ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਮਵੀਰ ਨੇ ਅਗਾਮੀ 14 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ-2022 ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਹਦਾਇਤਾਂ ਤੋਂ ਜਾਣੂ ਕਰਵਾਉਣ ਲਈ ਪੱਤਰਕਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਚੋਣਾਂ ਦਾ ਸਮੁੱਚਾ ਕੰਮ ਪੂਰੇ ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਇਆ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਮਾਂ ਸਾਰਣੀ ਦੇ ਐਲਾਨ ਤੋਂ ਬਾਅਦ ਹੀ ਜ਼ਿਲ੍ਹਾ ਸੰਗਰੂਰ ਅੰਦਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ 15 ਜਨਵਰੀ 2022 ਤੱਕ ਕਿਸੇ ਵੀ ਉਮੀਦਵਾਰ, ਰਾਜਨੀਤਕ ਪਾਰਟੀ ਅਤੇ ਚੋਣਾਂ ਨਾਲ ਸਬੰਧਤ ਕਿਸੇ ਤਰ੍ਹਾਂ ਦੀ ਚੋਣ ਰੈਲੀ, ਰੋਡ ਸ਼ੋਅ, ਪੈਦਲ ਯਾਤਰਾ, ਸਾਈਕਲ ਜਾਂ ਹੋਰ ਵਾਹਨਾਂ ਰਾਹੀਂ ਯਾਤਰਾ ਕਰਨ ਅਤੇ ਨੁੱਕੜ ਮੀਟਿੰਗਾਂ ਜਾਂ ਸਭਾ ਕਰਨ ਦੀ ਇਜਾਜ਼ਤ ਨਹੀਂ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਹਿੱਤ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਵਿੱਚ ਪੂਰੀ ਚੌਕਸੀ ਰੱਖਣ ਲਈ ਪਹਿਲਾਂ ਹੀ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ ਅਤੇ ਸਮੁੱਚੇ ਚੋਣ ਅਮਲ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਮੂਹ ਰਾਜਸੀ ਪਾਰਟੀਆਂ ਅਤੇ ਆਮ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ 21 ਜਨਵਰੀ ਤੋਂ 28 ਜਨਵਰੀ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 29 ਜਨਵਰੀ ਨੂੰ ਹੋਵੇਗੀ ਅਤੇ ਕਾਗਜ਼ ਵਾਪਸ ਲੈਣ ਦੀ ਅੰਤਿਮ ਤਾਰੀਖ 31 ਜਨਵਰੀ ਹੈ।
ਉਨ੍ਹਾਂ ਦੱਸਿਆ ਕਿ ਮਤਦਾਨ 14 ਫਰਵਰੀ ਨੂੰ ਹੋਵੇਗਾ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੌਰਾਨ 9 ਲੱਖ 1 ਹਜ਼ਾਰ 220 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ ਜਿਨ੍ਹਾਂ ਵਿੱਚ 4 ਲੱਖ 77 ਹਜ਼ਾਰ 165 ਪੁਰਸ਼, 4 ਲੱਖ 24 ਹਜ਼ਾਰ 32 ਮਹਿਲਾ ਅਤੇ 23 ਟਰਾਂਸਜੈਂਡਰ ਵੋਟਰ ਸ਼ਾਮਲ ਹੋਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 80 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ, ਪਰਸਨ ਵਿਦ ਡਿਸਏਬਲਟੀ (ਦਿਵਿਆਂਗ ਵੋਟਰਾਂ), ਕੋਵਿਡ ਪਾਜ਼ੀਟਿਵ ਅਤੇ ਚੋਣ ਪ੍ਰਕਿਰਿਆ ਵਿੱਚ ਤਾਇਨਾਤ ਅਮਲੇ ਲਈ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦਾ ਅਧਿਕਾਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀ ਤਰਫੋਂ ਉਮੀਦਵਾਰ ਦੀ ਵਿੱਤੀ ਖਰਚ ਸੀਮਾ 40 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ ਅਤੇ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚਿਆਂ ’ਤੇ ਤਿੱਖੀ ਨਜ਼ਰ ਰੱਖਣ ਲਈ ਟੀਮਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਚੋਣ ਪ੍ਰਕਿਰਿਆ ਦੌਰਾਨ ਕੋਵਿਡ ਨਿਯਮਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ ਗਏ ਹਨ ਅਤੇ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨ ਲੋਕੇਸ਼ਨ 593 ਹਨ ਜਦਕਿ ਪੋਲਿੰਗ ਸਟੇਸ਼ਨ 1006 ਬਣਾਏ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਡਿਫੇਸਮੈਂਟ ਆਫ਼ ਪ੍ਰਾਪਰਟੀ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਦਿਆਂ 24 ਘੰਟਿਆਂ ਦੇ ਅੰਦਰ-ਅੰਦਰ ਸਰਕਾਰੀ ਇਮਾਰਤਾਂ ਤੋਂ ਅਤੇ 48 ਘੰਟਿਆਂ ਦੇ ਅੰਦਰ-ਅੰਦਰ ਜਨਤਕ ਸਥਾਨਾਂ ਤੋਂ ਹਰ ਪ੍ਰਕਾਰ ਦੇ ਸਿਆਸੀ ਇਸ਼ਤਿਹਾਰਾਂ ਨੂੰ ਉਤਾਰਨ ਦੇ ਆਦੇਸ਼ ਦਿੱਤੇ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਚੋਣ ਕਮਿਸ਼ਨ ਦੀ ਤਰਫੋਂ ਸੁਵਿਧਾ ਐਪ, ਸੀ ਵਿਜ਼ਿਲ, ਪੀ.ਡਬਲਿਊ.ਡੀ ਐਪ ਅਤੇ ਵੋਟਰ ਹੈਲਪਲਾਈਨ ਐਪ ਲਾਂਚ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ 01672-230907 ਅਤੇ ਹਲਕਾ ਪੱਧਰ ’ਤੇ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਜਿਨ੍ਹਾਂ ’ਤੇ ਕੋਈ ਵੀ ਨਾਗਰਿਕ ਆਪਣੀ ਸ਼ਿਕਾਇਤ ਜਾਂ ਸੁਝਾਅ ਦਰਜ ਕਰਵਾ ਸਕਦਾ ਹੈ। ਇਸ ਦੇ ਨਾਲ ਹੀ ਹੈਲਪਲਾਈਨ ਨੰਬਰ 1950 ’ਤੇ ਵੀ ਕੋਈ ਸ਼ਿਕਾਇਤ ਜਾਂ ਸੁਝਾਅ ਦਰਜ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸੀ ਵਿਜਿਲ ਐਪ ਰਾਹੀਂ ਰਜਿਸਟਰ ਕੀਤੀ ਸ਼ਿਕਾਇਤ ਨੂੰ 100 ਮਿੰਟ ਵਿੱਚ ਹੱਲ ਕੀਤਾ ਜਾਵੇਗਾ ਅਤੇ ਜ਼ਿਲ੍ਹੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਅਮਨ-ਕਾਨੂੰਨ ਦੀ ਸਥਿਤੀ ਵਿੱਚ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਤੋਂ ਇਲਾਵਾ ਉਮੀਦਵਾਰਾਂ ਜਾਂ ਸਿਆਸੀ ਪਾਰਟੀਆਂ ਦੁਆਰਾ ਮੀਡੀਆ ਦੇ ਸਾਧਨਾਂ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ, ਪੇਡ ਜਾਂ ਫੇਕ ਖ਼ਬਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਸਵੀਪ ਗਤੀਵਿਧੀਆਂ ਤਹਿਤ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵੋਟਰ ਜਾਗਰੂਕਤਾ ਅਭਿਆਨ ਵੀ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਜਾਰੀ ਹੈ ਤਾਂ ਜੋ ਇਸ ਵਾਰ ਵੋਟਰ ਪ੍ਰਤੀਸ਼ਤਤਾ ਵਿੱਚ ਵਾਧਾ ਹੋ ਸਕੇ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਤਹਿਸੀਲਦਾਰ ਚੋਣਾਂ ਸ਼੍ਰੀ ਵਿਜੇ ਕੁਮਾਰ ਤੇ ਕਾਨੂੰਗੋ ਸੰਦੀਪ ਸਿੰਘ ਵੀ ਹਾਜ਼ਰ ਸਨ।
ਪੰਜਾਬ ਚੋਣਾਂ ’ਚ NRIs ਦਾ ਹੁੰਦੈ ਅਹਿਮ ਰੋਲ, ਪਾਰਟੀਆਂ ਦੀ ਰਹੇਗੀ ਵਿਸ਼ੇਸ਼ ਨਜ਼ਰ
NEXT STORY