ਮਾਨਸਾ (ਸੰਦੀਪ ਮਿੱਤਲ) - ਨਸ਼ੇ ਦੇ ਸੌਦਾਗਰਾਂ ਨੂੰ ਹੁਣ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨੀ ਵੀ ਸਿਆਸੀ ਜਾਂ ਸਮਾਜਿਕ ਪਹੁੰਚ ਕਿਉਂ ਨਾ ਰੱਖਦੇ ਹੋਣ। ਇਨ੍ਹਾਂ ਸਖ਼ਤ ਸ਼ਬਦਾਂ ਵਿੱਚ ਜ਼ਿਲ੍ਹਾ ਪੁਲਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮਾਨਸਾ ਪੁਲਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੂਰੀ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਐਸ.ਐਸ.ਪੀ ਮੀਨਾ ਨੇ ਦੱਸਿਆ ਕਿ ਨਸ਼ਿਆਂ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਤਬਾਹ ਹੋ ਰਿਹਾ ਹੈ, ਜਿਸ ਨੂੰ ਬਚਾਉਣ ਲਈ ਪੁਲਸ ਪ੍ਰਸ਼ਾਸਨ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਵੱਡੇ ਪੱਧਰ ’ਤੇ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਸ਼ੱਕੀ ਇਲਾਕਿਆਂ, ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਮਿਲੀ ਹਰ ਇਕ ਗੁਪਤ ਸੂਚਨਾ ’ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਨਸ਼ਾ ਵੇਚਣ, ਸਪਲਾਈ ਕਰਨ ਜਾਂ ਇਸ ਕਾਰੋਬਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ ਪੁਲਸ ਦੀ ਪ੍ਰਾਥਮਿਕਤਾ ਹੈ।
ਐਸ.ਐਸ.ਪੀ ਮੀਨਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਸਮਾਜ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਆਪਣੇ ਇਲਾਕੇ ਵਿੱਚ ਨਸ਼ਾ ਵੇਚਣ ਜਾਂ ਨਸ਼ਿਆਂ ਨਾਲ ਸਬੰਧਿਤ ਕੋਈ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਸ ਨੂੰ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੁਲਸ ਸਿਰਫ਼ ਕਾਰਵਾਈ ਤੱਕ ਸੀਮਤ ਨਹੀਂ ਰਹੀ, ਸਗੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਕੂਲਾਂ, ਕਾਲਜਾਂ ਅਤੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ। ਨੌਜਵਾਨਾਂ ਨੂੰ ਖੇਡਾਂ ਅਤੇ ਸਕਾਰਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿਣ। ਆਖ਼ੀਰ ਵਿੱਚ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਨੇ ਦ੍ਰਿੜ੍ਹਤਾ ਨਾਲ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ। ਪੁਲਸ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।
'ਪੰਜਾਬ ਕੇਸਰੀ' ਵਿਰੁੱਧ ਕਾਰਵਾਈ 'ਤੇ ਰਣਦੀਪ ਸੁਰਜੇਵਾਲਾ ਨੇ ਘੇਰੀ ਮਾਨ ਸਰਕਾਰ
NEXT STORY