ਮਹਿਲ ਕਲਾਂ (ਲਕਸ਼ਦੀਪ ਗਿੱਲ) : ਨੇੜਲੇ ਪਿੰਡ ਸਹਿਜੜਾ ਵਿਖੇ ਨਸ਼ਾ ਛੁਡਾਊ ਕੇਂਦਰ ਤੋਂ ਇਲਾਜ ਕਰਵਾ ਕੇ ਬੀਤੀ ਰਾਤ ਹੀ ਘਰ ਪਰਤੇ 27 ਸਾਲਾ ਨੌਜਵਾਨ ਦੀ ਅੱਜ ਸਵੇਰੇ ਮ੍ਰਿਤਕ ਦੇਹ ਮਿਲਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਸਹਿਜੜਾ ਵਜੋਂ ਹੋਈ ਹੈ। ਉਸ ਦੀ ਮ੍ਰਿਤਕ ਦੇਹ ਪਿੰਡ ਦੀ ਡਰੇਨ ਨੇੜੇ ਇਕ ਸੁੰਨਸਾਨ ਥਾਂ ਤੋਂ ਬਰਾਮਦ ਹੋਈ। ਮੌਕੇ ’ਤੇ ਉਸ ਦੀ ਲੱਤ ਵਿਚ, ਗੋਡੇ ਤੋਂ ਹੇਠਾਂ, ਸਰਿੰਜ ਲੱਗੀ ਹੋਈ ਮਿਲਣ ਦੀ ਗੱਲ ਸਾਹਮਣੇ ਆਈ ਹੈ।
ਸੱਤ ਮਹੀਨਿਆਂ ਤੋਂ ਨਸ਼ੇ ਦੀ ਲਤ ਨਾਲ ਜੂਝ ਰਿਹਾ ਸੀ ਨੌਜਵਾਨ
ਮ੍ਰਿਤਕ ਦੇ ਚਾਚਾ ਕਰਨੈਲ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ ਪਿਛਲੇ ਕਰੀਬ ਸੱਤ ਮਹੀਨਿਆਂ ਤੋਂ ਨਸ਼ੇ ਦੀ ਲਤ ਨਾਲ ਜੂਝ ਰਿਹਾ ਸੀ। ਪਰਿਵਾਰ ਵੱਲੋਂ ਉਸ ਨੂੰ ਨਸ਼ੇ ਦੀ ਆਦਤ ਤੋਂ ਮੁਕਤ ਕਰਵਾਉਣ ਲਈ ਕਰੀਬ ਤਿੰਨ ਮਹੀਨੇ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾ ਕੇ ਇਲਾਜ ਕਰਵਾਇਆ ਗਿਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ, ਬੀਤੀ ਰਾਤ ਹੀ ਇਲਾਜ ਤੋਂ ਬਾਅਦ ਉਸ ਨੂੰ ਘਰ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਕਰੀਬ ਸਾਢੇ 6 ਵਜੇ ਬਲਜਿੰਦਰ ਸਿੰਘ ਘਰ ਵਿੱਚ ਕਿਸੇ ਨੂੰ ਕੁਝ ਦੱਸੇ ਬਿਨਾਂ ਬਾਹਰ ਚਲਾ ਗਿਆ। ਕਰੀਬ ਦੋ ਘੰਟਿਆਂ ਬਾਅਦ ਉਸ ਦੀ ਮ੍ਰਿਤਕ ਦੇਹ ਡਰੇਨ ਨੇੜੇ ਇਕ ਸੁੰਨਸਾਨ ਥਾਂ ਤੋਂ ਮਿਲੀ, ਜਿਸ ਤੋਂ ਬਾਅਦ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।
ਪਿੰਡ ਵਾਸੀਆਂ ਤੇ ਕਿਸਾਨ ਆਗੂਆਂ ਨੇ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ
ਕਿਸਾਨ ਆਗੂ ਕਰਨੈਲ ਸਿੰਘ ਗਾਂਧੀ ਅਤੇ ਸਾਬਕਾ ਪੰਚ ਬੂਟਾ ਸਿੰਘ ਨੇ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਿੰਡ ਸਹਿਜੜਾ ਵਿਚ ਨਸ਼ਿਆਂ ਨਾਲ ਜੁੜੀ ਇਹ ਲਗਾਤਾਰ ਤੀਜੀ ਮੌਤ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਿੰਡ ਦੇ ਦੋ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਕੇ ਜਾਨ ਗੁਆ ਚੁੱਕੇ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾਉਣ ਦੇ ਨਾਲ-ਨਾਲ ਨਸ਼ਾ ਛੁਡਾਊ ਇਲਾਜ ਤੋਂ ਬਾਅਦ ਨੌਜਵਾਨਾਂ ਦੀ ਨਿਯਮਿਤ ਨਿਗਰਾਨੀ ਅਤੇ ਪੁਨਰਵਾਸ ਪ੍ਰਬੰਧਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਮੌਕੇ ਸਰਪੰਚ ਬਲਜਿੰਦਰ ਸਿੰਘ ਸਹਿਜੜਾ, ਬਲਵਿੰਦਰ ਸਿੰਘ ਬਿੰਦੂ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਬਲਾਕ ਜਨਰਲ ਸਕੱਤਰ ਭੋਲਾ ਸਿੰਘ, ਸਰਪੰਚ ਬਲਵਿੰਦਰ ਸਿੰਘ ਬਾਜਵਾ, ਪੰਚ ਹਰਮੇਲ ਸਿੰਘ, ਪੰਚ ਗੁਰਮੇਲ ਸਿੰਘ, ਪੰਚ ਕੌਰ ਸਿੰਘ, ਜਗਸੀਰ ਸਿੰਘ ਭਗਤ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦੀ ਹੋਵੇਗੀ ਪੁਸ਼ਟੀ
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਹਿਲ ਕਲਾਂ ਦੀ ਪੁਲਿਸ ਪਾਰਟੀ ਮੌਕੇ ’ਤੇ ਪੁੱਜੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਥਾਣਾ ਮਹਿਲ ਕਲਾਂ ਦੇ ਏਐੱਸਆਈ ਮਨਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਬਲਵੀਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਪੁਲਿਸ ਅਨੁਸਾਰ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੋਸਟਮਾਰਟਮ ਰਿਪੋਰਟ ਅਤੇ ਪੁਲਸ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਹੋ ਸਕੇਗਾ। ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
NEXT STORY