ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)- ਕਰੀਬ ਇਕ ਸਾਲ ਪਹਿਲਾਂ ਵਿਆਹੀ ਲੜਕੀ ਦੀ ਭੇਤਭਰੇ ਹਾਲਾਤ 'ਚ ਹੋਈ ਮੌਤ ਦੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਮ੍ਰਿਤਕਾ ਦੇ ਪਿਤਾ ਸ਼ਿੰਗਾਰਾ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਮੋਹਰ ਸਿੰਘ ਪੱਤੀ ਬੀ ਨੇ ਦੱਸਿਆ ਕਿ ਉਸ ਦੀ ਲੜਕੀ ਗੁਰਪ੍ਰੀਤ ਕੌਰ (19) ਦਾ ਵਿਆਹ ਕਰੀਬ ਇਕ ਸਾਲ ਪਹਿਲਾਂ ਪੱਖੋ ਕਲਾਂ ਵਿਖੇ ਹੋਇਆ ਸੀ। ਬੀਤੇ ਦਿਨੀਂ ਉਨ੍ਹਾਂ ਦੀ ਲੜਕੀ ਦੇ ਸਹੁਰੇ ਪਿੰਡੋਂ ਫੋਨ ਆਇਆ ਕਿ ਉਨ੍ਹਾਂ ਦੀ ਲੜਕੀ ਦੇ ਘਰ ਲੜਾਈ ਹੋ ਗਈ ਹੈ। ਜਦੋਂ ਉਨ੍ਹਾਂ ਜਾ ਕੇ ਦੇਖਿਆ ਤਾਂ ਉਨ੍ਹਾਂ ਦੀ ਲੜਕੀ ਮਰੀ ਪਈ ਸੀ। ਸਹੁਰੇ ਪਰਿਵਾਰ ਨੇ ਦੱਸਿਆ ਕਿ ਲੜਕੀ ਨੇ ਆਪਣੀਆਂ ਦੋਵੇਂ ਬਾਹਾਂ ਕਿਸੇ ਤੇਜ਼ਧਾਰ ਹਥਿਆਰ ਨਾਲ ਵੱਢ ਲਈਆਂ ਅਤੇ ਬਾਅਦ 'ਚ ਫਾਹਾ ਲੈ ਲਿਆ।
ਕੀ ਕਹਿੰਦੇ ਹਨ ਐੈੱਸ. ਐੈੱਚ. ਓ. : ਜਦੋਂ ਇਸ ਸਬੰਧੀ ਥਾਣਾ ਰੂੜੇਕੇ ਕਲਾਂ ਦੇ ਐੈੱਸ. ਐੈੱਚ. ਓ. ਇੰਸਪੈਕਟਰ ਮਨਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕਾ ਦੇ ਪਿਤਾ ਸ਼ਿੰਗਾਰਾ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਦੀ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ। ਓਧਰ, ਸਿਵਲ ਹਸਪਤਾਲ ਬਰਨਾਲਾ ਵਿਖੇ ਗੱਲਬਾਤ ਕਰਦਿਆਂ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਲੜਕੀ ਦੀ ਮੌਤ ਹੋ ਜਾਣ ਕਾਰਨ ਉਸ ਦੇ ਪਿਤਾ ਦਾ ਦਿਮਾਗ਼ੀ ਸੰਤੁਲਨ ਠੀਕ ਨਹੀਂ ਸੀ, ਜਿਸ ਕਾਰਨ ਉਸ ਨੇ ਗਲਤੀ ਨਾਲ ਪੁਲਸ ਨੂੰ ਬਿਆਨ ਦਰਜ ਕਰਵਾ ਦਿੱਤੇ ਹਨ। ਲੜਕੀ ਦੇ ਚਾਚਾ ਗੁਰਚਰਨ ਸਿੰਘ ਦੇ ਲੜਕੇ ਗੁਰਦਿੱਤ ਸਿੰਘ ਨੇ ਧਾਰਾ 'ਚ ਵਾਧਾ ਕਰਨ ਲਈ ਮ੍ਰਿਤਕ ਲੜਕੀ ਦੇ ਪਤੀ, ਪਤੀ ਦੇ ਭਰਾ ਅਤੇ ਮਾਸੀ ਸੱਸ ਵਿਰੁੱਧ ਕਾਰਵਾਈ ਕਰਨ ਲਈ ਐੈੱਸ.ਐੈੱਚ.ਓ. ਰੂੜੇਕੇ ਕਲਾਂ ਨੂੰ ਨਵੀਂ ਦਰਖਾਸਤ ਦਿੱਤੀ ਹੈ। ਜਦੋਂ ਇਸ ਸਬੰਧੀ ਐੈੱਸ. ਐੈੱਚ. ਓ. ਰੂੜੇਕੇ ਕਲਾਂ ਮਨਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਲੜਕੀ ਦੇ ਪਰਿਵਾਰਕ ਮੈਂਬਰ, ਜੋ ਨਵੀਂ ਦਰਖਾਸਤ ਦੇਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਲੜਕੀ ਦਾ ਪੋਸਟਮਾਰਟਮ ਕਰਨ ਲਈ ਡਾਕਟਰਾਂ ਦਾ ਪੈਨਲ ਬਣਾਇਆ ਜਾ ਰਿਹਾ ਹੈ। ਵਿਸਰਾ ਵੀ ਜਾਂਚ ਲਈ ਭੇਜਿਆ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
105 ਗ੍ਰਾਮ ਨਸ਼ੀਲੇ ਪਾਊਡਰ ਸਣੇ ਪਾਲਾ ਕਾਬੂ
NEXT STORY