੇ ਨਿਯਮ 10 ਅਧੀਨ 'ਕਾਰਨ ਦਸੋ' ਨਟਿਸ ਜਾਰੀ ਕੀਤਾ ਜਾਵੇਗਾ ਅਤੇ ਬਣਦੀ ਸਜ਼ਾ ਦਿੱਤੀ ਜਾਵੇਗੀ।
ਵਿਜੀਲੈਂਸ 'ਚ ਭਰਤੀ ਕਰਵਾਉਣ ਬਦਲੇ ਠੱਗੇ 4 ਲੱਖ
NEXT STORY