ਕੋਟਕਪੂਰਾ(ਨਰਿੰਦਰ)-ਯੂਨਾਈਟਿਡ ਅਕਾਲੀ ਦਲ ਵੱਲੋਂ ਇਕ ਮੀਟਿੰਗ ਦੌਰਾਨ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਨਾ ਫ਼ੜਨ ਅਤੇ ਬਹਿਬਲ ਕਲਾਂ 'ਚ ਮਾਰੇ ਗਏ ਦੋ ਸਿੰਘਾਂ ਦੇ ਕਾਤਲਾਂ ਨੂੰ ਸਜ਼ਾਵਾਂ ਨਾ ਦੇਣ ਦੇ ਰੋਸ ਵਜੋਂ 14 ਅਗਸਤ ਨੂੰ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਕ 'ਚ ਦੁਪਹਿਰ 1 ਤੋਂ 4 ਵਜੇ ਤੱਕ ਸ਼ਾਂਤਮਈ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ।
ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਜਨਰਲ ਗੁਰਦੀਪ ਸਿੰਘ ਨੇ ਦੱਸਿਆ ਕਿ ਬਰਗਾੜੀ ਵਿਖੇ ਸ਼ਾਂਤਮਈ ਧਰਨਾ ਦਿੰਦੇ ਦੋ ਸਿੰਘਾਂ ਨੂੰ ਪੁਲਸ ਨੇ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਪਰ ਹਾਲੇ ਤੱਕ ਉਨ੍ਹਾਂ ਦੇ ਕਾਤਲਾਂ ਨੂੰ ਕੋਈ ਸਜ਼ਾ ਨਹੀਂ ਦਿੱਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬੀੜ ਚੋਰੀ ਕਰਨ ਵਾਲੇ ਦੋਸ਼ੀ ਹਾਲੇ ਤੱਕ ਵੀ ਫੜੇ ਨਹੀਂ ਗਏ ਅਤੇ ਕੋਟਕਪੂਰਾ ਚੌਕ 'ਚ ਸ਼ਰੇਆਮ ਗੋਲੀਆਂ ਚਲਾਉਣ ਵਾਲੇ ਪੁਲਸ ਕਰਮੀਆਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਗੋਲੀਆਂ ਚਲਾਉਣ ਦਾ ਹੁਕਮ ਦੇਣ ਵਾਲੇ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਕੋਈ ਸਜ਼ਾ ਨਾ ਦੇਣਾ, ਇਹ ਸਿੱਧ ਕਰਦਾ ਹੈ ਕਿ ਦੋਸ਼ੀਆਂ ਨੂੰ ਉਸ ਸਮੇਂ ਦੀ ਅਕਾਲੀ-ਭਾਜਪਾ ਸਰਕਾਰ ਦੀ ਸਰਪ੍ਰਸਤੀ ਹਾਸਲ ਸੀ।
ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਕਰੀਬ 10 ਲੱਖ ਪੰਜਾਬੀਆਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ ਪਰ ਉਨ੍ਹਾਂ ਕੁਰਬਾਨੀਆਂ ਦਾ ਕੋਈ ਮੁੱਲ ਨਹੀਂ ਪਿਆ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਗੋਲੀ ਕਾਂਡ ਅਤੇ ਪਵਿੱਤਰ ਬੀੜ ਚੋਰੀ ਕਰਨ ਵਾਲਿਆਂ ਨੂੰ ਸਰਕਾਰ ਬਣਨ 'ਤੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇਗਾ ਪਰ ਹਾਲੇ ਤੱਕ ਅਜਿਹਾ ਅਮਲੀ ਰੂਪ 'ਚ ਕੁਝ ਨਹੀਂ ਕੀਤਾ ਗਿਆ, ਜਿਸ ਕਾਰਨ ਪੰਜਾਬੀਆਂ 'ਚ ਰੋਸ ਪਾਇਆ ਜਾ ਰਿਹਾ ਹੈ।
ਜਥੇਦਾਰ ਗੁਰਦੀਪ ਸਿੰਘ ਨੇ ਕਿਹਾ ਕਿ ਧਰਨਾ ਬਿਲਕੁੱਲ ਸ਼ਾਂਤਮਈ ਹੋਵੇਗਾ, ਆਵਾਜਾਈ 'ਚ ਕੋਈ ਵਿਘਨ ਨਹੀਂ ਪਾਵਾਂਗੇ ਅਤੇ ਕਿਸੇ ਦੇ ਵੀ ਕਾਰੋਬਾਰ ਨੂੰ ਠੱਪ ਨਹੀਂ ਕਰਾਂਗੇ। ਅੰਤ 'ਚ ਉਨ੍ਹਾਂ ਕਿਹਾ ਕਿ ਜੇਕਰ ਪੰਜਾਬੀਆਂ ਦੀਆਂ ਉਪਰੋਕਤ ਮੰਗਾਂ ਨਾ ਮੰਨੀਆਂ ਗਈਆਂ ਤਾਂ ਰੋਸ ਮਾਰਚ ਤੇ ਧਰਨੇ ਜਾਰੀ ਰਹਿਣਗੇ।
ਇਸ ਸਮੇਂ ਜ਼ਿਲਾ ਪ੍ਰਧਾਨ ਭਾਈ ਕੁਲਵਿੰਦਰ ਸਿੰਘ ਡੱਗੋ ਰੋਮਾਣਾ, ਜ਼ਿਲਾ ਬਠਿੰਡਾ ਦੇ ਪ੍ਰਧਾਨ ਮੇਜਰ ਸਿੰਘ ਮਲੂਕਾ, ਗੁਰਸੇਵਕ ਸਿੰਘ ਭਾਣਾ, ਸੁਖਰਾਜ ਸਿੰਘ ਨਿਆਮੀਵਾਲਾ, ਗੁਰਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਹਰੀਏਵਾਲਾ ਹਾਜ਼ਰ ਸਨ।
ਵਿਆਹ ਦੇ ਦੋ ਮਹੀਨੇ ਬਾਅਦ ਹੀ ਸਹੁਰੇ ਪਰਿਵਾਰ ਨੇ ਦਿਖਾਏ ਅਜਿਹੇ ਰੰਗ ਕਿ ਦੇਖ ਹਰ ਕੋਈ ਰਹਿ ਗਿਆ ਦੰਗ
NEXT STORY