ਸੰਗਰੂਰ(ਬੇਦੀ,ਸਿੰਗਲਾ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਸਮੂਹ ਅਧਿਕਾਰੀ ਜ਼ਮੀਨੀ ਪੱਧਰ ’ਤੇ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਤਾਂ ਜੋ ਲੋੜਵੰਦ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਅਤੇ ਚੇਅਰਮੈਨ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਸੰਗਰੂਰ ਭਾਰਤ ਭੂਸ਼ਨ ਆਸ਼ੂ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਇਸ ਕਮੇਟੀ ਦਾ ਗਠਨ ਕਰਨ ਦਾ ਮੁੱਖ ਮੰਤਵ ਸਰਕਾਰ ਅਤੇ ਲੋਕਾਂ ਵਿਚਕਾਰ ਰਾਬਤਾ ਕਾਇਮ ਕਰਕੇ ਲੋਕਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨਾ ਹੈ। ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਸਮੂਹ ਗੈਰ ਸਰਕਾਰੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਾਂ ਰਹਿੰਦਿਆਂ ਲਿਖਤੀ ਰੂਪ ਵਿੱਚ ਕਮੇਟੀ ਅੱਗੇ ਪੇਸ਼ ਕਰਨ ਤਾਂ ਜੋ ਉਨ੍ਹਾਂ ਮੁਸ਼ਕਿਲਾਂ ਦੇ ਹੱਲ ਲਈ ਢੁੱਕਵੀ ਕਾਰਵਾਈ ਅਮਲ ’ਚ ਲਿਆਂਦੀ ਜਾ ਸਕੇ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਜਿੱਥੇ ਲੋਕ ਮੁਸ਼ਕਿਲਾਂ ਨੂੰ ਸਮਾਂਬੱਧ ਤਰੀਕੇ ਨਾਲ ਨਿਬੇੜਨ ਦੇ ਆਦੇਸ਼ ਜਾਰੀ ਕੀਤੇ, ਉਥੇ ਜ਼ਿਲ੍ਹਾਂ ਪ੍ਰਸਾਸਨ ਦੀ ਕਾਰਗੁਜ਼ਾਰੀ ਦੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਆਟਾ ਦਾਲ ਸਕੀਮ ਅਧੀਨ ਦਿੱਤੀ ਜਾ ਰਹੀ ਕਣਕ ਰਾਜ ਦੇ ਰਾਸ਼ਨ ਡਿੱਪੂਆਂ ਰਾਹੀਂ ਪੂਰੀ ਪਾਰਦਰਸ਼ਤਾ ਨਾਲ ਯੋਗ ਵਿਅਕਤੀਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ, ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਲੋੜਵੰਦਾਂ ਦੀ ਸੁਵਿਧਾ ’ਚ ਅਣਗਹਿਲੀ ਕਰਦਾ ਪਾਇਆ ਗਿਆ ਤਾਂ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਡਿੱਪੂ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਵਿਜੀਲੈਂਸ ਕਮੇਟੀਆਂ ਬਣੀਆਂ ਹੋਈਆ ਹਨ ਜੋ ਕਿ ਵੰਡ ਪ੍ਰਣਾਲੀ ਦੀ ਪਾਰਦਰਸ਼ਤਾ ਨੂੰ ਬਰਕਰਾਰ ਰੱਖਦੀਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦੇ ਮੌਕੇ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ 2 ਮਹੀਨੇ ਅੰਦਰ ਵੱਖ-ਵੱਖ ਵਿਭਾਗਾਂ ’ਚ ਵੱਡੇ ਪੱਧਰ ‘ਤੇ ਭਰਤੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਭਵਿੱਖ ਅੰਦਰ ਵੀ ਲੋਕਾਂ ਦੀ ਮੁਸ਼ਕਿਲਾਂ ਨੂੰ ਸੁਣਨ ਲਈ ਸਿਕਾਇਤ ਨਿਵਾਰਨ ਕਮੇਟੀ ਦੀ ਹਰ ਮਹੀਨੇ ਮੀਟਿੰਗ ਕਰਨ ਦੀ ਕੋਸ਼ਿਸ ਹੋਵੇਗੀ, ਤਾਂ ਜੋ ਲੋਕਾਂ ਦੇ ਮਸ਼ਕਿਲਾਂ ਦਾ ਜਲਦੀ ਹਲ ਕੀਤਾ ਜਾ ਸਕੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਕੈਬਨਿਟ ਮੰਤਰੀ ਸ੍ਰੀ ਭਾਰਤ ਆਸ਼ੂ ਨੂੰ ਜ਼ਿਲਾ ਪ੍ਰਸਾਸ਼ਨ ਵੱਲੋਂ ਲੋਕਾਂ ਦੀ ਸਮੱਸਿਆਵਾਂ ਅਤੇ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਾਸ ਕਾਰਜ਼ਾਂ ਨੂੰ ਸਮਾਂਬੱਧ ਤਰੀਕੇ ਨਾਲ ਨਜਿੱਠਣ ਦਾ ਭਰੋਸਾ ਦਿੱਤਾ।ਇਸ ਮੌਕੇ ਦਲਬੀਰ ਸਿੰਘ ਗੋਲਡੀ ਐੱਮ.ਐੱਲ.ਏ. ਧੂਰੀ, ਰਜਿੰਦਰ ਸਿੰਘ ਰਾਜਾ ਬੀਰਕਲਾਂ ਚੇਅਰਮੈਨ ਜ਼ਿਲਾ ਯੋਜਨਾ ਕਮੇਟੀ ਸੰਗਰੂਰ, ਦਾਮਨ ਥਿੰਦ ਬਾਜਵਾ, ਅਜੈਬ ਸਿੰਘ ਰਟੌਲਾ, ਰਾਹੁਲਇੰਦਰ ਸਿੰਘ, ਸਾਰੇ ਸੀਨੀਅਰ ਕਾਂਗਰਸੀ ਆਗੂ, ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨੁਮਾਇੰਦੇ ਮੇਜਰ ਸਿੰਘ ਸੇਖੋਂ, ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਸਿੰਘ ਬੱਤਰਾ, ਐਸ.ਡੀ.ਐਮ. ਸੰਗਰੂਰ ਅਮਰਿੰਦਰ ਸਿੰਘ ਟਿਵਾਣਾ, ਸਹਾਇਕ ਕਮਿਸ਼ਨਰ (ਜ) ਚਰਨਜੋਤ ਸਿੰਘ, ਐਸ.ਡੀ.ਐਮ ਭਵਾਨੀਗੜ ਪ੍ਰਮੋਦ ਸਿੰਗਲਾ, ਐਸ.ਡੀ.ਐਮ ਦਿੜਬਾ ਸਿਮਰਪ੍ਰੀਤ ਕੌਰ, ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ. ਧੂਰੀ ਇਸ਼ਮਤ ਵਿਜੇ ਸਿੰਘ, ਐਸ.ਡੀ.ਐਮ. ਲਹਿਰਾ ਤੇ ਮੂਨਕ ਨਵਰੀਤ ਕੌਰ ਸੇਖੋਂ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਆਰ.ਟੀ.ਏ ਕਰਨਬੀਰ ਸਿੰਘ ਛੀਨਾ ਸਮੇਤ ਸ਼ਿਕਾਇਤ ਨਿਵਾਰਨ ਕਮੇਟੀ ਦੇ ਗੈਰ ਸਰਕਾਰੀ ਮੈਂਬਰ ਅਤੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ 14 ਨਵੰਬਰ ਨੂੰ ਮਨਾਇਆ ਜਾਵੇਗਾ "ਨੋ ਚਲਾਨ ਡੇਅ"
NEXT STORY