ਚੰਡੀਗੜ੍ਹ (ਅਸ਼ਵਨੀ) : ਸੂਬਾ ਵਾਸੀਆਂ ਨੂੰ ਉਨ੍ਹਾਂ ਦੇ ਮਕਾਨਾਂ ਦੇ ਮਾਲਕਾਨਾ ਹੱਕ ਦੇ ਕੇ ਸਮਰੱਥ ਬਣਾਉਣ ਵਾਲੀ ‘ਮੇਰਾ ਘਰ, ਮੇਰੇ ਨਾਮ’ ਸਕੀਮ ਨੂੰ ਕ੍ਰਾਂਤੀਕਾਰੀ ਕਦਮ ਦੱਸਦਿਆਂ ਪੰਜਾਬ ਦੇ ਮਾਲ, ਮੁੜ-ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਅਰੁਣਾ ਚੌਧਰੀ ਨੇ ਦੱਸਿਆ ਕਿ ਆਰੰਭਿਕ ਪੜਾਅ ’ਚ ਇਹ ਸਕੀਮ ਜ਼ਿਲ੍ਹਾ ਗੁਰਦਾਸਪੁਰ, ਰੂਪਨਗਰ ਅਤੇ ਬਠਿੰਡਾ ’ਚ ਸ਼ੁਰੂ ਕੀਤੀ ਗਈ ਹੈ। ਇਸ ਅਧੀਨ ਹੁਣ ਤੱਕ ਇਨ੍ਹਾਂ ਤਿੰਨ ਜ਼ਿਲ੍ਹਿਆਂ ਦੇ 447 ਪਿੰਡਾਂ ਦਾ ਡਰੋਨ ਸਰਵੇਖਣ ਮੁਕੰਮਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਅਧੀਨ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਇਸ ਸਕੀਮ ਨੂੰ ਲਾਗੂ ਕੀਤਾ ਜਾਵੇਗਾ। ਚੌਧਰੀ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਗੁਰਦਾਸਪੁਰ ਦੇ 335 ਪਿੰਡਾਂ ’ਚ ਡਰੋਨ ਰਾਹੀਂ ਸਰਵੇਖਣ ਮੁਕੰਮਲ ਹੋ ਚੁੱਕਾ ਹੈ ਅਤੇ 57 ਪ੍ਰਾਪਰਟੀ ਕਾਰਡ ਮਾਲਕਾਂ ਨੂੰ ਵੰਡੇ ਜਾ ਚੁੱਕੇ ਹਨ, ਜਦੋਂ ਕਿ 4846 ਪ੍ਰਾਪਰਟੀ ਕਾਰਡ ਹੋਰ ਤਿਆਰ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਰੂਪਨਗਰ ਦੀ ਤਹਿਸੀਲ ਚਮਕੌਰ ਸਾਹਿਬ ਦੇ 59 ਪਿੰਡਾਂ ਅਤੇ ਜ਼ਿਲ੍ਹਾ ਬਠਿੰਡਾ ਦੀ ਤਹਿਸੀਲ ਰਾਮਪੁਰਾ ਫੂਲ ਦੇ 53 ਪਿੰਡਾਂ ਦਾ ਡਰੋਨ ਸਰਵੇਖਣ ਹੋ ਚੁੱਕਾ ਹੈ।
ਇਹ ਵੀ ਪੜ੍ਹੋ : ਮਜੀਠੀਆ ਦੀ ਪਟੀਸ਼ਨ ਹਜ਼ਾਰਾਂ-ਕਰੋੜਾਂ ਦੇ ਡਰੱਗ ਮਾਮਲੇ ਨੂੰ ਲਟਕਾਉਣ ਦਾ ਯਤਨ : ਭਗਵੰਤ ਮਾਨ
ਚੌਧਰੀ ਨੇ ਦੱਸਿਆ ਕਿ ਇਸ ਸਕੀਮ ਅਧੀਨ ਪਿੰਡਾਂ ’ਚ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਦਾ ਮਾਲਕੀ ਰਿਕਾਰਡ ਤਿਆਰ ਕਰ ਕੇ ਮਾਲਕਾਂ ਨੂੰ ਪ੍ਰਾਪਰਟੀ ਕਾਰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਨਾਲ ਲੋਕ ਲਾਲ ਲਕੀਰ ਅੰਦਰ ਆਪਣੀਆਂ ਜਾਇਦਾਦਾਂ ਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਹਾ ਲੈ ਸਕਣਗੇ। ਇਸ ਸਕੀਮ ਅਧੀਨ ਡਰੋਨ ਰਾਹੀਂ ਸਰਵੇਖਣ ਕਰਵਾ ਕੇ ਜਾਇਦਾਦਾਂ ਦੀ ਅਸਲ ਮਾਲਕੀ ਸਹੀ ਤਰੀਕੇ ਨਾਲ ਨਿਰਧਾਰਿਤ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਕਾਲੇ ਕਾਨੂੰਨ ਰੱਦ ਹੋਣ ‘ਤੇ ਬਾਬਾ ਬਕਾਲਾ ਸਾਹਿਬ ’ਚ ਖੁਸ਼ੀ ਦਾ ਮਾਹੌਲ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਖੇਤੀ ਕਾਨੂੰਨ ਵਾਪਸ ਲੈਣ ਵਾਲੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਜਥੇਦਾਰ ਵਲੋਂ ਸਵਾਗਤ
NEXT STORY