ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਬਲਕਿ ਸਾਵਧਾਨੀ ਆਪਣਾ ਕੇ ਇਸ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਅੱਜ 35 ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਇਕ ਮਰੀਜ਼ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ 31 ਮਾਮਲੇ ਬੀ. ਐਸ. ਐਫ ਟਰੇਨਿੰਗ ਸੈਂਟਰ ਖੜਕਾ ਕੈਂਪਸ ਨਾਲ ਸਬੰਧਤ ਅਤੇ ਚਾਰ ਮਾਮਲੇ ਜ਼ਿਲ੍ਹੇ ਦੇ ਹੋਰ ਸਥਾਨਾਂ ਤੋਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਬਰਾਉਣ ਨਾ ਕਿਉਂਕਿ 31 ਪਾਜ਼ੇਟਿਵ ਮਾਮਲੇ ਇਕੋ ਕੈਂਪਸ ਤੋਂ ਆਏ ਹਨ ਅਤੇ ਇਨ੍ਹਾਂ ਦਾ ਕਮਿਊਨਿਟੀ ਟਰਾਂਸਮਿਸ਼ਨ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਪ੍ਰੋਟੋਕੋਲ ਦੇ ਹਿਸਾਬ ਨਾਲ ਇਹ ਸਾਰੇ ਕੇਸ ਕਮਾਂਡ ਹਸਪਤਾਲ ਜਲੰਧਰ ਸ਼ਿਫਟ ਕਰ ਦਿੱਤੇ ਗਏ ਹਨ ਅਤੇ ਟਰੇਨਿੰਗ ਸੈਂਟਰ ਨੂੰ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਪੂਰਾ ਸਿਹਤ ਵਿਭਾਗ ਲੋਕਾਂ ਨੂੰ ਬੇਹਤਰ ਸਿਹਤ ਸੁਵਿਧਾਵਾ ਦੇਣ ਲਈ ਦਿਨ ਰਾਤ ਜੁਟਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕੋਵਿਡ-19 'ਤੇ ਅਸੀਂ ਜਲਦ ਫਤਿਹ ਪਾ ਲਵਾਂਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਦਸੂਹਾ ਦੇ ਕਿਰਪਾਲ ਨਗਰ ਦੇ 58 ਸਾਲ ਦੇ ਇਕ ਵਿਅਕਤੀ ਦੀ ਜਲੰਧਰ ਦੇ ਇਕ ਨਿਜੀ ਹਸਪਤਾਲ ਵਿਖੇ ਦਿਲ ਦੀ ਬਿਮਾਰੀ ਨਾਲ ਮੌਤ ਹੋ ਗਈ ਹੈ, ਜਿਸ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿੱਚ ਕੋਰੋਨਾ ਵਾਇਰਸ ਨਾਲ ਜਿੰਨੇ ਵੀ ਮਰੀਜ਼ਾਂ ਦੀ ਮੌਤ ਹੋਈ ਹੈ, ਉਹ ਸਾਰੇ ਹੋਰ ਕਈ ਗੰਭੀਰ ਬੀਮਾਰੀਆਂ ਨਾਲ ਪੀੜਤ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਲਏ ਗਏ ਸੈਂਪਲਾਂ ਵਿਚੋਂ 18,836 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 184 ਵਿਅਕਤੀਆਂ ਨੇ ਕੋਰੋਨਾ ਖਿਲਾਫ ਫਤਿਹ ਪਾ ਲਈ ਹੈ।
ਉਨ੍ਹਾਂ ਕਿਹਾ ਕਿ ਠੀਕ ਹੋਏ ਵਿਅਕਤੀਆਂ ਨੂੰ ਘਰ ਭੇਜਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫਤਿਹ' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਤਾਂ ਜੋ ਜ਼ਿਲ੍ਹਾ ਵਾਸੀ ਸਾਵਧਾਨੀਆਂ ਅਪਣਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਉਨ੍ਹਾਂ ਕਿਹਾ ਕਿ ਲੋਕ ਜ਼ਰੂਰੀ ਕੰਮ ਲਈ ਹੀ ਘਰ ਤੋਂ ਬਾਹਰ ਨਿਕਲਣ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ 'ਤੇ 20 ਸੈਕੰਡ ਤੱਕ ਹੱਥ ਧੋਣਾ ਯਕੀਨੀ ਬਣਾਇਆ ਜਾਵੇ।
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਕਿਹਾ ਕਿ ਹੁਣ ਤੱਕ 20,534 ਸੈਂਪਲ ਲਏ ਗਏ ਹਨ। ਉਨ੍ਹਾਂ ਕਿਹਾ ਕਿ ਅੱਜ 706 ਸੈਂਪਲ ਲਏ ਗਏ, ਜਦਕਿ 564 ਸੈਂਪਲਾਂ ਦੀ ਰਿਪੋਰਟ ਆਈ ਹੈ, ਜਿਨ੍ਹਾਂ ਵਿਚੋਂ 35 ਵਿਅਕਤੀਆਂ ਦੇ ਟੈਸਟ ਪੋਜ਼ੀਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਜਲੰਧਰ ਦੇ ਇਕ ਵਿਅਕਤੀ ਦੀ ਦਸੂਹਾ ਦੇ ਨਿੱਜੀ ਹਸਪਤਾਲ ਵਿਚ ਦਿਲ ਦੀ ਬਿਮਾਰੀ ਕਾਰਨ ਮੌਤ ਹੋ ਗਈ ਹੈ, ਜਿਸਦੀ ਰਿਪੋਰਟ ਕੋਰੋਨਾ ਪੋਜ਼ਿਟਿਵ ਆਈ ਹੈ। ਉਨਾਂ ਦੱਸਿਆ ਕਿ ਉਕਤ ਵਿਅਕਤੀ ਦਾ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਅਗਵਾਈ ਵਿਚ ਸੰਸਕਾਰ ਕਰ ਦਿੱਤਾ ਗਿਆ ਹੈ।
ਸਿਵਲ ਸਰਜਨ ਨੇ ਦੱਸਿਆ ਕਿ 1437 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ ਅਤੇ 30 ਕੇਸ ਇਨਵੈਲਿਡ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 254 ਪੋਜ਼ੀਟਿਵ ਕੇਸ ਹੋ ਚੁੱਕੇ ਹਨ, ਜਦਕਿ ਐਕਟਿਵ ਕੇਸਾਂ ਦੀ ਗਿਣਤੀ 62 ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੋਜ਼ੀਟਿਵ ਆਏ ਵਿਅਕਤੀਆਂ ਵਿਚੋਂ 31 ਮਾਮਲੇ ਬੀ.ਐਸ.ਐਫ ਟਰੇਨਿੰਗ ਸੈਂਟਰ ਖੜਕਾਂ ਦੇ ਹਨ। ਇਕ ਮਾਮਲਾ ਜਲੰਧਰ ਤੋਂ ਰਿਪੋਰਟ ਹੋਇਆ ਹੈ ਜੋ ਕਿ ਦਸੂਹਾ ਨਾਲ ਸਬੰਧਤ ਹੈ, ਇਕ ਮਾਮਲਾ ਪੀ.ਐਚ.ਸੀ ਪੋਸੀ, ਇਕ ਪੀ.ਐਚ.ਸੀ. ਪਾਲਦੀ ਅਤੇ ਇਕ ਮਾਮਲਾ ਪੀ.ਐਚ.ਸੀ. ਮੰਡ ਮੰਡੇਰ ਦੇ ਤਹਿਤ ਆਉਂਦੇ ਪਿੰਡਾਂ ਨਾਲ ਸਬੰਧਤ ਹੈ। ਉਨ੍ਹਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਦੇ ਬੱਚਿਆਂ ਨੂੰ ਘਰ ਵਿੱਚ ਰਹਿਣ ਦੀ ਅਪੀਲ ਕਰਦੇ ਹੋਏ ਇਸ ਬਿਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ।
ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ, 72 ਨਵੇਂ ਮਰੀਜ਼ਾਂ ਦੀ ਪੁਸ਼ਟੀ ਤੇ 2 ਦੀ ਮੌਤ
NEXT STORY