ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)- ਸ੍ਰੀ ਮੁਕਤਸਰ ਸਾਹਿਬ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਸੀ.ਆਈ.ਏ. ਸਟਾਫ਼ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ 1 ਕਿੱਲੋ 250 ਗ੍ਰਾਮ (ਸਵਾ ਕਿੱਲੋ) ਅਫ਼ੀਮ ਸਮੇਤ ਕਾਬੂ ਕੀਤਾ। ਐਸ.ਐਸ.ਪੀ. ਅਭਿਮੰਨਿਊ ਰਾਣਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸਖ਼ਤ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਐੱਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ ਅਤੇ ਡੀ.ਐੱਸ.ਪੀ. (ਡੀ) ਰਸ਼ਪਾਲ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਦੀ ਟੀਮ ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਵੜਿੰਗ ਦੇ ਟੋਲ ਪਲਾਜ਼ਾ ਕੋਲ ਮੌਜੂਦ ਸੀ। ਚੈਕਿੰਗ ਦੌਰਾਨ ਪੁਲਸ ਨੇ ਇੱਕ ਸ਼ੱਕੀ ਨੌਜਵਾਨ ਨੂੰ ਰੋਕ ਕੇ ਪੁੱਛਗਿੱਛ ਕੀਤੀ। ਨੌਜਵਾਨ ਦੀ ਪਛਾਣ ਅਮ੍ਰਿਤਪਾਲ ਸਿੰਘ ਉਰਫ਼ ਅਮ੍ਰਿਤ ਪੁੱਤਰ ਹਰਜਿੰਦਰ ਸਿੰਘ, ਵਾਸੀ ਪਿੰਡ ਗੰਡੀਵਿੰਡ (ਤਹਿਸੀਲ ਪੱਟੀ, ਜ਼ਿਲ੍ਹਾ ਤਰਨ ਤਾਰਨ) ਵਜੋਂ ਹੋਈ। ਜਦੋਂ ਕਾਨੂੰਨੀ ਪ੍ਰਕਿਰਿਆ ਤਹਿਤ ਉਸ ਦੇ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ਿਆਂ 'ਚ ਲਪੇਟੀ ਹੋਈ 1 ਕਿੱਲੋ 250 ਗ੍ਰਾਮ ਅਫ਼ੀਮ ਬਰਾਮਦ ਹੋਈ।
ਪੁਲਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਬਰੀਵਾਲਾ ਵਿਖੇ ਮੁਕੱਦਮਾ ਨੰਬਰ 100 (ਮਿਤੀ 06.07.2026) ਤਹਿਤ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 18(C), 61, 85 ਅਧੀਨ ਕੇਸ ਦਰਜ ਕਰ ਲਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਲਿਆ ਜਾਵੇਗਾ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਨਸ਼ਾ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕਰਨਾ ਸੀ।
ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਪੁਲਸ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਜਾਂ ਤਸਕਰੀ ਕਰਦਾ ਹੈ, ਤਾਂ ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦਾ ਨਾਮ ਬਿਲਕੁਲ ਗੁਪਤ ਰੱਖਿਆ ਜਾਵੇਗਾ।
ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
NEXT STORY