ਅੰਮ੍ਰਿਤਸਰ (ਹੈਰੀ ਗਿੱਲ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਆਪਣੀ ਤੇ ਆਪਣੀ ਸਰਕਾਰ ਦੀ ਨਾਲਾਇਕੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਸਿਰ ਨਾ ਥੋਪਣ। ਇਹ ਪ੍ਰਗਟਾਵਾ ਜ਼ਿਲਾ ਅੰਮ੍ਰਿਤਸਰ ਨਾਲ ਸਬੰਧਤ ਅਕਾਲੀ ਆਗੂਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਅੰਮ੍ਰਿਤਸਰ ਦੇ ਜ਼ਿਲਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਅਕਾਲੀ ਆਗੂ ਜਥੇਦਾਰ ਰਵੇਲ ਸਿੰਘ ਉਪ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਪੰਜਾਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਬੰਡਾਲਾ ਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਜੇਬੀਰਪਾਲ ਸਿੰਘ ਰੰਧਾਵਾ ਨੇ ਮਨਪ੍ਰੀਤ ਸਿੰਘ ਬਾਦਲ ਵੱਲੋਂ ਸੁਖਬੀਰ ਬਾਦਲ ਤੇ ਮਜੀਠੀਆ ਖਿਲਾਫ ਕੀਤੀ ਬਿਆਨਬਾਜ਼ੀ 'ਤੇ ਪਲਟਵਾਰ ਕਰਦਿਆਂ ਗੱਲਬਾਤ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ 11 ਮਹੀਨਿਆਂ 'ਚ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿੱਤ ਮੰਤਰੀ ਆਪਣੇ ਕੀਤੇ ਵਾਅਦਿਆਂ ਤੋਂ ਭੱਜਣ ਦੇ ਬਹਾਨੇ ਬਣਾ ਰਹੇ ਹਨ। ਕੈਪਟਨ ਦਾ ਇਹ ਕਹਿਣਾ ਕਿ ਸਰਕਾਰ ਕਿਸਾਨਾਂ ਦੇ ਸਮੁੱਚੇ ਕਰਜ਼ੇ 'ਤੇ ਲੀਕ ਫੇਰ ਦੇਣ ਦਾ ਬੋਝ ਨਹੀਂ ਝੱਲ ਸਕਦੀ, ਤੋਂ ਸਪੱਸ਼ਟ ਹੈ ਕਿ ਕੈਪਟਨ ਕੀਤੇ ਵਾਅਦੇ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਦੀ ਕਿਸਾਨਾਂ ਪ੍ਰਤੀ ਨੀਅਤ ਸ਼ੁਰੂ ਤੋਂ ਹੀ ਖੋਟੀ ਰਹੀ ਹੈ ਕਿਉਂਕਿ ਅਕਾਲੀ ਦਲ ਦੀ ਸਰਕਾਰ ਵਿਚ ਵਿੱਤ ਮੰਤਰੀ ਹੁੰਦਿਆਂ ਮਨਪ੍ਰੀਤ ਬਾਦਲ ਨੇ ਹੀ ਕਿਸਾਨਾਂ ਨੂੰ ਦਿੱਤੀ ਜਾ ਰਹੀ ਸਬਸਿਡੀ ਖਿਲਾਫ ਮੁੱਦਾ ਚੁੱਕਿਆ ਸੀ ਤੇ ਹੁਣ ਵੀ ਉਹ ਖਜ਼ਾਨਾ ਖਾਲੀ ਹੋਣ ਦੀ ਦੁਹਾਈ ਦੇ ਕੇ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਮੁੱਕਰ ਰਹੇ ਹਨ।
ਉਕਤ ਆਗੂਆਂ ਨੇ ਵਿਅੰਗ ਕੱਸਦਿਆਂ ਕਾਂਗਰਸੀਆਂ ਨੂੰ ਸਲਾਹ ਦਿੱਤੀ ਕਿ ਉਹ ਸਰਕਾਰ ਚਲਾਉਣ ਦੀਆਂ ਕਲਾਸਾਂ ਬਾਦਲ ਕੋਲੋਂ ਲਾਉਣ ਤਾਂ ਜੋ ਉਨ੍ਹਾਂ ਨੂੰ ਕੁਝ ਤਜਰਬਾ ਹਾਸਲ ਹੋ ਸਕੇ। ਮਨਪ੍ਰੀਤ ਬਾਦਲ ਨੂੰ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਨਸੀਹਤਾਂ ਨਾ ਦੇਣ ਬਾਰੇ ਗੱਲ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਬੀਬਾ ਬਾਦਲ ਦੀਆਂ ਕੋਸ਼ਿਸ਼ਾਂ ਸਦਕਾ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਆਈ. ਆਈ. ਐੱਮਜ਼ ਤੇ ਏਮਜ਼ ਵਰਗੀਆਂ ਸੰਸਥਾਵਾਂ ਪੰਜਾਬ 'ਚ ਸਥਾਪਤ ਕਰਨ ਨੂੰ ਹਰੀ ਝੰਡੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ 11 ਮਹੀਨਿਆਂ ਦੀ ਕਾਰਗੁਜ਼ਾਰੀ ਬਿਲਕੁਲ ਜ਼ੀਰੋ ਰਹੀ ਹੈ। ਲੋਕਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਕਾਂਗਰਸ ਨੇ ਰੁਜ਼ਗਾਰ ਖੋਹਣ ਦੇ ਨਾਲ-ਨਾਲ ਬਾਦਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬੰਦ ਕਰ ਕੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ, ਜਿਸ ਦਾ ਖਮਿਆਜ਼ਾ ਕਾਂਗਰਸ ਨੂੰ ਆਗਾਮੀ ਲੋਕ ਸਭਾ ਚੋਣਾਂ 'ਚ ਭੁਗਤਣਾ ਪਵੇਗਾ।
ਲੁਟੇਰਾ ਗਿਰੋਹ ਦਾ ਪਰਦਾਫਾਸ਼, 3 ਗ੍ਰਿਫਤਾਰ
NEXT STORY