ਫਰੀਦਕੋਟ (ਰਾਜਨ) : ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਚਲਾਈ ਜਾ ਰਹੀ ਚੈਕਿੰਗ ਮੁਹਿੰਮ ਦੌਰਾਨ ਥਾਣਾ ਸਿਟੀ-2 ਫਰੀਦਕੋਟ ਦੀ ਪੁਲਸ ਨੇ ਇਕ ਵਿਅਕਤੀ ਨੂੰ ਰਿਵਾਲਵਰ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਪੁਲਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿਚ ਗੇਟ ਪੋਸਟ ਆਫਿਸ ਫਰੀਦਕੋਟ ਨੇੜੇ ਮੌਜੂਦ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸਦੀ ਤਲਾਸ਼ੀ ਲਈ ਗਈ।
ਤਲਾਸ਼ੀ ਦੌਰਾਨ ਮੁਲਜ਼ਮ ਦੀ ਡੱਬ ਵਿਚੋਂ ਇਕ 32 ਬੋਰ ਦਾ ਲਾਇਸੈਂਸੀ ਰਿਵਾਲਵਰ ਸਮੇਤ 4 ਜ਼ਿੰਦਾ ਰੌਂਦ 32 ਬੋਰ ਬਰਾਮਦ ਹੋਏ। ਇਸ ਤੋਂ ਇਲਾਵਾ ਉਸ ਦੀ ਜੇਬ ਵਿਚੋਂ ਅਸਲਾ ਲਾਇਸੈਂਸ ਵੀ ਮਿਲਿਆ, ਜੋ 1 ਜਨਵਰੀ 2027 ਤੱਕ ਵੈਧ ਪਾਇਆ ਗਿਆ। ਜਾਂਚ ਦੌਰਾਨ ਸਾਹਮਣੇ ਆਇਆ ਕਿ ਨਗਰ ਕੌਂਸਲ ਚੋਣਾਂ ਦੇ ਚੱਲਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਦੇ ਬਾਵਜੂਦ ਮੁਲਜ਼ਮ ਆਪਣੇ ਕੋਲ ਅਸਲਾ ਅਤੇ ਐਮੂਨੀਸ਼ਨ ਰੱਖ ਕੇ ਹੁਕਮਾਂ ਦੀ ਉਲੰਘਣਾ ਕਰ ਰਿਹਾ ਸੀ। ਪੁਲਸ ਨੇ ਮੁਲਜ਼ਮ ਸਿਮਰਨਜੀਤ ਸਿੰਘ ਵਾਸੀ ਪਿੰਡ ਡੱਲੇਵਾਲਾ, ਜ਼ਿਲ੍ਹਾ ਫਰੀਦਕੋਟ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕਰਦਿਆਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਬਠਿੰਡਾ 'ਚ ਅੱਗ ਵਰ੍ਹਾਊ ਗਰਮੀ ਕਾਰਨ ਵਿਅਕਤੀ ਦੀ ਮੌਤ
NEXT STORY