ਅੰਮ੍ਰਿਤਸਰ (ਛੀਨਾ) - ਸ਼੍ਰੋਮਣੀ ਕਮੇਟੀ ਵੱਲੋਂ ਨੌਕਰੀ ਤੋਂ ਫਾਰਗ ਕੀਤੇ ਗਏ 523 ਮੁਲਾਜ਼ਮਾਂ ਦਾ ਮਾਮਲਾ ਆਉਣ ਵਾਲੇ ਦਿਨਾਂ 'ਚ ਖੂਬ ਗਰਮਾ ਸਕਦਾ ਹੈ ਕਿਉਂਕਿ ਇਕ ਪਾਸੇ ਜਿਥੇ ਧਾਰਮਿਕ ਤੇ ਸਮਾਜਸੇਵੀ ਸੰਸਥਾਵਾਂ ਦੇ ਮੁਖੀਆਂ ਅਤੇ ਸਿਆਸੀ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਫੈਸਲੇ ਦੀ ਘੌਰ ਨਿੰਦਾ ਕੀਤੀ ਜਾ ਰਹੀ ਹੈ, ਉਥੇ ਨੌਕਰੀ ਤੋਂ ਫਾਰਗ ਕੀਤੇ ਗਏ ਮੁਲਾਜ਼ਮਾਂ ਨੇ ਮਾਣਯੋਗ ਹਾਈ ਕੋਰਟ ਜਾਣ ਦੀ ਵੀ ਤਿਆਰੀ ਕਰ ਲਈ ਹੈ।
ਇਸ ਮਾਮਲੇ 'ਚ ਮੁਲਾਜ਼ਮਾਂ ਦੀ ਅਗਵਾਈ ਕਰ ਰਹੇ ਨਿਊ ਫਲਾਵਰਜ਼ ਐਜੂਕੇਸ਼ਨ ਸੋਸਾਇਟੀ (ਰਜਿ.) ਦੇ ਚੇਅਰਮੈਨ ਹਰਪਾਲ ਸਿੰਘ ਯੂ. ਕੇ. ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਨਿਯਮਾਂ ਦੇ ਉਲਟ ਭਰਤੀ ਦਾ ਬਹਾਨਾ ਬਣਾ ਕੇ ਆਰਜ਼ੀ ਸੇਵਾਦਾਰਾਂ ਦੀ ਨੌਕਰੀ ਤਾਂ ਖੋਹ ਲਈ ਹੈ ਪਰ ਜੇਕਰ ਨੌਕਰੀ ਤੋਂ ਫਾਰਗ ਕੀਤੇ ਗਏ ਮੁਲਾਜ਼ਮਾਂ 'ਚੋਂ ਕਿਸੇ ਇਕ ਨੇ ਵੀ ਪ੍ਰੇਸ਼ਾਨੀ 'ਚ ਕੋਈ ਗਲਤ ਕਦਮ ਚੁੱਕ ਲਿਆ ਤਾਂ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਪੜਤਾਲੀਆ ਕਮੇਟੀ ਨੂੰ ਬਹੁਤ ਮਹਿੰਗਾ ਪਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਉੱਚ ਅਹੁਦੇਦਾਰਾਂ ਨੇ ਆਪਣੀ ਕਿੜ ਕੱਢਣ ਲਈ ਉਨ੍ਹਾਂ ਬੇਕਸੂਰ ਮੁਲਾਜ਼ਮਾਂ ਨੂੰ ਬਲੀ ਦਾ ਬੱਕਰਾ ਬਣਾ ਦਿੱਤਾ, ਜਿਹੜੇ ਥੋੜ੍ਹੀ ਜਿਹੀ ਤਨਖਾਹ 'ਤੇ ਨੌਕਰੀ ਕਰ ਕੇ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰ ਰਹੇ ਸਨ।
ਹਰਪਾਲ ਸਿੰਘ ਯੂ. ਕੇ. ਨੇ ਕਿਹਾ ਕਿ ਸ਼੍ਰੋਮਣੀ ਕਮੇਟੀ 'ਚੋਂ ਕੱਢੇ ਗਏ ਮੁਲਾਜ਼ਮਾਂ ਦਾ ਮਾਮਲਾ ਮਾਣਯੋਗ ਹਾਈ ਕੋਰਟ 'ਚ ਪਹੁੰਚਣ 'ਤੇ ਪਿਛਲੇ ਕਈ ਸਾਲਾਂ ਦਰਮਿਆਨ ਸ਼੍ਰੋਮਣੀ ਕਮੇਟੀ 'ਚ ਰੱਖੇ ਗਏ ਅਧਿਕਾਰੀਆਂ, ਕਰਮਚਾਰੀਆਂ ਤੇ ਉਨ੍ਹਾਂ ਨੂੰ ਦਿੱਤੀਆਂ ਗਈਆਂ ਤਰੱਕੀਆਂ ਸਮੇਤ ਗੁਰੂ ਕੀ ਗੋਲਕ ਦੇ ਪੈਸੇ ਦੀ ਹੋ ਰਹੀ ਅੰਨ੍ਹੀ ਲੁੱਟ-ਖਸੁੱਟ ਦੀ ਵੀ ਸੀ. ਬੀ. ਆਈ. ਕੋਲੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਜਾਵੇਗੀ, ਜਿਸ ਨਾਲ ਬਹੁਤ ਸਾਰੇ ਲੁਕੇ ਹੋਏ ਮਾਮਲੇ ਉਜਾਗਰ ਹੋਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ਹੈ, ਜਿਸ ਨੂੰ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਵੀ ਜਾਣਿਆ ਜਾਂਦਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਕਮੇਟੀ 'ਚ ਜੋ ਆਪਹੁਦਰੀਆਂ ਸਾਹਮਣੇ ਆ ਰਹੀਆਂ ਹਨ ਉਨ੍ਹਾਂ ਨੂੰ ਦੇਖ ਕੇ ਦੇਸ਼-ਵਿਦੇਸ਼ 'ਚ ਵੱਸਦੇ ਸਿੱਖਾਂ ਦੇ ਹਿਰਦਿਆਂ ਨੂੰ ਭਾਰੀ ਠੇਸ ਪੁੱਜੀ ਹੈ।
ਉਨ੍ਹਾਂ ਅਖੀਰ 'ਚ ਐਲਾਨ ਕੀਤਾ ਕਿ ਨੌਕਰੀ ਤੋਂ ਫਾਰਗ ਕੀਤੇ ਗਏ ਸਮੂਹ ਆਰਜ਼ੀ ਸੇਵਾਦਾਰਾਂ ਦਾ ਇਕੱਠ 7 ਅਪ੍ਰੈਲ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ, ਜਿਸ ਵਿਚ ਅਗਲੇ ਸੰਘਰਸ਼ ਦਾ ਬਿਗੁਲ ਵਜਾਇਆ ਜਾਵੇਗਾ।
50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ
NEXT STORY