ਫਤਿਹਗੜ੍ਹ ਸਾਹਿਬ(ਜਗਦੇਵ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੇਅਦਬੀਆਂ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤੇ ਅਜਿਹੇ ਕੇਸਾਂ ਵਿਚ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਵਿਦਿਆਰਥੀਆਂ ਦੇ ਸਾਲਾਨਾ ਡਿਗਰੀ ਵੰਡ ਸਮਾਗਮ ਦੀ ਪ੍ਰਧਾਨਗੀ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਸ੍ਰੀ ਰਕਾਬਸਰ ਸਾਹਿਬ ਵਿਖੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਦੇ ਮਾਮਲੇ ਵਿਚ ਦੋ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ। ਰਿਪੋਰਟ ਆਉਣ 'ਤੇ ਸਬੰਧਤ ਹੋਰਨਾਂ 'ਤੇ ਵੀ ਸਖਤ ਕਾਰਵਾਈ ਹੋਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਵਸ ਮਨਾਉਣ ਜਾ ਰਹੀ ਹੈ ਤੇ ਸਰਕਾਰ ਵਲੋਂ ਐੱਸ. ਜੀ. ਪੀ. ਸੀ. ਨੂੰ ਸੱਦਾ ਨਹੀਂ ਦਿਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਕੁੱਲ ਮਨੁੱਖਤਾ ਦੇ ਸਾਂਝੇ ਰਹਿਬਰ ਹਨ, ਜੇਕਰ ਸ਼੍ਰੋਮਣੀ ਕਮੇਟੀ ਨੂੰ ਸਮਾਗਮ ਦਾ ਸੱਦਾ ਮਿਲਦਾ ਹੈ ਤਾਂ ਜਰੂਰ ਸ਼ਿਰਕਤ ਕੀਤੀ ਜਾਵੇਗੀ ।
ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵਲੋਂ ਐੱਸ. ਜੀ. ਪੀ. ਸੀ. ਵਲੋਂ ਲੰਗਰਾਂ ਨੂੰ ਜੀ. ਐੱਸ. ਟੀ. ਤੋਂ ਮੁਕਤ ਕਰਾਉਣ 'ਤੇ ਫੇਲ ਸਾਬਤ ਹੋਣ ਸਬੰਧੀ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਬਾਰੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਕੇਂਦਰ ਸਰਕਾਰ ਦੇ ਗ੍ਰਹਿ ਮੰਤਰੀ ਨੂੰ ਮਿਲਣ ਜਾ ਰਹੀ ਹੈ, ਜਿਨ੍ਹਾਂ ਤੋਂ ਗੁਰੂ ਘਰਾਂ 'ਚ ਚਲਾਏ ਜਾ ਰਹੇ ਲੰਗਰਾਂ ਨੂੰ ਜੀ. ਐੱਸ. ਟੀ. ਤੋਂ ਮੁਕਤ ਕਰਨ ਦੀ ਜ਼ੋਰਦਾਰ ਮੰਗ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵਲੋਂ ਕਈ ਵਾਰ ਚਿੱਠੀ ਪੱਤਰ ਲਿਖ ਕੇ ਲੰਗਰਾਂ ਤੋਂ ਜੀ. ਐੱਸ. ਟੀ. ਹਟਾਉਣ ਦੀ ਮੰਗ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਹੀ ਮਨੁੱਖਤਾ 'ਤੇ ਆਈ ਕਿਸੇ ਵੀ ਤ੍ਰਾਸਦੀ ਵੇਲੇ ਪ੍ਰਭਾਵਿਤ ਇਲਾਕਿਆਂ 'ਚ ਗੁਰੂ ਕੇ ਲੰਗਰਾਂ ਸਮੇਤ ਹੋਰ ਹਰ ਤਰ੍ਹਾਂ ਦੇ ਸੰਭਵ ਯਤਨ ਕੀਤੇ ਹਨ।
ਇਕ ਨਿੱਜੀ ਟੀ. ਵੀ. ਚੈਨਲ ਬਾਰੇ ਉਨ੍ਹਾਂ ਕਿਹਾ ਕਿ ਟੀ.ਵੀ. ਚੈਨਲ ਹਮੇਸ਼ਾ ਆਪਣੇ ਸ਼ੋਅ ਵਿਚ ਸ਼੍ਰੋਮਣੀ ਕਮੇਟੀ ਨੂੰ ਨਿੰਦਦਾ ਆ ਰਿਹਾ ਹੈ, ਜਿਸ ਨਾਲ ਕਮੇਟੀ ਦੇ ਅਕਸ ਨੂੰ ਜਾਣਬੁਝ ਕੇ ਖਰਾਬ ਕੀਤਾ ਜਾ ਰਿਹਾ ਹੈ, ਜਦੋਂਕਿ ਸ਼੍ਰੋਮਣੀ ਕਮੇਟੀ ਦੇ ਕਿਸੇ ਧਾਰਮਿਕ ਕਾਰਜ ਨੂੰ ਪ੍ਰਮੁੱਖਤਾ ਨਹੀਂ ਦਿੱਤੀ ਜਾਂਦੀ, ਇਸੇ ਕਰ ਕੇ ਸ਼੍ਰੋਮਣੀ ਕਮੇਟੀ ਇਸ ਟੀ. ਵੀ. ਚੈਨਲ ਖਿਲਾਫ ਐਕਸ਼ਨ ਲਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਮਹੇਸ਼ਇੰਦਰ ਸਿੰਘ ਗਰੇਵਾਲ, ਅਮਰਜੀਤ ਸਿੰਘ ਦੁੱਲਟ, ਟਰੱਸਟ ਮੈਂਬਰ ਸਕੱਤਰ ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਰਵਿੰਦਰ ਸਿੰਘ ਖਾਲਸਾ, ਅਵਤਾਰ ਸਿੰਘ, ਕਾਲਜ ਪ੍ਰਿੰਸੀਪਲ ਡਾ. ਗੁਰਚਰਨ ਸਿੰਘ ਲਾਂਬਾ, ਪੀ. ਏ. ਦਰਸ਼ਨ ਸਿੰਘ, ਡਾ. ਲਖਵੀਰ ਸਿੰਘ ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਜਗੀਰ ਸਿੰਘ ਵੀ ਹਾਜ਼ਰ ਸਨ।
ਬਠਿੰਡਾ 'ਚ ਇਕ ਹੀ ਦਿਨ 'ਚ 5 ਵਿਅਕਤੀਆਂ ਨੇ ਕੀਤੀ ਖੁਦਕੁਸ਼ੀ
NEXT STORY