ਮਾਨਸਾ (ਜੱਸਲ) : ਪੰਜਾਬ ਸਰਕਾਰ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਅੱਜ ਮਾਨਸਾ ਦੀ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਹਰੇਕ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਸਮਾਂ ਰਹਿੰਦਿਆਂ ਹੀ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਸਮੂਹ ਕਿਸਾਨਾਂ, ਆੜ੍ਹਤੀਆਂ ਨੂੰ ਸੁਖਾਵੇਂ ਮਾਹੌਲ ’ਚ ਖਰੀਦ ਪ੍ਰਕਿਰਿਆ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਦੱਸਿਆ ਕਿ ਸਮੁੱਚੀ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ’ਚ 117 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਬਿਜਲੀ, ਪੀਣ ਵਾਲੇ ਪਾਣੀ, ਪਖਾਨੇ ਆਦਿ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਇਸ ਮੌਕੇ ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਵਿਜੇ ਕੁਮਾਰ ਸਿੰਗਲਾ, ਜ਼ਿਲ੍ਹਾ ਮੰਡੀ ਅਫ਼ਸਰ ਸਲੋਧ ਕੁਮਾਰ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਕਿਸਾਨ, ਆੜ੍ਹਤੀਆਂ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ।
ਪੰਜਾਬ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਰਾਜਸਥਾਨ ਤੋਂ ਨਸ਼ਾ ਲਿਆਉਣ ਵਾਲੇ 4 ਵਿਅਕਤੀ ਫਾਜ਼ਿਲਕਾ ਤੋਂ ਗ੍ਰਿਫ਼ਤਾਰ
NEXT STORY