ਬਰਨਾਲਾ (ਪੁਨੀਤ ਮਾਨ)-ਬਰਨਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀਆਂ 8 ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਦੀ ਪੰਜਾਬ ਫੇਰੀ ਦੇ ਮੱਦੇਨਜ਼ਰ ਹੰਗਾਮੀ ਮੀਟਿੰਗ ਕੀਤੀ ਗਈ। ਇਸ ਦੌਰਾਨ ਕਿਸਾਨ ਆਗੂਆਂ ਪਵਿੱਤਰ ਸਿੰਘ, ਸੁੱਚਾ ਸਿੰਘ, ਗੁਰਬਖਸ਼ ਸਿੰਘ, ਹਰਪਾਲ ਸਿੰਘ ਸੰਘਾ, ਬਲਜੀਤ ਸਿੰਘ, ਸੁਖਦੇਵ ਸਿੰਘ ਫੂਲ, ਕਾਕਾ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੇ 5 ਜਨਵਰੀ ਦੇ ਪੰਜਾਬ ਦੌਰੇ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ 5 ਜਨਵਰੀ ਨੂੰ ਫਿਰੋਜ਼ਪੁਰ ਫੇਰੀ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਵੱਲੋਂ 2 ਜਨਵਰੀ ਨੂੰ ਪੰਜਾਬ ਦੇ ਪਿੰਡਾਂ ’ਚ ਪ੍ਰਧਾਨ ਮੰਤਰੀ ਮੋਦੀ ਦਾ ਪੁਤਲੇ ਫੂਕੇ ਜਾਣਗੇ ਤੇ 5 ਜਨਵਰੀ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ 2 ਘੰਟਿਆਂ ਲਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਭਾਜਪਾ ਵੱਲੋਂ DGSMC ’ਤੇ ਕੰਟਰੋਲ ਕਰਨ ਦਾ ਯਤਨ ਸਿੱਖ ਕੌਮ ਦੇ ਮਾਮਲਿਆਂ ’ਚ ਸਿੱਧਾ ਦਖਲ : ਅਕਾਲੀ ਦਲ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ 9 ਦਸੰਬਰ ਨੂੰ ਜਦੋਂ ਕਿਸਾਨਾਂ ਵੱਲੋਂ ਆਪਣਾ ਸੰਘਰਸ਼ ਸਮਾਪਤ ਕੀਤਾ ਗਿਆ ਤਾਂ ਕਿਸਾਨਾਂ ਦੀਆਂ ਪੈਂਡਿੰਗ ਮੰਗਾਂ, ਜਿਵੇਂ ਕਿ ਐੱਮ. ਐੱਸ. ਪੀ. ਲਈ ਕਮੇਟੀ ਦਾ ਗਠਨ ਕਰਨਾ, ਕਿਸਾਨਾਂ ’ਤੇ ਦਰਜ ਕੇਸ ਵਾਪਸ ਲੈਣ, ਕਿਸਾਨੀ ਸੰਘਰਸ਼ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਦੇਣਾ, ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਆਦਿ ਮੰਗਾਂ ਮੰਨੀਆਂ ਗਈਆਂ ਸਨ ਪਰ 20 ਦਿਨ ਤੋਂ ਜ਼ਿਆਦਾ ਬੀਤ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਇਨ੍ਹਾਂ ਵਾਅਦਿਆਂ ’ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ। ਇਸ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਦਾ ਵਿਰੋਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ’ਤੇ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਜਥੇਬੰਦੀਆਂ ਨੂੰ ਇਕੱਠੇ ਹੋਣ ਦੀ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 5 ਜਨਵਰੀ ਨੂੰ ਆਪਣੀ ਫਿਰੋਜ਼ਪੁਰ ਫੇਰੀ ਦੌਰਾਨ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਿਸੇ ਵੀ ਤਰ੍ਹਾਂ ਦੇ ਪੈਕੇਜ ਜਾਂ ਹੋਰ ਤਰੀਕੇ ਦਾ ਐਲਾਨ ਕਰ ਸਕਦੇ ਹਨ ਪਰ ਲੋਕਾਂ ਨੂੰ ਇਨ੍ਹਾਂ ਬਾਰੇ ਲੋਕਾਂ ਨੂੰ ਸੋਚਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਕਾਂਗਰਸ ਦੇ CM ਚਿਹਰੇ ਨੂੰ ਲੈ ਕੇ ਨਵਜੋਤ ਸਿੱਧੂ ਨੂੰ ਕੀਤਾ ਵੱਡਾ ਚੈਲੰਜ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਵੀ ਉਸੇ ਤਰ੍ਹਾਂ ਵਿਰੋਧ ਕੀਤਾ ਜਾਵੇਗਾ, ਜਿਸ ਤਰ੍ਹਾਂ ਭਾਰਤੀ ਜਨਤਾ ਪਾਰਟੀ ਦੇ ਬਾਕੀ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੀਆਂ ਸੰਯੁਕਤ ਕਿਸਾਨ ਮੋਰਚਾ ਦੀਆਂ 22 ਜਥੇਬੰਦੀਆਂ ਉਨ੍ਹਾਂ ਦੇ ਨਾਲ ਖੜ੍ਹਨਗੀਆਂ ਤਾਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਅਤੇ ਇਨਸਾਫ਼ ਦੀ ਲੜਾਈ ਹੈ ਅਤੇ ਇਸ ’ਚ ਸਾਰੀਆਂ ਜਥੇਬੰਦੀਆਂ ਮਿਲ ਕੇ ਲੜਨਗੀਆਂ। ਜੇਕਰ ਕੋਈ ਸੰਗਠਨ ਉਨ੍ਹਾਂ ਦਾ ਸਮਰਥਨ ਕਰਦਾ ਹੈ ਤਾਂ ਪ੍ਰਧਾਨ ਮੰਤਰੀ ਮੋਦੀ ਦੀ ‘ਪਾੜੋ ਤੇ ਰਾਜ ਕਰੋ’ ਦੀ ਨੀਤੀ ਕਾਮਯਾਬ ਹੁੰਦੀ ਨਜ਼ਰ ਆਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੀ ਸਮਾਪਤੀ ਸਮੇਂ ਹਰਿਆਣਾ ਸਰਕਾਰ ਨੇ ਕਿਹਾ ਸੀ ਕਿ ਕਿਸਾਨ ਸੰਘਰਸ਼ ’ਚ ਸ਼ਹੀਦ ਹੋਏ ਹਰਿਆਣਾ ਦੇ 123 ਕਿਸਾਨਾਂ ਨੂੰ ਅਗਲੇ ਸਾਲ 500000 ਰੁਪਏ ਦਾ ਮੁਆਵਜ਼ਾ ਦੇ ਦਿੱਤਾ ਜਾਵੇਗਾ, ਜੋ ਅਜੇ ਤੱਕ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ’ਚ ਕਿਸਾਨਾਂ ਖ਼ਿਲਾਫ਼ 48 ਹਜ਼ਾਰ ਦੇ ਕਰੀਬ ਕੇਸ ਦਰਜ ਹਨ, ਜਿਨ੍ਹਾਂ ਨੂੰ ਵੀ ਹਾਲੇ ਤੱਕ ਰੱਦ ਨਹੀਂ ਕੀਤਾ ਗਿਆ ਅਤੇ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਸਿਰਫ਼ ਰਿਪੋਰਟ ਮੰਗੀ ਗਈ ਹੈ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਭਾਜਪਾ ਵੱਲੋਂ DSGMC ’ਤੇ ਕੰਟਰੋਲ ਕਰਨ ਦਾ ਯਤਨ ਸਿੱਖ ਕੌਮ ਦੇ ਮਾਮਲਿਆਂ ’ਚ ਸਿੱਧਾ ਦਖਲ : ਅਕਾਲੀ ਦਲ
NEXT STORY