ਜਲੰਧਰ (ਧਵਨ) - ਪੰਜਾਬ ਦੇ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵੱਲੋਂ ਮਾਨਸਾ ਵਿਚ ਕਪਾਹ ਦੇ ਕਿਸਾਨਾਂ ਦੀ ਹਾਲਤ 'ਤੇ ਸਿਆਸੀ ਰੋਟੀਆਂ ਸੇਕਣ 'ਤੇ ਝਾੜ ਪਾਈ ਹੈ। ਮੁੱਖ ਮੰਤਰੀ ਨੇ ਅੱਜ ਇਥੇ ਕਿਹਾ ਕਿ ਖਹਿਰਾ ਕਪਾਹ ਦੀ ਫਸਲ 'ਤੇ ਹੋਏ ਸਫੈਦ ਮੱਖੀ ਦੇ ਹਮਲੇ 'ਤੇ ਲੋਕਾਂ ਨੂੰ ਗੁੰਮਰਾਹ ਕਰਕੇ ਸਿਆਸੀ ਰੋਟੀਆਂ ਸੇਕ ਰਹੇ ਹਨ। ਖਹਿਰਾ ਵੱਲੋਂ ਕਿਸਾਨਾਂ ਨੂੰ ਨਕਲੀ ਤੇ ਘਟੀਆ ਕੀਟਨਾਸ਼ਕ ਦਵਾਈਆਂ ਮੁਹੱਈਆ ਹੋਣ 'ਤੇ ਮੁੱਖ ਮੰਤਰੀ ਦਫਤਰ ਅਤੇ ਕੈਬਨਿਟ ਮੰਤਰੀ ਦੀ ਸਾਂਝੇਦਾਰੀ ਹੋਣ ਲਈ ਲਾਏ ਗਏ ਦੋਸ਼ਾਂ 'ਤੇ ਸਖਤ ਪ੍ਰਤੀਕਿਰਿਆ ਦਿੰਦੇ ਹੋਏ ਕੈਪ. ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਸਿੱਧ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦਾ ਨੇਤਾ ਜ਼ਮੀਨੀ ਹਕੀਕਤ ਨਾਲ ਜੁੜਿਆ ਹੋਇਆ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਖਹਿਰਾ ਨੂੰ ਪੰਜਾਬ ਖੇਤੀ ਯੂਨੀਵਰਸਿਟੀ ਵਿਚ ਜਾ ਕੇ ਇਸ ਵਿਸ਼ੇ 'ਤੇ ਸਬਕ ਲੈਣਾ ਚਾਹੀਦਾ ਹੈ ਅਤੇ ਯੂਨੀਵਰਸਿਟੀ ਦੇ ਉਪ ਕੁਲਪਤੀ ਤੇ ਅਧਿਆਪਕਾਂ ਤੋਂ ਸਫੈਦ ਮੱਖੀ ਦੇ ਹੋਏ ਹਮਲੇ ਬਾਰੇ ਜਾਣਕਾਰੀ ਲੈਣੀ ਚਾਹੀਦੀ ਹੈ। ਕੈਪ. ਅਮਰਿੰਦਰ ਸਿੰਘ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਦੇ ਰੂਪ ਵਿਚ ਖਹਿਰਾ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਘਟੀਆ ਰਾਜਨੀਤੀ ਦੀ ਬਜਾਏ ਚੰਗੇ ਵਿਰੋਧੀ ਧਿਰ ਦੀ ਭੂਮਿਕਾ ਅਦਾ ਕਰਨੀ ਚਾਹੀਦੀ ਹੈ। ਮੁਖ ਮੰਤਰੀ ਨੇ ਕਿਹਾ ਕਿ ਖਹਿਰਾ ਦਾ ਅਹੁਦਾ ਭਾਈਚਾਰੇ ਦੀ ਮੰਗ ਕਰਦਾ ਹੈ, ਜਿਸ ਬਾਰੇ ਵਿਰੋਧੀ ਧਿਰ ਦੇ ਨੇਤਾ ਪੂਰੀ ਤਰ੍ਹਾਂ ਨਾਲ ਅਣਜਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਕੰਮ ਕਰਨ ਦੇ ਢੰਗ ਦੀ ਨਕਲ ਖਹਿਰਾ ਕਰ ਰਹੇ ਹਨ ਪਰ ਪੰਜਾਬ ਤੇ ਦਿੱਲੀ ਵਿਚ ਆਮ ਆਦਮੀ ਪਾਰਟੀ ਨੂੰ ਲੋਕਾਂ ਨੇ ਪੂਰੀ ਤਰ੍ਹਾਂ ਨਾਲ ਨਕਾਰ ਦਿੱਤਾ ਹੈ।
ਆਮ ਆਦਮੀ ਪਾਰਟੀ ਨੇ ਵਾਰ-ਵਾਰ ਇਹ ਸਿੱਧ ਕੀਤਾ ਹੈ ਕਿ ਇਸ ਦੇ ਨੇਤਾ ਲੋਕਾਂ ਨਾਲ ਜੁੜੇ ਹੋਏ ਨਹੀਂ ਹਨ, ਸਗੋਂ ਲੋਕਾਂ ਨਾਲ ਜੁੜੇ ਹੋਣ ਦਾ ਢੌਂਗ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਖਹਿਰਾ ਸ਼ਾਇਦ ਇਹ ਭੁੱਲ ਗਏ ਹਨ ਕਿ ਕੇਜਰੀਵਾਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦਾ ਟਕਰਾਅ ਅਤੇ ਕੋਰੇ ਝੂਠ ਦੀ ਰਾਜਨੀਤੀ ਨੂੰ ਪੰਜਾਬ ਦੇ ਲੋਕਾਂ ਨੇ ਠੁਕਰਾ ਦਿੱਤਾ ਹੈ। ਹੁਣ ਖਹਿਰਾ ਤੇ ਉਸ ਦੀ ਪਾਰਟੀ ਦੇ ਲੋਕ ਪੰਜਾਬੀਆਂ ਨੂੰ ਧੋਖਾ ਨਹੀਂ ਦੇ ਸਕਦੇ। ਪੰਜਾਬ ਨੂੰ ਤਰੱਕੀ ਤੇ ਵਿਕਾਸ ਦੇ ਰਸਤੇ 'ਤੇ ਲਿਜਾਣ ਲਈ ਪੰਜਾਬ ਸਰਕਾਰ ਦੇ ਯਤਨਾਂ ਲਈ ਖਹਿਰਾ ਨੂੰ ਸਹਿਯੋਗ ਦੇਣਾ ਚਾਹੀਦਾ ਹੈ।
ਪਾਵਰਕਾਮ ਪੈਨਸ਼ਨਰਾਂ ਵੱਲੋਂ ਸਰਕਾਰ ਤੇ ਮੈਨੇਜਮੈਂਟ ਖਿਲਾਫ਼ ਰੋਸ ਪ੍ਰਦਰਸ਼ਨ
NEXT STORY