ਅੰਮ੍ਰਿਤਸਰ, (ਛੀਨਾ)- ਬਰਗਾੜੀ ਤੇ ਬਹਿਬਲ ਕਲਾਂ ਦੇ ਮੁੱਦੇ 'ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੰਜਾਬ ਵਿਧਾਨ ਸਭਾ 'ਚ ਨਸ਼ਰ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਨੂੰ ਜਿਥੇ ਸਿੱਖ ਜਥੇਬੰਦੀਆਂ ਤੇ ਪੰਜਾਬ ਵਾਸੀਆਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈ , ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਚੋਂ ਫਾਰਗ ਕੀਤੇ ਗਏ ਮੁਲਾਜ਼ਮਾਂ ਨੇ ਇਕ ਵਾਰ ਫਿਰ ਸ਼੍ਰੋਮਣੀ ਕਮੇਟੀ ਖਿਲਾਫ ਝੰਡਾ ਚੁੱਕ ਕੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਲਈ ਕਸੂਤੀ ਸਥਿਤੀ ਪੈਦਾ ਕਰ ਦਿੱਤਾ ਹੈ। ਅੱਜ ਫਾਰਗ ਮੁਲਾਜ਼ਮਾਂ ਨੇ ਆਪਣੀ ਨੌਕਰੀ ਬਹਾਲੀ ਦੀ ਮੰਗ ਨੂੰ ਲੈ ਕੇ ਕੜਕਦੀ ਧੁੱਪ 'ਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਬਾਹਰ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸ਼ਾਂਤਮਈ ਢੰਗ ਨਾਲ ਧਰਨਾ ਲਾ ਕੇ ਆਪਣਾ ਰੋਸ ਪ੍ਰਗਟਾਇਆ, ਜਿਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਪੁੱਜੀਆਂ ਸੰਗਤਾਂ ਤਰਸ ਦੀ ਨਜ਼ਰ ਨਾਲ ਦੇਖ ਕੇ ਸ਼੍ਰੋਮਣੀ ਕਮੇਟੀ ਨੂੰ ਕੋਸ ਰਹੀਆਂ ਸਨ।
ਇਸ ਮੌਕੇ ਤਰਸੇਮ ਸਿੰਘ, ਸੁਖਮਿੰਦਰ ਸਿੰਘ, ਜਰਨੈਲ ਸਿੰਘ ਤੇ ਅਮਰਜੀਤ ਸਿੰਘ ਨੇ ਸਾਂਝੇ ਤੌਰ 'ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸਾਥੀ ਅਹੁਦੇਦਾਰਾਂ ਨੇ ਨਿੱਜੀ ਰੰਜਿਸ਼ ਕਾਰਨ 31 ਮਾਰਚ 2018 ਨੂੰ ਸਾਨੂੰ ਨਿਯਮਾਂ ਦੇ ਉਲਟ ਭਰਤੀ ਦਾ ਬਹਾਨਾ ਬਣਾ ਕੇ ਨੌਕਰੀ ਤੋਂ ਫਾਰਗ ਕਰ ਦਿੱਤਾ ਸੀ, ਉਸ ਦਿਨ ਤੋਂ ਲੈ ਕੇ ਅੱਜ ਤੱਕ ਅਸੀਂ ਆਪਣੇ ਪਰਿਵਾਰਾਂ ਦਾ ਬੜੀ ਮੁਸ਼ਕਿਲ ਨਾਲ ਗੁਜ਼ਾਰਾ ਕਰ ਰਹੇ ਹਾਂ ਪਰ ਹੈਰਾਨੀ ਵਾਲੀ ਗੱਲ ਹੈ ਕਿ ਕਈ ਵਾਰ ਫਰਿਆਦਾਂ ਕਰਨ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਨੂੰ ਸਾਡੇ 'ਤੇ ਤਰਸ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਫੈਸਲੇ ਮੁਤਾਬਕ ਪ੍ਰਧਾਨ ਆਪਣੇ ਅਧਿਕਾਰਾਂ ਦੀ ਵਰਤੋਂ ਕਰ ਕੇ 10 ਹਜ਼ਾਰ ਰੁਪਏ ਤੱਕ ਤਨਖਾਹ 'ਤੇ ਮੁਲਾਜ਼ਮ ਰੱਖ ਸਕਦਾ ਹੈ ਤੇ ਸਾਡੇ 'ਚੋਂ ਤਾਂ ਕਿਸੇ ਵੀ ਮੁਲਾਜ਼ਮ ਦੀ 7-8 ਹਜ਼ਾਰ ਰੁਪਏ ਤੋਂ ਵੱਧ ਤਨਖਾਹ ਹੀ ਨਹੀਂ ਹੈ, ਫਿਰ ਅਸੀਂ ਨਿਯਮਾਂ ਤੋਂ ਉਲਟ ਕਿਵੇਂ ਹੋ ਗਏ।
ਉਨ੍ਹਾਂ ਕਿਹਾ ਕਿ ਅਸੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਅਪੀਲ ਕਰਦੇ ਹਾਂ ਕਿ 10 ਹਜ਼ਾਰ ਰੁਪਏ ਤੱਕ ਤਨਖਾਹ 'ਤੇ ਰੱਖੇ ਗਏ ਮੁਲਾਜ਼ਮਾਂ ਨੂੰ ਬਿਨਾਂ ਦੇਰੀ ਨੌਕਰੀ 'ਤੇ ਬਹਾਲ ਕਰਨ ਦਾ ਐਲਾਨ ਕੀਤਾ ਜਾਵੇ ਕਿਉਂਕਿ ਇਨ੍ਹਾਂ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਹਾਲਤ ਬਹੁਤ ਹੀ ਤਰਸਯੋਗ ਬਣੀ ਹੋਈ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਪ੍ਰਧਾਨ ਨਾਲ ਮੀਟਿੰਗ ਦਾ ਦਿੱਤਾ ਭਰੋਸਾ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਨੇ ਧਰਨੇ 'ਤੇ ਬੈਠੇ ਫਾਰਗ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਉਨ੍ਹਾਂ ਦੀ ਜਲਦ ਮੀਟਿੰਗ ਕਰਵਾ ਕੇ ਮਸਲਾ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੇ ਭਰੋਸੇ ਤੋਂ ਬਾਅਦ ਫਾਰਗ ਮੁਲਾਜ਼ਮਾਂ ਨੇ ਧਰਨਾ ਤਾਂ ਸਮਾਪਤ ਕਰ ਦਿੱਤਾ ਪਰ ਨਾਲ ਹੀ ਐਲਾਨ ਵੀ ਕੀਤਾ ਕਿ ਜੇਕਰ 4 ਸਤੰਬਰ ਤੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੀਟਿੰਗ ਕਰ ਕੇ ਸਾਨੂੰ ਨੌਕਰੀ 'ਤੇ ਬਹਾਲ ਨਾ ਕੀਤਾ ਤਾਂ 5 ਸਤੰਬਰ ਤੋਂ ਅਸੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੱਗੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠ ਜਾਵਾਂਗੇ, ਜਿਸ ਤੋਂ ਬਾਅਦ ਪੈਦਾ ਹੋਣ ਵਾਲੀ ਹਰ ਤਰ੍ਹਾਂ ਦੀ ਸਥਿਤੀ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਹੀ ਜ਼ਿੰਮੇਵਾਰ ਹੋਵੇਗਾ।
ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ’ਚ ਵਿਦਿਆਰਥੀ ਨਾਮਜ਼ਦ
NEXT STORY