ਫਾਜ਼ਿਲਕਾ : ਆਉਣ ਵਾਲੇ ਦਿਨਾਂ ਵਿਚ ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ ਕਮਰ ਕੱਸ ਲਈ ਹੈ। ਸੂਬੇ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਦੇ ਮਕਸਦ ਨਾਲ ਪੰਜਾਬ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਵਿਚ ਪਹਿਲੇ ਪੜਾਅ ਅਧੀਨ ਕਿਸਾਨਾਂ ਨੂੰ ਨਵੀਂਆਂ ਮਸ਼ੀਨਾਂ ਸਬਸਿਡੀ ’ਤੇ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਜਿਥੇ ਸੂਬੇ ਭਰ ਵਿਚ 28000 ਤੋਂ ਵੱਧ ਖੇਤੀ ਮਸ਼ੀਨਾਂ/ਸੰਦ ਮੁਹੱਈਆ ਕਰਵਾਉਣ ਲਈ ਵਿਆਪਕ ਪੱਧਰ ’ਤੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ। 278 ਕਰੋੜ ਰੁਪਏ ਦੀ ਸਬਸਿਡੀ ਨਾਲ ਮੁਹੱਈਆ ਕਰਵਾਏ ਜਾ ਰਹੇ ਇਹ ਖੇਤੀ ਸੰਦ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਹੀ ਖਪਾਉਣ ਲਈ ਸਹਾਈ ਹੋਣਗੇ। ਉਨ੍ਹਾਂ ਦੱਸਿਆ ਕਿ ਜ਼ਿਲਹਾ ਫਾਜ਼ਿਲਕਾ ਵਿਚ ਇਸ ਸਾਲ ਪਰਾਲੀ ਪ੍ਰਬੰਧਨ ਲਈ ਲੋੜੀਂਦੀਆਂ ਮਸ਼ੀਨਾਂ ਖਰੀਦਣ ਲਈ ਸਬਸਿਡੀ ਲੈਣ ਲਈ 305 ਕਿਸਾਨਾਂ ਦੀਆਂ ਅਰਜ਼ੀਆਂ ਵਿਭਾਗ ਨੇ ਪ੍ਰਵਾਨ ਕਰ ਲਈਆਂ ਹਨ ਜਦ ਕਿ 228 ਹੋਰ ਮਸ਼ੀਨਾਂ ਸਬੰਧੀ ਕਿਸਾਨ ਸਮੂਹਾਂ ਦੀਆਂ ਅਰਜ਼ੀਆਂ ਵੀ ਪ੍ਰਵਾਨ ਕਰਕੇ ਸਪਲਾਈ ਆਰਡਰ ਜਾਰੀ ਕੀਤੇ ਗਏ ਹਨ।
ਜ਼ਿਲ੍ਖੇਤੀਬਾੜੀ ਅਫ਼ਸਰ ਮਨਜੀਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਸੰਦ ਸਬਸਿਡੀ ’ਤੇ ਮੁਹੱਈਆ ਕਰਵਾਏ ਜਾ ਰਹੇ ਹਨ ਜਿਸ ਤਹਿਤ ਸਹਿਕਾਰੀ ਸਭਾਵਾਂ ਤੇ ਕਿਸਾਨ ਗਰੁੱਪਾਂ ਨੂੰ ਵਧੇਰੇ ਸਬਸਿਡੀ ਜਦਕਿ ਕਿਸਾਨਾਂ ਨੂੰ ਵਿਅਕਤੀਗਤ ਰੂਪ ਵਿਚ ਵੀ ਸਬਸਿਡੀ ਦਿੱਤੀ ਜਾ ਰਹੀ ਹੈ। ਸੂਬਾ ਸਰਕਾਰ ਵਲੋਂ ਕਿਸਾਨਾਂ ਨੂੰ ਆਲਾ ਦਰਜੇ ਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ ਜਿਸ ਵਿਚ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਮਸ਼ੀਨਾਂ ਸ਼ਾਮਲ ਹਨ।
ਜ਼ਿਲਹਾ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਸਬਸਿਡੀ ’ਤੇ ਮਸ਼ੀਨਰੀ ਲੈਣ ਲਈ ਕਿਸਾਨਾਂ ਅਤੇ ਕਿਸਾਨ ਗਰੁੱਪਾਂ ’ਤੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਪਾਸੋਂ ਹੱਣ ਤਕ ਜ਼ਿਲੇ ਵਿਚ ਲਗਪਗ 533 ਅਰਜ਼ੀਆਂ ਹਾਸਲ ਹੋਈਆਂ ਹਨ। ਉਨਾਂ ਅੱਗੇ ਦੱਸਿਆ ਕਿ ਪਹਿਲੇ ਪੜਾਅ ਅਧੀਨ ਵਿਅਕਤੀਗਤ ਤੌਰ ’ਤੇ ਅਰਜ਼ੀਆਂ ਦੇਣ ਵਾਲੇ ਕਿਸਾਨਾਂ ਨੂੰ ਸਬਸਿਡੀ ’ਤੇ 305 ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ ਜਦਕਿ ਕਿਸਾਨਾਂ ਗਰੁੱਪਾਂ/ਸਹਿਕਾਰੀ ਸਭਾਵਾਂ ਨੂੰ ਫਾਰਮ ਮਸ਼ੀਨਰੀ ਬੈਂਕ ਬਣਾ ਕੇ ਕਸਟਮ ਹਾਇਰਿੰਗ ਸੈਂਟਰ ਵਜੋਂ ਵਰਤਣ ਲਈ 80 ਫੀਸਦੀ ਸਬਸਿਡੀ ’ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ 15 ਸਤੰਬਰ, 2019 ਤੋਂ ਪਹਿਲਾਂ ਕਿਸਾਨਾਂ ਤੱਕ ਮਸ਼ੀਨਰੀ ਪਹੁੰਚਾਉਣ ਦਾ ਟੀਚਾ ਹਾਸਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਵਿਭਾਗ ਦੇ ਸਰਵਨ ਕੁਮਾਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਣ ਦੇ ਮਾੜੇ ਪ੍ਰਭਾਵ ਬਾਰੇ ਜਾਣੂੰ ਕਰਨ ਲਈ ਸੂਚਨਾ, ਸਿੱਖਿਆ ਤੇ ਸੰਚਾਰ ਬਾਰੇ ਗਤੀਵਿਧੀਆਂ ਵੀ ਆਰੰਭੀਆਂ ਹੋਈਆਂ ਹਨ। ਇਸ ਜਾਗਰੂਕਾ ਮੁਹਿੰਮ ਦਾ ਮੁੱਖਉਦੇਸ਼ ਕਿਸਾਨਾਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਹੀ ਖਪਾਉਣ ਲਈ ਸੰਦਾਂ ਦੀ ਪ੍ਰਦਰਸ਼ਨੀ ਕਰਨਾ ਹੈ।ਉਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ ਪਾਈ ਜਾ ਸਕੇ ਜਿਸ ਨਾਲ ਲੋਕਾਂ ਨੂੰ ਸਿਹਤਮੰਦੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਵਾਤਾਵਰਣ ਨੂੰ ਵੀ ਬਚਾਇਆ ਜਾ ਸਕੇ।
ਮਿਊਜ਼ੀਅਮ ਵੇਖ ਖਫਾ ਹੋਈ ਹਰਸਿਮਰਤ, ਕੈਪਟਨ ਨੂੰ ਕੀਤੀ ਅਪੀਲ
NEXT STORY