ਜਲੰਧਰ (ਧਵਨ) - ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਚੋਣ ਐਲਾਨ ਪੱਤਰ 'ਚ ਕੀਤੇ ਗਏ ਵਾਅਦਿਆਂ 'ਚੋਂ ਪਹਿਲੇ ਸਾਲ 150 ਵਾਅਦਿਆਂ ਨੂੰ ਪੂਰਾ ਕਰ ਦਿੱਤਾ ਹੈ ਜਾਂ ਉਸ ਦਿਸ਼ਾ 'ਚ ਕਦਮ ਚੁੱਕ ਲਏ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ 'ਚ 17.5 ਲੱਖ 'ਚੋਂ 10.25 ਲੱਖ ਕਿਸਾਨਾਂ ਦੇ ਕਰਜ਼ਿਆਂ ਦਾ ਨਿਪਟਾਰਾ ਇਸ ਸਾਲ ਨਵੰਬਰ ਤੱਕ ਕਰ ਦਿੱਤਾ ਜਾਏਗਾ। ਕਿਸਾਨ ਕਰਜ਼ਾ ਮੁਆਫੀ ਲਈ ਯੋਜਨਾ ਨੂੰ ਲਾਗੂ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਅਗਲੇ ਸਾਲ ਦੇ ਬਜਟ 'ਚ ਵੀ ਕਿਸਾਨ ਕਰਜ਼ਾ ਮੁਆਫੀ ਲਈ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ ਅਤੇ ਨਵੰਬਰ ਤੱਕ ਇਹ ਯੋਜਨਾ ਸਿਰੇ ਚੜ੍ਹਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਨੌਕਰੀ ਮੁਹਿੰਮ ਨੂੰ ਵੀ ਉਨ੍ਹਾਂ ਦੀ ਸਰਕਾਰ ਨੇ ਸ਼ੁਰੂ ਕਰ ਦਿੱਤਾ ਹੈ। ਰੋਜ਼ਗਾਰ ਮੇਲਿਆਂ ਦਾ ਆਯੋਜਨ ਜ਼ਿਲਿਆਂ 'ਚ ਕੀਤਾ ਜਾ ਰਿਹਾ ਹੈ। 11 ਮਾਰਚ ਨੂੰ ਵਿਸ਼ੇਸ਼ ਰੋਜ਼ਗਾਰ ਮੇਲਾ ਲਾਇਆ ਜਾ ਰਿਹਾ ਹੈ, ਜਿਸ ਵਿਚ 40,000 ਨੌਜਵਾਨਾਂ ਨੂੰ ਨੌਕਰੀਆਂ ਉਪਲਬਧ ਕਰਵਾਈਆਂ ਜਾਣਗੀਆਂ। ਇਸ ਤੋਂ ਬਾਅਦ ਵੀ ਰੋਜ਼ਗਾਰ ਮੇਲਿਆਂ ਦਾ ਆਯੋਜਨ ਲਗਾਤਾਰ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਰੋਜ਼ਗਾਰ ਮੇਲਿਆਂ 'ਚ ਪ੍ਰਾਈਵੇਟ ਕੰਪਨੀਆਂ ਨੇ ਸਿੱਖਿਅਤ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ 'ਚ ਦਿਲਚਸਪੀ ਦਿਖਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਸਾਲ ਦੇ ਬਜਟ 'ਚ ਨੌਜਵਾਨਾਂ ਨੂੰ ਮੁਫਤ ਮੋਬਾਇਲ ਵੰਡਣ ਦਾ ਕੰਮ ਸ਼ੁਰੂ ਕਰਨ ਲਈ ਬਜਟ 'ਚ ਵਿਸ਼ੇਸ਼ ਵਿਵਸਥਾ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਬਜਟ ਨੂੰ ਲੈ ਕੇ ਕਾਂਗਰਸੀ ਵਿਧਾਇਕਾਂ ਦੇ ਵਿਚਾਰ ਸੁਣੇ ਜਾਣਗੇ ਅਤੇ ਉਨ੍ਹਾਂ ਮੁਤਾਬਿਕ ਬਜਟ ਨੂੰ ਤਿਆਰ ਕੀਤਾ ਜਾਏਗਾ।
ਵਿਆਹੁਤਾ ਨੇ ਲਿਆ ਫਾਹਾ, ਮੌਤ
NEXT STORY