ਚੰਡੀਗੜ੍ਹ (ਭੁੱਲਰ) - ਕੈਪਟਨ ਸਰਕਾਰ ਕਿਸਾਨਾਂ ਦੇ ਦੋ ਲੱਖ ਤੱਕ ਦੇ ਫਸਲੀ ਕਰਜ਼ੇ ਦੀ ਮੁਆਫੀ ਦੀ ਐਲਾਨੀ ਗਈ ਯੋਜਨਾ ਨੂੰ ਲਾਗੂ ਕਰਨ ਦਾ ਕੰਮ ਹੁਣ ਨਵੇਂ ਸਾਲ 'ਚ 7 ਜਨਵਰੀ ਤੋਂ ਸ਼ੁਰੂ ਕਰਨ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਸਰਕਾਰ ਕਈ ਵਾਰ ਮਿਤੀਆਂ ਨਿਰਧਾਰਿਤ ਕਰਕੇ ਮੁਲਤਵੀ ਕਰਦੀ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ 7 ਜਨਵਰੀ ਨੂੰ ਕਰਜ਼ਾ ਮੁਆਫੀ ਦੀ ਸ਼ੁਰੂਆਤ ਜ਼ਿਲਾ ਮਾਨਸਾ ਤੋਂ ਕੀਤੀ ਜਾ ਰਹੀ ਹੈ, ਜਿੱਥੇ ਕਿਸਾਨਾਂ ਵੱਲੋਂ ਕੀਤੀਆਂ ਗਈਆਂ ਖੁਦਕੁਸ਼ੀਆਂ ਦਾ ਅੰਕੜਾ ਸਭ ਤੋਂ ਜ਼ਿਆਦਾ ਰਿਹਾ ਹੈ। ਮੁੱਖ ਮੰਤਰੀ ਦਫ਼ਤਰ ਵਲੋਂ ਵਿੱਤ ਵਿਭਾਗ ਨਾਲ ਸਲਾਹ ਤੋਂ ਬਾਅਦ ਮਾਨਸਾ 'ਚ ਹੋਣ ਵਾਲੇ ਪ੍ਰੋਗਰਾਮ ਦੀ ਤਿਆਰੀ ਲਈ ਜ਼ਿਲਾ ਅਧਿਕਾਰੀਆਂ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ। ਇਸ ਪ੍ਰੋਗਰਾਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਪ੍ਰਦਾਨ ਕਰਨਗੇ। ਉਨ੍ਹਾਂ ਨਾਲ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹਿਣਗੇ। ਜਾਣਕਾਰੀ ਅਨੁਸਾਰ ਸ਼ੁਰੂ ਵਿਚ ਢਾਈ ਏਕੜ ਤੱਕ ਦੇ ਕਿਸਾਨਾਂ ਦਾ ਸਹਿਕਾਰੀ ਬੈਂਕਾਂ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ। ਮਾਨਸਾ ਵਿਚ ਹੋਣ ਵਾਲੇ ਸ਼ੁਰੂਆਤੀ ਪ੍ਰੋਗਰਾਮ ਦੌਰਾਨ ਜ਼ਿਲੇ ਨਾਲ ਸਬੰਧਤ 33 ਹਜ਼ਾਰ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਹੋਰਨਾਂ ਜ਼ਿਲਿਆਂ ਵਿਚ ਕਰਜ਼ਾ ਮੁਆਫੀ ਦਾ ਕੰਮ ਸ਼ੁਰੂ ਹੋਵੇਗਾ।
ਡਰਾਈਵਰ ਨਾਲ ਕੁੱਟਮਾਰ ਕਰਨ 'ਤੇ ਰੋਸ ਪ੍ਰਦਰਸ਼ਨ
NEXT STORY