ਹੁਸ਼ਿਆਰਪੁਰ, (ਘੁੰਮਣ)- ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉੱਜਵਲ ਨੇ ਆਵਾਜ਼ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਪਾਬੰਦੀ ਤਹਿਤ ਕੋਈ ਵੀ ਆਵਾਜ਼ ਪ੍ਰਦੂਸ਼ਣ/ਜ਼ਿਆਦਾ ਆਵਾਜ਼ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਵੀ ਤਰ੍ਹਾਂ ਦੇ ਆਵਾਜ਼ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਅਤੇ ਆਤਿਸ਼ਬਾਜ਼ੀ ਚਲਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਕਿਆਂ ਅਤੇ ਫੁਲਝੜੀਆਂ 'ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ 'ਤੇ ਪੂਰਨ ਤੌਰ 'ਤੇ ਵੀ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਗਏ ਹਾਰਨ, ਜੋ ਆਵਾਜ਼ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਿਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।
ਇਸ ਤੋਂ ਇਲਾਵਾ ਗੈਰ-ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ, ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਕ ਅਤੇ ਅਸ਼ਲੀਲ ਗੀਤ ਚਲਾਏ ਜਾਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਾ ਦਿੱਤੀ ਗਈ ਹੈ। ਸਾਇਲੈਂਸ ਜ਼ੋਨ ਜਿਵੇਂ ਕਿ ਮੰਤਰਾਲਾ, ਐਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਇਲਾਕਾ ਜਿਹੜਾ ਕਿ ਸਮਰੱਥ ਅਧਿਕਾਰੀ ਵੱਲੋਂ ਸਾਇਲੈਂਸ ਜ਼ੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਕਿਆਂ /ਲਾਊਡ ਸਪੀਕਰਾਂ/ਪ੍ਰੈਸ਼ਰ ਹਾਰਨ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਾਉਣ 'ਤੇ ਪੂਰਨ ਪਾਬੰਦੀ ਲਾਈ ਗਈ ਹੈ। ਇਸੇ ਤਰ੍ਹਾਂ ਖਾਸ ਹਾਲਾਤ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਊਡ ਸਪੀਕਰ ਅਤੇ ਅਧਿਕਾਰਿਤ ਮੈਰਿਜ ਪੈਲੇਸਾਂ ਵਿਚ ਡੀ.ਜੇ./ਆਰਕੈਸਟਰਾ, ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ) ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਉਣਗੇ। ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਮਾਣਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੱਲੋਂ ਵੀ ਕਿਸੇ ਵੀ ਥਾਂ 'ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ/ਡੀ. ਜੇ./ਸੰਗੀਤਕ ਯੰਤਰ/ਐਡਰੈੱਸ ਸਿਸਟਮ ਆਦਿ ਦੀ ਆਵਾਜ਼ ਹੱਦ ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰਡ ਹੱਦ ਨਿਸ਼ਚਿਤ ਕੀਤੀ ਗਈ ਹੈ, ਜਿਸ ਤਹਿਤ ਉਦਯੋਗਿਕ ਅਦਾਰਿਆ ਵਿਚ ਦਿਨ ਵੇਲੇ 75 ਡੀ. ਬੀ. (ਏ) ਅਤੇ ਰਾਤ ਸਮੇਂ 70 ਡੀ. ਬੀ. (ਏ), ਕਮਰਸ਼ੀਅਲ ਏਰੀਏ ਵਿਚ ਦਿਨ ਵੇਲੇ 65 ਅਤੇ ਰਾਤ ਸਮੇਂ 55, ਰਿਹਾਇਸ਼ੀ ਏਰੀਏ ਵਿਚ ਦਿਨ ਵੇਲੇ 55 ਅਤੇ ਰਾਤ ਸਮੇਂ 45 ਅਤੇ ਸਾਇਲੈਂਸ ਜ਼ੋਨ ਵਿਚ ਦਿਨ ਵੇਲੇ 50 ਡੀ. ਬੀ. (ਏ) ਅਤੇ ਰਾਤ ਸਮੇਂ 40 ਡੀ. ਬੀ. (ਏ) ਤੋਂ ਵੱਧ ਨਹੀਂ ਹੋਵੇਗੀ। ਇਸ ਪਾਬੰਦੀ ਦਾ ਦਿਨ ਵੇਲੇ ਦਾ ਸਮਾਂ ਸਵੇਰੇ 6.00 ਤੋਂ ਰਾਤ 10.00 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਹਾਲਤ ਵਿਚ ਲਾਗੂ ਨਹੀਂ ਹੋਵੇਗਾ।
ਉਕਤ ਹੁਕਮਾਂ ਤੋਂ ਇਲਾਵਾ ਜ਼ਿਲਾ ਮੈਜਿਸਟਰੇਟ ਸ਼੍ਰੀ ਵਿਪੁਲ ਉੱਜਵਲ ਵੱਲੋਂ ਜ਼ਿਲੇ ਵਿਚ ਗਰਮੀਆਂ ਨੂੰ ਸ਼ਾਮੀਂ 6 ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮੀਂ 5 ਤੋਂ ਸਵੇਰੇ 7 ਵਜੇ ਤੱਕ ਗਊ-ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਾ ਦਿੱਤੀ ਗਈ ਹੈ। ਇਸ ਹੁਕਮ ਰਾਹੀਂ ਜਿਨ੍ਹਾਂ ਲੋਕਾਂ ਨੇ ਗਊ-ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। ਇਹ ਦੋਵੇਂ ਹੁਕਮ 5 ਮਾਰਚ 2018 ਤੱਕ ਲਾਗੂ ਰਹਿਣਗੇ।
ਗਲਤ ਥਾਈਂ ਲਾਏ ਦਿਸ਼ਾ ਸੂਚਕ ਬੋਰਡ ਨੇ ਵਾਹਨ ਚਾਲਕ ਪਾਏ ਭੰਬਲਭੂਸੇ 'ਚ
NEXT STORY