ਜਲਾਲਾਬਾਦ (ਨਿਖੰਜ, ਜਤਿੰਦਰ, ਆਦਰਸ਼ ) : ਵਿਧਾਨ ਸਭਾ ਹਲਕੇ ਜਲਾਲਾਬਾਦ ਦੇ ਥਾਣਾ ਸਿਟੀ ਦੇ ਅਧੀਨ ਪੈਂਦੀ ਬਸਤੀ ਘੁਮਿਆਰਾਂ ਵਾਲੀ ਵਿਖੇ ਰਹਿਣ ਵਾਲੀ ਇਕ ਔਰਤ ਵੱਲੋਂ ਆਪਣੀ 5 ਸਾਲਾ ਮਾਸੂਮ ਬੱਚੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੀ ਦੇ ਚਾਚਾ ਨੇ ਇਹ ਕੁੱਝ ਨਾ ਸਹਾਰਦੇ ਹੋਏ ਕੁੱਟਮਾਰ ਦੀ ਸਾਰੀ ਘਟਨਾ ਕੈਮਰੇ ’ਚ ਕੈਦ ਕਰਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ। ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਬ ਡਵੀਜ਼ਨ ਦੇ ਡੀ. ਐੱਸ. ਪੀ ਅਤੁਲ ਸੋਨੀ ਨੂੰ ਜਾਣਕਾਰੀ ਮਿਲਣ ’ਤੇ ਪੁਲਸ ਨੂੰ ਔਰਤ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ।
ਇਸ ਤੋਂ ਬਾਅਦ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਬੱਚੀ ਨਾਲ ਕੁੱਟਮਾਰ ਕਰਨ ਵਾਲੀ ਔਰਤ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਜਲਾਲਾਬਾਦ ਦੇ ਡੀ.ਐੱਸ ਪੀ ਅਤੁਲ ਸੋਨੀ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਬੱਚੀ ਨਾਲ ਕੁੱਟਮਾਰ ਦੀ ਵੀਡੀਓ ਦੇਖੀ ਸੀ। ਜਿਸ ਤੋਂ ਬਾਅਦ ਪਤਾ ਲੱਗਿਆ ਕਿ ਉਹ ਥਾਣਾ ਸਿਟੀ ਜਲਾਲਾਬਾਦ ਦੀ ਹਦੂਦ ਅੰਦਰ ਪੈਂਦੇ ਪਿੰਡ ਬਸਤੀ ਘੁਮਿਆਰਾ ਵਾਲੀ ਦੀ ਹੈ । ਉਨ੍ਹਾਂ ਕਿਹਾ ਕਿ ਪੁਲਸ ਨੇ ਬੱਚੀ ਨਾਲ ਕੁੱਟਮਾਰ ਕਰਨ ਵਾਲੀ ਔਰਤ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੇਂਦਰ ਦੀ ਪੰਜਾਬ ਨਾਲ ਇਕ ਹੋਰ ਬੇਇਨਸਾਫ਼ੀ, CM ਮਾਨ ਨੇ ਲਿਖਿਆ ਪੱਤਰ
NEXT STORY