ਬਠਿੰਡਾ (ਵਰਮਾ) : ਜ਼ਿਲ੍ਹਾ ਬਠਿੰਡਾ ਦੀਆਂ ਮੰਡੀਆਂ 'ਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਆ ਰਹੀ ਪਰ ਫਿਰ ਵੱਖ-ਵੱਖ ਖਰੀਦ ਏਜੰਸੀਆਂ ਨੂੰ ਝੋਨੇ ਦੀ ਖ਼ਰੀਦ, ਤੁਲਾਈ ਤੇ ਚੁਕਾਈ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਹੁਕਮ ਦਿੱਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਬਠਿੰਡਾ ਦੀ ਅਨਾਜ ਮੰਡੀ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਸ ਮੁਖੀ ਸੁਹੇਲ ਕਾਸਿਮ ਮੀਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ 16 ਅਕਤੂਬਰ ਨੂੰ 6,559 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਜ਼ਿਲ੍ਹੇ 'ਚ ਕੁੱਲ 32,257 ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ, ਜੋ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ 'ਚ ਵੱਡੀ ਮਾਤਰਾ ਵਿੱਚ ਫ਼ਸਲ ਪਹੁੰਚਣ ਨੂੰ ਦਰਸਾਉਂਦੀ ਹੈ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਵਿੱਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ, ਜਿਸ ਤਹਿਤ 21626 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ, ਜਿਸ ਵਿੱਚੋਂ ਪਨਗ੍ਰੇਨ ਵੱਲੋਂ 10,999 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 2,355 ਮੀਟ੍ਰਿਕ ਟਨ, ਪਨਸਪ ਵੱਲੋਂ 5,783 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 2,489 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਮੌਕੇ ਜ਼ਿਲ੍ਹਾ ਪੁਲਸ ਮੁਖੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਬਾਹਰਲੇ ਰਾਜਾਂ ਤੋਂ ਝੋਨੇ ਦੀ ਆਮਦ ਨੂੰ ਰੋਕਣ ਲਈ ਜ਼ਿਲ੍ਹੇ ਦੀਆਂ ਸਰਹੱਦਾਂ ‘ਤੇ ਨਾਕਾਬੰਦੀ ਕੀਤੀ ਗਈ ਹੈ ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਦੀ ਫ਼ਸਲ ਖ਼ਰੀਦਣ ਵਿੱਚ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਜੇਕਰ ਬਾਹਰੀ ਰਾਜ ਤੋਂ ਜ਼ਿਲ੍ਹੇ ਦੀ ਸਰਹੱਦ ਅੰਦਰ ਆ ਰਹੇ ਝੋਨੇ ਸਬੰਧੀ ਕੋਈ ਵ੍ਹੀਕਲ ਫੜ੍ਹਿਆ ਜਾਂਦਾ ਹੈ, ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਬਠਿੰਡਾ ਦੇ ਚੇਅਰਮੈਨ ਸ੍ਰੀ ਬਲਜੀਤ ਬੱਲੀ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜ੍ਹਤੀਏ, ਕਿਸਾਨ ਆਦਿ ਹਾਜ਼ਰ ਸਨ।
ਪਿੰਡ ਘਾਂਗਾ ਕਲਾਂ ’ਚ 8 ਬਿਜਲੀ ਟਰਾਂਸਫਾਰਮਰਾਂ ’ਚੋਂ ਤਾਂਬਾ, ਤੇਲ ਅਤੇ ਰਾਡਾਂ ਚੋਰੀ
NEXT STORY