ਹੁਸ਼ਿਆਰਪੁਰ/ਬੁੱਲ੍ਹੋਵਾਲ, (ਘੁੰਮਣ)- ਗੁੰਡਾ ਅਨਸਰਾਂ ਤੇ ਨਸ਼ਾ ਸਮੱਗਲਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਕਿਸੇ ਨੂੰ ਵੀ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਥਾਣਾ ਬੁੱਲ੍ਹੋਵਾਲ ਦੇ ਨਵ-ਨਿਯੁਕਤ ਐੱਸ. ਐੱਚ. ਓ. ਬਲਜੀਤ ਸਿੰਘ ਨੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲਾ ਪੁਲਸ ਮੁਖੀ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਚ ਜੋ ਲੋਕ ਦਹਿਸ਼ਤ ਦਾ ਮਾਹੌਲ ਬਣਾਉਂਦੇ ਹਨ, ਉਨ੍ਹਾਂ ਖਿਲਾਫ਼ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਛੇੜੀ ਗਈ ਮੁਹਿੰਮ ਤਹਿਤ ਸਮਾਜ ਵਿਰੋਧੀ ਅਨਸਰਾਂ ਦੀ ਫੜੋ-ਫੜੀ ਤੇਜ਼ ਕਰ ਦਿੱਤੀ ਗਈ ਹੈ ਅਤੇ ਨਸ਼ਾ ਸਮੱਗਲਰਾਂ ਦੀ ਨਕੇਲ ਕੱਸੀ ਜਾ ਰਹੀ ਹੈ। ਜਿਹੜੇ ਲੋਕ ਨਾਜਾਇਜ਼ ਮਾਈਨਿੰਗ ਦਾ ਧੰਦਾ ਕਰਦੇ ਹਨ, ਉਨ੍ਹਾਂ ਨਾਲ ਵੀ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ। ਜਿਹੜੇ ਨੌਜਵਾਨ ਮੋਟਰਸਾਈਕਲਾਂ ਨਾਲ ਪਟਾਕੇ ਚਲਾਉਂਦੇ ਹਨ ਤੇ ਹੁੱਲੜਬਾਜ਼ੀ ਕਰਦੇ ਹਨ, ਉਨ੍ਹਾਂ ਨਾਲ ਵੀ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ ਤਾਂ ਜੋ ਹਲਕੇ ਦਾ ਮਾਹੌਲ ਖਰਾਬ ਨਾ ਹੋਵੇ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਥਾਣੇ 'ਚ ਪੂਰਾ-ਪੂਰਾ ਇਨਸਾਫ਼ ਮਿਲੇਗਾ ਤੇ ਕਿਸੇ ਨਾਲ ਵੀ ਕੋਈ ਜ਼ਿਆਦਤੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਇਲਾਕਾ ਵਾਸੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਅਮਨ-ਸ਼ਾਂਤੀ ਕਾਇਮ ਰੱਖੀ ਜਾ ਸਕੇ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨਕੇਲ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਧੰਦਾ ਕਰਨ ਵਾਲੇ ਲੋਕ ਸਾਡੀ ਨੌਜਵਾਨ ਪੀੜ੍ਹੀ ਨੂੰ ਕੁਰਾਹੇ ਪਾ ਰਹੇ ਹਨ ਤੇ ਉਨ੍ਹਾਂ ਦਾ ਭਵਿੱਖ ਧੁੰਦਲਾ ਕਰ ਰਹੇ ਹਨ, ਜਿਨ੍ਹਾਂ ਨੂੰ ਇਸ ਅਲਾਮਤ ਤੋਂ ਬਚਾਉਣਾ ਸਾਡਾ ਸਾਰਿਆਂ ਦਾ ਫਰਜ਼ ਹੈ।
ਬਜਰੰਗ ਦਲ ਦੇ ਵਿਭਾਗ ਮੁਖੀ ਦੇ ਘਰ 'ਤੇ ਹਮਲਾ
NEXT STORY