ਗੁਰਦਾਸਪੁਰ (ਵਿਨੋਦ)-ਬਾਰਡਰ ਰੇਂਜ ਅੰਮ੍ਰਿਤਸਰ ਦੇ ਡੀ. ਆਈ. ਜੀ. ਰਾਕੇਸ਼ ਕੌਸ਼ਲ ਨੇ ਅੱਜ ਐੱਸ. ਐੱਸ. ਪੀ. ਦਫ਼ਤਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਪੁਲਸ ਦੇ ਅਧਿਕਾਰੀਆਂ, ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਸਮਾਜ ਸੇਵੀ ਸੰਸਥਾਵਾਂ ਅਤੇ ਮੋਹਤਬਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਕੋਲੋਂ ਨਸ਼ਿਆਂ ਵਿਰੁੱਧ ਲੜੀ ਜਾ ਰਹੀ ਲੜਾਈ ’ਚ ਸਹਿਯੋਗ ਮੰਗਿਆ। ਇਸ ਮੀਟਿੰਗ ’ਚ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐੱਸ. ਐੱਸ. ਪੀ. ਹਰੀਸ਼ ਦਾਯਮਾ ਤੋਂ ਇਲਾਵਾ ਹੋਰ ਪੁਲਸ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀ. ਆਈ. ਜੀ. ਬਾਰਡਰ ਰੇਂਜ ਰਾਕੇਸ਼ ਕੌਸ਼ਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਪੰਜਾਬ ਪੁਲਸ ਸੂਬੇ ’ਚੋਂ ਨਸ਼ੇ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਫ਼ੈਸਲਾਕੁਨ ਲੜਾਈ ਸ਼ੁਰੂ ਕੀਤੀ ਗਈ ਹੈ, ਜਿਸ ’ਚ ਸਮਾਜ ਦੇ ਹਰ ਵਰਗ ਦਾ ਸਾਥ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਬਾਰਡਰ ਰੇਂਜ ’ਚ ਬੀਤੇ ਇਕ ਸਾਲ ’ਚ ਨਸ਼ਾ ਸਮੱਗਲਰਾਂ ਦੀ 30 ਕਰੋੜ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲੇ ’ਚ ਪੁਲਸ ਵੱਲੋਂ ਕੋਈ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਜੇਲ੍ਹ ਅੰਦਰ ਡੱਕਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਆਸਟ੍ਰੇਲੀਆ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 2 ਧੀਆਂ ਦਾ ਪਿਓ ਸੀ ਨੌਜਵਾਨ
ਡੀ. ਆਈ. ਜੀ. ਨੇ ਕਿਹਾ ਕਿ ਸਰਹੱਦ ਪਾਰੋਂ ਡਰੋਨ ਰਾਹੀਂ ਹੁੰਦੀ ਨਸ਼ੇ ਦੀ ਸਮੱਗਲਿੰਗ ਨੂੰ ਰੋਕਣ ਲਈ ਵੀ ਪੁਲਸ ਵੱਲੋਂ ਬੀ. ਐੱਸ. ਐੱਫ. ਨਾਲ ਮਿਲ ਕੇ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਡਰੋਨ ਗਤੀਵਿਧੀਆਂ ਉੱਪਰ ਵੀ ਆਪਣੀ ਨਜ਼ਰ ਰੱਖਣ ਅਤੇ ਕੋਈ ਵੀ ਸੂਚਨਾ ਤੁਰੰਤ ਪੰਜਾਬ ਪੁਲਸ ਨੂੰ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਨਸ਼ੇ ਦੀ ਖੇਪ ਫੜਾਉਣ ਵਾਲੇ ਵਿਅਕਤੀ ਨੂੰ ਵਿਸ਼ੇਸ਼ ਇਨਾਮ ਵੀ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਪੁਲਸ ਦੀਆਂ ਅੱਖਾਂ, ਨੱਕ ਅਤੇ ਕੰਨ ਬਣਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਨਸ਼ੇ ਸਬੰਧੀ ਆਈ ਸੂਚਨਾ ਉੱਪਰ ਤੁਰੰਤ ਕਾਰਵਾਈ ਕਰਨ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ-ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪੁਲਸ ਅਧਿਕਾਰੀ ਜਾਂ ਕਰਮਚਾਰੀ ਦੀ ਨਸ਼ੇ ਦੇ ਕੇਸਾਂ ਸਬੰਧੀ ਕਾਰਗੁਜ਼ਾਰੀ ਢਿੱਲੀ ਪਾਈ ਗਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਵੀ ਪੰਜਾਬੀ ਪੂਰੇ ਜਜ਼ਬੇ ਤੇ ਜੋਸ਼ ਨਾਲ ਸਰਕਾਰ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ੇ ਦੀ ਗ੍ਰਿਫ਼ਤ ’ਚ ਆਏ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ, ਉਥੇ ਇਨ੍ਹਾਂ ਨੌਜਵਾਨਾਂ ਦੇ ਪੁਨਰਵਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਬਚਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਏਗਾ।
ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ
ਇਸ ਮੌਕੇ ਐੱਸ. ਐੱਸ. ਪੀ. ਗੁਰਦਾਸਪੁਰ ਹਰੀਸ਼ ਦਾਯਮਾ ਨੇ ਕਿਹਾ ਕਿ ਗੁਰਦਾਸਪੁਰ ਪੁਲਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਪਿਛਲੇ ਇੱਕ ਸਾਲ ਤੋਂ ''ਮਿਸ਼ਨ ਨਿਸ਼ਚੇ'' ਚਲਾਇਆ ਜਾ ਰਿਹਾ ਹੈ ਜਿਸ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਜਲਦੀ ਹੀ ਮਿਸ਼ਨ ਨਿਸ਼ਚੇ ਤਹਿਤ ਸਰਹੱਦੀ ਪਿੰਡਾਂ ’ਚ ਫਿਰ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਸ ਵੱਲੋਂ ਨਸ਼ਿਆਂ ਦੀ ਸੂਚਨਾ ਦੇਣ ਲਈ ਇਕ ਹੈਲਪ ਲਾਈਨ ਨੰਬਰ 78145-45950 ਚਲਾਇਆ ਜਾ ਰਿਹਾ ਹੈ, ਜਿਸ ਉੱਪਰ ਕੋਈ ਵੀ ਵਿਅਕਤੀ ਸੂਚਨਾ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਇਸ ਤੋਂ ਪਹਿਲਾਂ ਮੀਟਿੰਗ ’ਚ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਜਿਨ੍ਹਾਂ ’ਚ ਰੋਮੇਸ਼ ਮਹਾਜਨ, ਡਾ. ਪੰਨੂ, ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਮੋਹਤਬਰਾਂ ਨੇ ਨਸ਼ਿਆਂ ਦੇ ਖ਼ਾਤਮੇ ਲਈ ਆਪਣੇ ਕੀਮਤੀ ਸੁਝਾਅ ਅਤੇ ਫੀਡਬੈਕ ਦਿੱਤੀ, ਨਾਲ ਹੀ ਸਾਰਿਆਂ ਨੇ ਇਹ ਭਰੋਸਾ ਦਿਵਾਇਆ ਕਿ ਉਹ ਨਸ਼ਿਆਂ ਵਿਰੁੱਧ ਲੜਾਈ ’ਚ ਪੁਲਸ ਅਤੇ ਜ਼ਿਲਾ ਪ੍ਰਸ਼ਾਸਨ ਦਾ ਹਰ ਤਰ੍ਹਾਂ ਨਾਲ ਸਾਥ ਦੇਣਗੇ। ਇਸ ਮੌਕੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੇ ਵੀ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਪੰਜਾਬ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਗੁਰਸਿੱਖ ਨੌਜਵਾਨ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਪੀਕਰ ਕੁਲਤਾਰ ਸੰਧਵਾਂ ਦੀ ਆਵਾਜ਼ 'ਚ ਕੀਤਾ ਫੋਨ, ਮੰਗੇ 27 ਹਜ਼ਾਰ, ਅਖ਼ੀਰ ਪੁਲਸ ਨੇ ਇੰਝ ਚੁੱਕਿਆ
NEXT STORY