ਜਲੰਧਰ (ਰੱਤਾ) – ਡੇਂਗੂ ਦੀ ਰੋਕਥਾਮ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ 26 ਟੀਮਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਸਰਵੇ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੂੰ 5 ਥਾਵਾਂ ਤੋਂ ਡੇਂਗੂ ਬੁਖਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ।
ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ 26 ਟੀਮਾਂ ਨੇ 2889 ਘਰਾਂ ਅਤੇ 18 ਪੁਲਸ ਥਾਣਿਆਂ ਵਿਚ ਜਾ ਕੇ ਕੁੱਲ 5831 ਕੰਟੇਨਰ ਚੈੱਕ ਕੀਤੇ ਅਤੇ ਇਸ ਦੌਰਾਨ ਉਨ੍ਹਾਂ ਨੂੰ 5 ਥਾਵਾਂ ਤੋਂ ਡੇਂਗੂ ਬੁਖਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ, ਜਿਸ ਨੂੰ ਟੀਮਾਂ ਨੇ ਤੁਰੰਤ ਨਸ਼ਟ ਕਰਦੇ ਹੋਏ ਮੱਛਰਮਾਰ ਦਵਾਈ ਦਾ ਸਪਰੇਅ ਕੀਤਾ।
ਉਕਤ ਟੀਮਾਂ ਨੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਸਮਝਾਉਂਦ ਹੋਏ ਦੱਸਿਆ ਕਿ ਡੇਂਗੂ ਦਾ ਮੱਛਰ ਖੜ੍ਹੇ ਸਾਫ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਸਾਡਾ ਸਭ ਦਾ ਫਰਜ਼ ਹੈ ਕਿ ਅਸੀਂ ਆਪਣੇ ਕੂਲਰਾਂ ਦਾ ਪਾਣੀ ਹਫਤੇ ਵਿਚ ਇਕ ਵਾਰ ਜ਼ਰੂਰ ਬਦਲੀਏ ਅਤੇ ਘਰਾਂ ਦੇ ਆਲੇ-ਦੁਆਲੇ, ਵਿਹੜੇ ਅਤੇ ਛੱਤਾਂ ’ਤੇ ਪਾਣੀ ਇਕੱਠਾ ਨਾ ਹੋਣ ਦੇਈਏ। ਪੁਰਾਣੇ ਟਾਇਰ ਅਤੇ ਟੁੱਟੇ ਹੋਏ ਗਮਲੇ, ਭਾਂਡੇ ਆਦਿ ਖੁੱਲ੍ਹੀਆਂ ਥਾਵਾਂ ’ਤੇ ਨਾ ਰੱਖੀਏ ਕਿਉਂਕਿ ਉਨ੍ਹਾਂ ਵਿਚ ਪਾਣੀ ਇਕੱਠਾ ਹੋਣ ਦੀ ਸੰਭਾਵਨਾ ਹਰ ਸਮੇਂ ਬਣੀ ਰਹਿੰਦੀ ਹੈ।
ਉਨ੍ਹਾਂ ਕਿਹਾ ਕਿ ਤੇਜ਼ ਬੁਖਾਰ, ਸਿਰਦਰਦ, ਜੋੜਾਂ ਵਿਚ ਦਰਦ, ਚਮੜੀ ’ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਦੰਦਾਂ, ਮਸੂੜਿਆਂ ਅਤੇ ਨੱਕ ਵਿਚੋਂ ਖੂਨ ਵਗਣਾ ਡੇਂਗੂ ਬੁਖਾਰ ਦਾ ਲੱਛਣ ਹੋ ਸਕਦਾ ਹੈ ਅਤੇ ਜੇਕਰ ਕਿਸੇ ਨੂੰ ਇਨ੍ਹਾਂ ਵਿਚੋਂ ਕੋਈ ਲੱਛਣ ਨਜ਼ਰ ਆਵੇ ਤਾਂ ਉਹ ਤੁਰੰਤ ਡਾਕਟਰ ਨਾਲ ਸਲਾਹ-ਮਸ਼ਵਰਾ ਕਰੇ।
ਨਵੇਂ ਵੇਰੀਐਂਟ ਨਾਲ ਫਿਰ ਆਇਆ ਕੋਰੋਨਾ, ਨਵੀਂ ਦਿੱਲੀ ਦੇ ਹਸਪਤਾਲ ਅਲਰਟ 'ਤੇ
NEXT STORY