ਸੰਗਰੂਰ (ਬੇਦੀ, ਰੂਪਕ)-ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ ਨੇ ਜ਼ਿਲੇ ਅੰਦਰ ਅਖੌਤੀ ਟਰੈਵਲ ਏਜੰਟਾਂ ਖਿਲਾਫ਼ ਕਾਰਵਾਈ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਸੱਦੀ ਮਹੀਨਾਵਾਰ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਅਖੌਤੀ ਟਰੈਵਲ ਏਜੰਟਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਇਸ ਮਾਮਲੇ 'ਚ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਸਮੂਹ ਐੱਸ. ਡੀ. ਐੱਮਜ਼. ਨੂੰ ਹਦਾਇਤ ਕੀਤੀ ਕਿ ਲੋਕ ਜਾਗਰੂਕਤਾ ਹਿੱਤ ਤਹਿਸੀਲਾਂ 'ਚ ਰਜਿਸਟਰਡ ਟਰੈਵਲ ਏਜੰਟਾਂ ਬਾਰੇ ਜਾਣਕਾਰੀ ਦੇਣ ਅਤੇ ਅਖੌਤੀ ਟਰੈਵਲ ਏਜੰਟਾਂ ਤੋਂ ਸੁਚੇਤ ਰਹਿਣ ਬਾਰੇ ਜਾਗਰੂਕਤਾ ਬੋਰਡ ਲਾਏ ਜਾਣ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਰਕ ਨੇ ਮਾਲ ਮਹਿਕਮੇ ਦੇ ਅਧਿਕਾਰੀਆਂ ਨੂੰ ਰਿਕਵਰੀ ਕੇਸਾਂ, ਨਿਸ਼ਾਨਦੇਹੀਆਂ ਅਤੇ ਹੋਰ ਵਿਭਾਗੀ ਕੰਮਾਂ ਨੂੰ ਸਮਾਂਬੱਧ ਢੰਗ ਨਾਲ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਕਾਰਜਸਾਧਕ ਅਧਿਕਾਰੀਆਂ ਤੋਂ ਜ਼ਿਲੇ ਅੰਦਰ ਚਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲਿਆ ਅਤੇ ਜਲਦੀ ਤੋਂ ਜਲਦੀ ਮੁਕੰਮਲ ਕਰਵਾਉਣ ਦੇ ਆਦੇਸ਼ ਦਿੱਤੇ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ 27 ਨਵੰਬਰ ਤੱਕ ਵਰਤੋਂ ਸਰਟੀਫਿਕੇਟ ਭੇਜਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਸਿਵਲ ਸਰਜਨ ਨੂੰ ਸਮੇਂ-ਸਮੇਂ ਜ਼ਿਲੇ ਦੇ ਸਮੂਹ ਸਰਕਾਰੀ ਹਸਪਤਾਲਾਂ ਦਾ ਜਾਇਜ਼ਾ ਲੈਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਖਾਣ-ਪੀਣ ਵਾਲੀਆਂ ਵਸਤੂਆਂ ਦਾ ਨਿਰੀਖਣ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਅਤੇ ਗੁਣਵੱਤਾ ਦੀ ਘਾਟ ਵਾਲੀਆਂ ਵਸਤੂਆਂ ਵੇਚਣ ਵਾਲਿਆਂ 'ਤੇ ਸਿਕੰਜਾ ਕੱਸਿਆ ਜਾ ਸਕੇ। ਉਨ੍ਹਾਂ ਸਮੂਹ ਵਿਭਾਗਾਂ ਦੇ ਨੋਡਲ ਅਧਿਕਾਰੀਆਂ ਨੂੰ ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟਣ 'ਚ ਪੂਰਨ ਸਹਿਯੋਗ ਕਰਨ ਦੇ ਆਦੇਸ਼ ਦਿੱਤੇ। ਸਿਹਤ ਅਧਿਕਾਰੀਆਂ ਨੂੰ ਡੇਂਗੂ ਅਤੇ ਚਿਕੁਨਗੁਨੀਆ ਵਰਗੀਆਂ ਬੀਮਾਰੀਆਂ ਨਾਲ ਨਜਿੱਠਣ ਲਈ ਜਾਗਰੂਕਤਾ ਮੁਹਿੰਮ ਜਾਰੀ ਰੱਖਣ ਦੇ ਆਦੇਸ਼ ਦਿੱਤੇ।
ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ, ਨਾਪ ਤੋਲ ਵਿਭਾਗ, ਮੰਡੀਕਰਨ ਬੋਰਡ, ਸਿੰਚਾਈ ਵਿਭਾਗ, ਡਰੇਨਜ਼ ਵਿਭਾਗ, ਸੀਵਰੇਜ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਸਿੰਘ ਬੱਤਰਾ, ਐੱਸ. ਡੀ. ਐੱਮ. ਸੁਨਾਮ ਰਾਜਦੀਪ ਸਿੰਘ ਬਰਾੜ, ਐੱਸ. ਡੀ. ਐੱਮ. ਸੰਗਰੂਰ ਅਵਿਕੇਸ਼ ਗੁਪਤਾ, ਐੱਸ. ਡੀ. ਐੱਮ. ਮਾਲੇਰਕੋਟਲਾ ਪ੍ਰੀਤੀ ਯਾਦਵ, ਐੱਸ. ਡੀ. ਐੱਮ. ਭਵਾਨੀਗੜ੍ਹ ਗੀਤਿਕਾ ਸਿੰਘ, ਐੱਸ. ਡੀ. ਐੱਮ. ਧੂਰੀ ਅਮਰੇਸ਼ਵਰ ਸਿੰਘ, ਡੀ. ਐੱਸ. ਪੀ. ਨਾਹਰ ਸਿੰਘ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਘਰ 'ਚ ਸਿਲੰਡਰ ਫੱਟਣ ਕਾਰਨ ਪਤੀ ਪਤਨੀ ਤੇ ਬੱਚੀ ਜ਼ਖਮੀ
NEXT STORY