ਰੂਪਨਗਰ, (ਵਿਜੇ)- ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਕਰਮਚਾਰੀਆਂ ਵੱਲੋਂ ਸੂਬਾ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ਅਗਵਾਈ ’ਚ ਮਹਾਰਾਜਾ ਰਣਜੀਤ ਸਿੰਘ ਬਾਗ ’ਚ ਇਕੱਠ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਉਪਰੰਤ ਮਿੰਨੀ ਸਕੱਤਰੇਤ ਵੱਲ ਮਾਰਚ ਕਰਦੇ ਹੋਏ ਇਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਰੂਪਨਗਰ ਰਾਹੀਂ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਨੇ ਦੱਸਿਆ ਕਿ ਮੌਜੂਦਾ ਸਰਕਾਰ ਵੱਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਆਪਣੇ ਚੋਣ ਮੈਨੀਫੈਸਟੋ ’ਚ ਇਹ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਦੇ ਸੱਤਾ ’ਚ ਆਉਣ ਦੇ ਛੇ ਮਹੀਨੇ ਦੇ ਅੰਦਰ-ਅੰਦਰ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਅਨੁਸਾਰ ਪੰਜਾਬ ਸਰਕਾਰ ਦੇ ਕਰਮਚਾਰੀਆਂ ਦੀਆਂ ਤਨਖਾਹਾਂ ’ਚ ਸੋਧ ਕਰ ਦਿੱਤੀ ਜਾਵੇਗੀ ਪਰ ਕਰੀਬ ਡੇਢ ਸਾਲ ਦਾ ਸਮਾਂ ਬੀਤਣ ਮਗਰੋਂ ਵੀ ਕਰਮਚਾਰੀਆਂ ਦੀਆਂ ਤਨਖਾਹਾਂ ’ਚ ਸੋਧ ਕਰਨਾ ਤਾਂ ਦੂਰ ਸਗੋਂ ਡੀ.ਏ. ਦੀਆਂ ਕਿਸ਼ਤਾਂ ’ਤੇ ਵੀ ਅਣਐਲਾਨੀ ਪਾਬੰਦੀ ਲਗਾ ਦਿੱਤੀ ਗਈ।
ਉਨ੍ਹਾਂ ਮੰਗ ਕੀਤੀ ਕਿ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਅਨੁਸਾਰ ਕਰਮਚਾਰੀਆਂ ਦੀਆਂ ਤਨਖਾਹਾਂ ’ਚ ਤੁਰੰਤ ਸੋਧ ਕੀਤੀ ਜਾਵੇ, ਡੀ.ਏ. ਦੀਆਂ ਕਿਸ਼ਤਾਂ ਤੇ ਬਕਾਇਆ ਇਕਮੁਸ਼ਤ ਕਿਸ਼ਤ ’ਚ ਅਦਾ ਕੀਤਾ ਜਾਵੇ, ਪਾਵਰਕਾਮ ਦੇ ਪੱਕੇ ਤੌਰ ’ਤੇ ਬੰਦ ਕੀਤੇ ਥਰਮਲ ਪਲਾਂਟਾਂ ਤੋਂ ਦੁਬਾਰਾ ਬਿਜਲੀ ਉਤਪਾਦਨ ਸ਼ੁਰੂ ਕੀਤਾ ਜਾਵੇ, ਪਾਵਰਕਾਮ ਦੇ ਵਰਕਚਾਰਜ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ, ਨਵੇਂ ਭਰਤੀ ਕਰਮਚਾਰੀਆਂ ਨੂੰ ਪੂਰਾ ਤਨਖਾਹ ਸਕੇਲ ਦਿੱਤਾ ਜਾਵੇ ਅਤੇ ਖਾਲੀ ਪਈਆਂ ਅਸਾਮੀਆਂ ’ਤੇ ਭਰਤੀ ਕੀਤੀ ਜਾਵੇ। ਇਸ ਮੌਕੇ ਭਾਗ ਚੰਦ ਸ਼ਰਮਾ, ਕਰਨੈਲ ਸਿੰਘ, ਵੇਦ ਪ੍ਰਕਾਸ ਦਿਵੇਦੀ, ਸ਼ੇਰ ਬਹਾਦਰ, ਕੁਲਦੀਪ ਸਿੰਘ, ਸੁਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ।
ਲੈਂਟਰ ਡਿੱਗਣ ਨਾਲ ਅੌਰਤ ਦੀ ਮੌਤ
NEXT STORY