ਅੰਮ੍ਰਿਤਸਰ (ਜਸ਼ਨ): ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਸਰਹੱਦ ਪਾਰ ਤੋਂ ਇੱਕ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਦੋ ਨਸ਼ਾ ਤਸਕਰਾਂ ਨੂੰ 4 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਸ ਸਬੰਧ ਵਿੱਚ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸਐੱਸਓਸੀ) ਨੇ ਪੁਲਸ ਸਟੇਸ਼ਨ ਅੰਮ੍ਰਿਤਸਰ ਵਿਖੇ ਐੱਨਡੀਪੀਐੱਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਕੇਸ ਦਰਜ ਕੀਤਾ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ਼ ਟੋਨੀ, ਵਾਸੀ ਅਟਾਰੀ, ਅੰਮ੍ਰਿਤਸਰ ਅਤੇ ਪਵਨਬੀਰ ਸਿੰਘ, ਵਾਸੀ ਪਿੰਡ ਬਾਸਰਕੇ ਭੈਣੀ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਵੱਲੋਂ ਹੈਰੋਇਨ ਦੀ ਢੋਆ-ਢੁਆਈ ਲਈ ਵਰਤਿਆ ਗਿਆ ਮੋਟਰਸਾਈਕਲ ਵੀ ਪੁਲਸ ਨੇ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਰਾਣਾ ਕਿੰਗ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ, ਜੋ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰਦਾ ਹੈ।
ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਸਰਹੱਦੀ ਖੇਤਰ ਤੋਂ ਨਸ਼ਿਆਂ ਦੀ ਇੱਕ ਵੱਡੀ ਖੇਪ ਲਿਜਾਣ ਵਾਲੇ ਕਿਸੇ ਵਿਅਕਤੀ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ। ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀਆਈ ਅੰਮ੍ਰਿਤਸਰ ਪੁਲਸ ਦੀਆਂ ਟੀਮਾਂ ਨੇ ਇੱਕ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਛੇਹਰਟਾ-ਸੰਨ ਸਾਹਿਬ ਰੋਡ 'ਤੇ ਇੱਕ ਨਿੱਜੀ ਹਸਪਤਾਲ ਦੇ ਨੇੜੇ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਛੇਹਰਟਾ ਖੇਤਰ ਵਿੱਚ ਕਿਸੇ ਹੋਰ ਵਿਅਕਤੀ ਨੂੰ ਹੈਰੋਇਨ ਸਪਲਾਈ ਕਰਨ ਜਾ ਰਹੇ ਸਨ।
ਡੀਜੀਪੀ ਨੇ ਦੱਸਿਆ ਕਿ ਪੂਰੇ ਰੈਕੇਟ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬੱਸ ਤੇ ਟਰੱਕ ਦੀ ਆਹਮੋ-ਸਾਹਮਣੇ ਦੀ ਜ਼ਬਰਦਸਤ ਟੱਕਰ, ਵਿਚਾਲੇ ਫਸ ਗਿਆ ਡਰਾਈਵਰ
NEXT STORY