ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਸੂਬੇ ਦੇ 2,93,975 ਦਿਵਿਆਂਗ ਵਿਅਕਤੀਆਂ ਨੂੰ 28 ਨਵੰਬਰ, 2022 ਤੱਕ ਯੂ. ਡੀ. ਆਈ. ਡੀ. ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਿਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂ. ਡੀ. ਆਈ. ਡੀ.) ਜਨਰੇਟ ਕੀਤੇ ਜਾਂਦੇ ਹਨ ਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ’ਤੇ ਤਿਆਰ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਯੂਡੀਆਈਡੀ ਪ੍ਰਾਜੈਕਟਰ ਤਹਿਤ ਰਾਜ ਦੇ 102 ਹਸਪਤਾਲਾਂ 'ਚ ਕੈਂਪ ਲਗਾ ਕੇ ਇਹ ਪਛਾਣ ਪੱਤਰ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੋਰਟਲ www.swavlambancard.gov.in ’ਤੇ ਪ੍ਰਾਪਤ ਹੋਈਆਂ ਅਰਜ਼ੀਆਂ ਵਿੱਚੋਂ ਯੋਗ ਦਿਵਿਆਂਗ ਵਿਅਕਤੀਆਂ ਨੂੰ 28 ਨਵੰਬਰ, 2022 ਤੱਕ 2,93,975 ਯੂ. ਡੀ. ਆਈ. ਡੀ. ਕਾਰਡ ਜਾਰੀ ਕੀਤੇ ਗਏ ਹਨ ਤੇ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜ਼ਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 11ਵਾਂ ਦਰਜਾ ਹਾਸਲ ਹੋਇਆ ਹੈ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਡਿਸਏਬਿਲਟੀ ਸੈੱਲ ਬਣਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਸਮਰਪਿਤ ਸੈੱਲ ਅਪਾਹਜ ਵਿਅਕਤੀਆਂ ਲਈ ਅਪੰਗਤਾ ਸਕੀਮਾਂ ਦੇ ਲਾਭ ਲੈਣ ਲਈ ਇੱਕ ਸਿੰਗਲ ਵਿੰਡੋ ਪਲੈਟਫਾਰਮ ਹੋਵੇਗਾ। ਉਨ੍ਹਾਂ ਸੂਬੇ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰਾਂ ਜਾਂ ਸਿਵਲ ਹਸਪਤਾਲ ਵਿਖੇ ਸੰਪਰਕ ਕਰਕੇ ਯੂ. ਡੀ. ਆਈ. ਡੀ. ਕਾਰਡ ਲਈ ਜ਼ਰੂਰ ਅਪਲਾਈ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝੇ ਨਾ ਰਹਿਣ।
ਬਠਿੰਡਾ ’ਚ ਹੋਈ ਗੋਲੀਬਾਰੀ ਦੇ ਮਾਮਲੇ ’ਚ ਨਵਾਂ ਮੋੜ, ਗੈਂਗਸਟਰ ਅਰਸ਼ ਡੱਲਾ ਦਾ ਨਾਂ ਆਇਆ ਸਾਹਮਣੇ
NEXT STORY