ਸ੍ਰੀ ਅਨੰਦਪੁਰ ਸਾਹਿਬ (ਦਲਜੀਤ, ਸ਼ਮਸ਼ੇਰ, ਅਰੋੜਾ, ਬਾਲੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ ਦਲ ਨੂੰ ਫ਼ਖਰ ਹੈ ਕਿ ਪੰਜਾਬ ਦੀ ਵਿਰਾਸਤ ਨੂੰ ਸੰਭਾਲਣ ਲਈ ਪ੍ਰਕਾਸ਼ ਸਿੰਘ ਬਾਦਲ ਨੇ 2 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਸਨ। ਇੱਥੇ ਹੋਲਾ ਮਹੱਲਾ ਦੇ ਪਵਿੱਤਰ ਮੌਕੇ ਉੱਤੇ ਇਕ ਭਾਰੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸਿਰਫ ਉਨ੍ਹਾਂ ਕੌਮਾਂ ਨੇ ਤਰੱਕੀ ਕੀਤੀ ਕਿ ਜਿਨ੍ਹਾਂ ਨੇ ਆਪਣੇ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਿਆ। ਉਨ੍ਹਾਂ ਕਿਹਾ ਕਿ ਬਾਦਲ ਸਾਹਿਬ ਨੇ ਵਿਰਾਸ-ਏ-ਖਾਲਸਾ, ਛੋਟਾ ਅਤੇ ਵੱਡਾ ਘੱਲੂਘਾਰਾ ਦੀਆਂ ਯਾਦਗਾਰਾਂ, ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਅਤੇ ਅੰਮ੍ਰਿਤਸਰ ਵਿਖੇ ਵਿਰਾਸਤੀ ਮਾਰਗ ਨੂੰ ਤਿਆਰ ਕਰਵਾਇਆ। ਉਨ੍ਹਾਂ ਕਿਹਾ ਕਿ ਅੱਜ ਸਾਡੇ ਬੱਚੇ ਆਪਣੇ ਸ਼ਾਨਦਾਰ ਅਮੀਰ ਵਿਰਸੇ ਬਾਰੇ ਜਾਣਨ ਲਈ ਇਨ੍ਹਾਂ ਯਾਦਗਾਰਾਂ ਨੂੰ ਵੇਖਣ ਆਉਂਦੇ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣਨ ਮਗਰੋਂ ਵੀ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਨਹੀਂ ਸਨ ਗਏ। ਹਾਲ ਹੀ ਵਿਚ ਜਦੋਂ ਉਨ੍ਹਾਂ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੀਟਿੰਗ ਕੀਤੀ ਸੀ, ਉਸ ਸਮੇਂ ਵੀ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਜਾਣ ਵਾਸਤੇ ਵਕਤ ਨਹੀਂ ਕੱਢਿਆ। ਕਾਂਗਰਸ ਸਰਕਾਰ ਬਾਰੇ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਦੇਣੀ ਜਾਰੀ ਰੱਖੀ ਸੀ, ਜਦਕਿ ਕਾਂਗਰਸ ਸਰਕਾਰ ਜਲਦੀ ਹੀ ਕਿਸਾਨਾਂ ਉੱਤੇ ਬਿਜਲੀ ਦੇ ਬਿੱਲ ਲਾਉਣ ਦੀ ਤਿਆਰੀ ਕਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸਾਰੀਆਂ ਲੋਕ ਭਲਾਈ ਸਕੀਮਾਂ ਨੂੰ ਬੰਦ ਕਰ ਦਿੱਤਾ ਹੈ, ਇਹ ਚਾਹੇ ਬੁਢਾਪਾ ਪੈਨਸ਼ਨ ਹੋਵੇ, ਸ਼ਗਨ ਸਕੀਮ ਹੋਵੇ ਜਾਂ ਫਿਰ ਦਲਿਤ ਵਿਦਿਆਰਥੀਆਂ ਲਈ ਵਜ਼ੀਫੇ ਹੋਣ।
ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਤਾਂ 800 ਸਕੂਲਾਂ ਨੂੰ ਵੀ ਤਾਲਾ ਜੜ ਦਿੱਤਾ ਹੈ। ਇਹ ਪੰਜਾਬ ਵਿਚ ਹੋਣ ਵਾਲਾ ਸਾਲਾਨਾ ਵਿਸ਼ਵ ਕਬੱਡੀ ਕੱਪ ਕਰਵਾਉਣ ਤੋਂ ਵੀ ਇਨਕਾਰ ਕਰ ਰਹੀ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਕਰ ਕੇ ਹੀ ਅਕਾਲੀ ਦਲ ਨੇ ਆ ਰਹੇ ਬਜਟ ਸੈਸ਼ਨ ਦੇ ਪਹਿਲੇ ਹੀ ਦਿਨ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਸੰਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸੂਬਾਈ ਵਜ਼ਾਰਤ ਨੇ ਹਾਲ ਹੀ ਵਿਚ ਫੈਸਲਾ ਕੀਤਾ ਹੈ ਕਿ ਇਹ ਸੂਬੇ ਅੰਦਰ ਗੁੰਡਾ ਟੈਕਸ ਅਤੇ ਗੈਰ-ਕਾਨੂੰਨੀ ਖਣਨ ਦੀ ਆਗਿਆ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਦਾ ਮਤਲਬ ਹੈ ਕਿ ਪਿਛਲੇ ਇਕ ਸਾਲ ਤੋਂ ਇਹ ਦੋਵੇਂ ਗਤੀਵਿਧੀਆਂ ਬੇਰੋਕ ਜਾਰੀ ਰਹੀਆਂ ਹਨ। ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕਿਸ ਤਰ੍ਹਾਂ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਮੁਕੰਮਲ ਕਰਜ਼ਾ ਮੁਆਫੀ, ਘਰ-ਘਰ ਨੌਕਰੀ ਅਤੇ ਸਮਾਜ ਭਲਾਈ ਦੇ ਲਾਭਾਂ ਵਿਚ ਵਾਧੇ ਆਦਿ ਤੋਂ ਮੁਕਰ ਚੁੱਕੀ ਹੈ। ਇਸ ਮੌਕੇ ਸੰਬੋਧਨ ਕਰਨ ਵਾਲਿਆਂ ਵਿਚ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਗੁਲਜ਼ਾਰ ਸਿੰਘ ਰਣੀਕੇ, ਮਦਨ ਮੋਹਨ ਮਿੱਤਲ, ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਸੋਹਣ ਸਿੰਘ ਠੰਡਲ, ਮਨਜੀਤ ਸਿੰਘ ਜੀ. ਕੇ. ਅਤੇ ਮਨਜਿੰਦਰ ਸਿੰਘ ਸਿਰਸਾ ਸ਼ਾਮਲ ਸਨ।
ਭਾਰਤ ਸਰਕਾਰ ਵਲੋਂ ਟਰੂਡੋ ਨੂੰ ਬਣਦਾ ਮਾਣ- ਸਤਿਕਾਰ ਨਾ ਦੇਣਾ ਮੰਦਭਾਗਾ
NEXT STORY