ਮੋਗਾ (ਆਜ਼ਾਦ) : ਦੀਵਾਲੀ ਦੇ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਮੋਗਾ ਦੇ ਮੁੱਖ ਬਾਜ਼ਾਰਾਂ ਵਿਚ ਲੋਕਾਂ ਦੀ ਭਾਰੀ ਭੀੜ ਅਤੇ ਚਹਿਲ-ਪਹਿਲ ਦੇਖਣ ਨੂੰ ਮਿਲ ਰਹੀ ਹੈ। ਤਿਉਹਾਰੀ ਸੀਜ਼ਨ ਦੌਰਾਨ ਸ਼ਾਂਤੀ, ਸਦਭਾਵਨਾ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਬਣਾਈ ਰੱਖਣ ਲਈ ਮੋਗਾ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੋ ਗਿਆ ਹੈ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲੇ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਹਰ ਪੱਧਰ ’ਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਜਾਂ ਸ਼ਰਾਰਤੀ ਅਨਸਰ ਨੂੰ ਸ਼ਹਿਰ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਬਾਹਰੀ ਇਲਾਕਿਆਂ ਤੇ ਜ਼ਿਲੇ ਦੀਆਂ ਹੱਦਾਂ ’ਤੇ ਵਿਸ਼ੇਸ਼ ਨਾਕੇ ਲਗਾਏ ਗਏ ਹਨ। ਜ਼ਿਲੇ ਵਿਚ ਦਾਖ਼ਲ ਹੋਣ ਵਾਲੇ ਸਾਰੇ ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ ਅਤੇ ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਕੋਈ ਵੀ ਸਮਾਜ ਵਿਰੋਧੀ ਅਨਸਰ ਜ਼ਿਲੇ ਦੀ ਹੱਦ ਅੰਦਰ ਦਾਖ਼ਲ ਹੋ ਕੇ ਦੀਵਾਲੀ ਦੇ ਇਸ ਪਵਿੱਤਰ ਤਿਉਹਾਰ ਦੌਰਾਨ ਸ਼ਾਂਤੀ ਭੰਗ ਨਾ ਕਰ ਸਕੇ।
ਧਾਰਮਿਕ ਸਥਾਨਾਂ ’ਤੇ ਤਿੱਖੀ ਨਜ਼ਰ
ਜ਼ਿਲਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਧਾਰਮਿਕ ਸਥਾਨਾਂ ’ਤੇ ਸੁਰੱਖਿਆ ਦੇ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਅਤੇ ਉੱਥੇ ਆਉਣ-ਜਾਣ ਵਾਲੇ ਹਰੇਕ ਵਿਅਕਤੀ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਅਮਨ-ਸ਼ਾਂਤੀ ਭੰਗ ਨਾ ਕਰ ਸਕੇ।
ਸਾਦੇ ਕੱਪੜਿਆਂ ’ਚ ਪੁਲਸ ਮੁਲਾਜ਼ਮ ਤਾਇਨਾਤ
ਜ਼ਿਲਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਭੀੜ-ਭੜੱਕੇ ਵਾਲੇ ਬਾਜ਼ਾਰਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਸਾਦੇ ਕੱਪੜਿਆਂ ਵਿਚ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿਚ ਮਹਿਲਾ ਪੁਲਸ ਮੁਲਾਜ਼ਮ ਵੀ ਸ਼ਾਮਲ ਹਨ। ਨਾਕਿਆਂ ’ਤੇ ਤਾਇਨਾਤ ਸਾਰੇ ਪੁਲਸ ਮੁਲਾਜ਼ਮਾਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਚੈਕਿੰਗ ਦੌਰਾਨ ਕਿਸੇ ਵੀ ਆਮ ਨਾਗਰਿਕ ਨੂੰ ਬਿਨਾਂ ਵਜ੍ਹਾ ਤੰਗ ਜਾਂ ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਲੋਕਾਂ ਨਾਲ ਸਤਿਕਾਰ ਭਰਿਆ ਵਿਵਹਾਰ ਕੀਤਾ ਜਾਵੇ।
ਲੋਕਾਂ ਨੂੰ ਸਹਿਯੋਗ ਦੀ ਅਪੀਲ
ਜ਼ਿਲਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਨੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਡਰ-ਭੈਅ ਦੇ ਬੇਫ਼ਿਕਰ ਹੋ ਕੇ ਦੀਵਾਲੀ ਤੇ ਹੋਰ ਪਵਿੱਤਰ ਤਿਉਹਾਰ ਮਨਾਉਣ ਅਤੇ ਕਿਸੇ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਬਾਰੇ ਤੁਰੰਤ ਨਜ਼ਦੀਕੀ ਪੁਲਸ ਥਾਣੇ ਜਾਂ ਹੈਲਪਲਾਈਨ ਨੰਬਰ ’ਤੇ ਸੂਚਨਾ ਦੇਣ, ਤਾਂ ਜੋ ਸ਼ਰਾਰਤੀ ਅਨਸਰਾਂ ਅਤੇ ਅਮਨ-ਕਾਨੂੰਨ ਭੰਗ ਕਰਨ ਵਾਲਿਆਂ ਨੂੰ ਕਾਬੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਖੁਦ ਨਾਕਾਬੰਦੀਆਂ ਅਤੇ ਹੋਰ ਥਾਵਾਂ ’ਤੇ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਇਸ ਦੇ ਨਾਲ ਹੀ ਸਾਰੇ ਪੁਲਸ ਅਧਿਕਾਰੀਆਂ ਨੂੰ ਵੀ ਵੱਖ-ਵੱਖ ਥਾਵਾਂ ’ਤੇ ਤਾਇਨਾਤ ਕੀਤਾ ਗਿਆ ਹੈ।
ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦੇ DA ਵਿਚ 40% ਵਾਧਾ
NEXT STORY