ਤਰਨਤਾਰਨ, (ਰਾਜੂ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮੀਟਿੰਗ ਪਿੰਡ ਡਾਲੇਕੇ ਵਿਖੇ ਜ਼ੋਨ ਨਿਗਰਾਨ ਸਵਿੰਦਰ ਸਿੰਘ ਚੁਤਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ 'ਚ ਬਾਬਾ ਪੂਰਨ ਸਿੰਘ ਦੀ ਅਚਾਨਕ ਮੌਤ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ। ਇਸ ਦੌਰਾਨ ਪਿੰਡ ਡਾਲੇਕੇ ਦੀ ਚੋਣ ਤੋਂ ਬਾਅਦ ਕਿਸਾਨਾਂ ਦੀਆਂ ਮੋਟਰਾਂ 'ਤੇ ਮੀਟਰ ਲਾਉਣ ਦੇ ਫੈਸਲੇ ਦਾ ਸਖਤ ਵਿਰੋਧ ਕਰਦੇ ਹੋਏ ਕਮੇਟੀ ਨੇ ਸਰਕਾਰ ਦਾ ਪੁਤਲਾ ਫੂਕਿਆ।
ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲਾ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਸਤਨਾਮ ਸਿੰਘ ਮਾਨੋਚਾਹਲ, ਲਖਵਿੰਦਰ ਸਿੰਘ ਪਲਾਸੌਰ ਨੇ ਕਿਹਾ ਕਿ ਕਿਸਾਨ ਪਹਿਲਾ ਹੀ ਕਰਜ਼ੇ ਦੀ ਮਾਰ ਹੇਠਾਂ ਆ ਕੇ ਲਗਾਤਾਰ ਖੁਦਕੁਸ਼ੀਆਂ ਕਰ ਰਿਹਾ ਹੈ। ਉਪਰੋਂ ਕੈਪਟਨ ਸਰਕਾਰ ਨੇ ਆਪਣੀ ਕੈਬਨਿਟ ਮੀਟਿੰਗ 'ਚ ਕਿਸਾਨਾਂ ਦੀਆਂ ਮੋਟਰਾਂ 'ਤੇ ਮੀਟਰ ਲਾ ਕੇ ਬਿੱਲ ਉਗਰਾਉਣ ਦੀ ਤਿਆਰੀ ਕਰ ਲਈ ਹੈ। ਸਰਕਾਰ ਨੇ ਚੋਣਾਂ ਸਮੇਂ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਅਤੇ ਬਿਜਲੀ ਪਾਣੀ ਦੀ ਸਬਸਿਡੀ ਜਾਰੀ ਰੱਖਣ ਦਾ ਪੰਜਾਬ ਦੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ। ਪਰ ਹੁਣ ਬਿਜਲੀ ਪਾਣੀ ਦੀ ਸਬਸਿਡੀ ਖੋਹਣ ਦੀ ਤਿਆਰੀ ਕਰ ਲਈ ਹੈ।
ਆਗੂਆਂ ਨੇ ਕਿਹਾ ਕਿ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਵੱਧਣ ਨਾਲ ਆਮ ਲੋਕਾਂ ਦਾ ਸਾਹ ਸੁੱਕੇ ਪਏ ਹਨ ਅਤੇ ਦੇਸ਼ ਦੇ ਕਾਰਪੋਰੇਟ ਘਰਾਣਿਆਂ ਨੂੰ ਜ਼ਮੀਨਾਂ 'ਤੇ ਕਬਜ਼ੇ ਕਰਨ ਦੀ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ, ਜਿਸ ਕਰ ਕੇ ਆਉਣ ਵਾਲੇ ਦਿਨਾਂ 'ਚ ਸਰਕਾਰ ਨੂੰ ਕਿਸਾਨਾਂ-ਮਜ਼ਦੂਰਾਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨਾ ਪਵੇਗਾ।
ਇਸ ਮੌਕੇ ਨਵੇਂ ਚੁਣੇ ਪ੍ਰਧਾਨ ਸਲਵਿੰਦਰ ਸਿੰਘ, ਅਮਰੀਕ ਸਿੰਘ, ਅਨੂਪ ਸਿੰਘ, ਸਤਿਨਾਮ ਸਿੰਘ ਖਾਰੇ, ਗੁਰਮੇਜ ਸਿੰਘ, ਅਮਰੀਕ ਸਿੰਘ, ਸਰਵਣ ਸਿੰਘ, ਅਜੈਬ ਸਿੰਘ, ਗੁਰਬਿੰਦਰ ਸਿੰਘ, ਮੁਖਤਾਰ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
ਚੋਹਲਾ ਸਾਹਿਬ, (ਨਈਅਰ)-ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੋਟਰਾਂ 'ਤੇ ਮੀਟਰ ਲਾਉਣ ਅਤੇ ਬਿਜਲੀ ਦੇ ਬਿੱਲ ਲਾਉਣ ਦੀ ਤਜਵੀਜ਼ ਦੇ ਵਿਰੋਧ 'ਚ ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਪਿੰਡ ਕੋਟ ਮੁਹੰਮਦ ਖਾਂ ਵਿਖੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ, ਜਿਸ ਦੀ ਅਗਵਾਈ ਸਭਾ ਦੇ ਆਗੂ ਡਾ. ਪਰਮਜੀਤ ਸਿੰਘ ਕੋਟ ਮੁਹੰਮਦ ਖਾਂ, ਰੇਸ਼ਮ ਸਿੰਘ ਫੈਲੋਕੇ ਤੇ ਨਰਿੰਦਰ ਸਿੰਘ ਤੁੜ ਨੇ ਕੀਤੀ।
ਇਸ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਸਭਾ ਦੇ ਆਗੂ ਮਨਜੀਤ ਸਿੰਘ ਬੱਗੂ ਅਤੇ ਨੌਜਵਾਨ ਸਭਾ ਦੇ ਆਗੂ ਸੁਲੱਖਣ ਸਿੰਘ ਤੁੜ ਨੇ ਕਿਹਾ ਕਿ ਕੈਪਟਨ ਸਰਕਾਰ ਮਜ਼ਦੂਰਾਂ, ਕਿਸਾਨਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਦੇ ਵਾਅਦੇ ਤੋਂ ਭੱਜ ਕੇ ਕਿਸਾਨੀ 'ਤੇ ਹੋਰ ਬੋਝ ਪਾ ਰਹੀ ਹੈ। ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠਾਂ ਖੁਦਕੁਸ਼ੀਆਂ ਕਰ ਰਿਹਾ ਹੈ ਅਤੇ ਹੁਣ ਨਵਾਂ ਫਰਮਾਨ ਜਾਰੀ ਕਰ ਕੇ ਕਿਸਾਨਾਂ ਦੇ ਮੋਟਰਾਂ 'ਤੇ ਮੀਟਰ ਲਾਉਣ ਤੇ ਫਿਰ ਖੇਤੀ 'ਤੇ ਬਿੱਲ ਲਾ ਕੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਜਮਹੂਰੀ ਕਿਸਾਨ ਸਭਾ ਵੱਲੋਂ ਇਸ ਫੈਸਲੇ ਦੀ ਵਾਪਸੀ ਲਈ ਤਿੱਖਾ ਸੰਘਰਸ਼ ਕੀਤਾ ਜਾਵੇਗਾ ਅਤੇ ਮੋਟਰਾਂ 'ਤੇ ਮੀਟਰ ਅਤੇ ਬਿੱਲ ਕਿਸੇ ਵੀ ਹਾਲਤ 'ਚ ਨਹੀਂ ਲੱਗਣ ਦਿੱਤੇ ਜਾਣਗੇ। ਇਸ ਮੌਕੇ ਬਲਵਿੰਦਰ ਸਿੰਘ ਫੈਲੋਕੇ ਤੇ ਜੰਗ ਬਹਾਦਰ ਸਿੰਘ ਤੁੜ ਆਦਿ ਹਾਜ਼ਰ ਸਨ।
ਦੇਸ਼ ਦੇ ਲੋਕਾਂ ਕੋਲ ਹੀ ਅਸਲ ਤਾਕਤ
NEXT STORY