ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ)- ਕਿਰਤੀ ਕਿਸਾਨ ਯੂਨੀਅਨ ਨੇ ਅੱਜ ਕਿਸਾਨਾਂ ਦੀਆਂ ਮੰਗਾਂ ਸਬੰਧੀ ਡੀ.ਸੀ. ਦਫਤਰ ਦਾ ਘਿਰਾਓ ਕੀਤਾ।
ਇਸ ਤੋਂ ਪਹਿਲਾਂ ਸਰਕਾਰੀ ਸਕੂਲ ਦੇ ਮੈਦਾਨ ਵਿਚ ਵਰਕਰਾਂ ਦਾ ਇਕੱਠ ਕਰ ਕੇ ਸ਼ਹਿਰ ਦੀਆਂ ਮੁੱਖ ਸਡ਼ਕਾਂ ’ਤੇ ਰੋਸ ਮੁਜ਼ਾਹਰਾ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਅਾਂ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਕਮਲਜੀਤ ਸਨਾਵਾ, ਸੂਬਾ ਕਮੇਟੀ ਮੈਂਬਰ ਮਹਿੰਦਰ ਸਿੰਘ, ਹਰਮੇਸ਼ ਢੇਸੀ ਅਤੇ ਅਵਤਾਰ ਸਿੰਘ ਕੱਟ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਥਾਂ ਉਨ੍ਹਾਂ ’ਤੇ ਤਸ਼ੱਦਦ ਕਰਨ ਦਾ ਰਸਤਾ ਆਪਣਾ ਰਹੀ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਜਿਣਸਾਂ ਵਿਚ ਮਾਮੂਲੀ ਵਾਧਾ ਕਰ ਕੇ ਉਨ੍ਹਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਬੈਂਕ ਕਰਜ਼ੇ ਮੁਆਫ ਕੀਤੇ ਜਾਣ, ਮਜ਼ਦੂਰਾਂ ਦੇ ਕੱਟੇ ਗਏ ਬਿਜਲੀ ਕੁਨੈਕਸ਼ਨ ਛੇਤੀ ਬਹਾਲ ਕੀਤੇ ਜਾਣ, ਮਜ਼ਦੂਰਾਂ ਨੂੰ 5-5 ਮਰਲੇ ਦੇ ਪਲਾਟਾਂ ਦੀ ਜਲਦ ਅਲਾਟਮੈਂਟ ਕੀਤੀ ਜਾਵੇ ਅਤੇ ਬਿਨਾਂ ਸ਼ਰਤ ਘਰੇਲੂ ਬਿਜਲੀ ਬਿੱਲ ਮੁਆਫ ਕੀਤੇ ਜਾਣ। ਜੇਕਰ ਕਿਸਾਨਾਂ-ਮਜ਼ਦੂਰਾਂ ਦੀਅਾਂ ਮੰਗਾਂ ਨੂੰ ਜਲਦ ਹੱਲ ਨਹੀਂ ਕੀਤਾ ਗਿਆ ਤਾਂ ਉਹ ਸਰਕਾਰ ਦੇ ਖਿਲਾਫ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਇਸ ਮੌਕੇ ਕੁਲਵਿੰਦਰ ਸਿੰਘ ਚਾਹਲ, ਪਰਮਜੀਤ ਸਿੰਘ ਰਾਣਾ, ਗਿਆਨ ਸਿੰਘ ਮਾਨ, ਸੁਰਿੰਦਰਪਾਲ ਸਿੰਘ, ਪਰਮਜੀਤ ਸਿੰਘ, ਗੁਰਚਰਨ ਸਿੰਘ, ਹਰਮੇਸ਼ ਸਿੰਘ, ਜੋਗਾ ਸਿੰਘ, ਰਘਵੀਰ ਸਿੰਘ, ਮੋਹਨ ਸਿੰਘ, ਰਾਮਜੀਦਾਸ ਸਨਾਵਾ ਆਦਿ ਮੌਜੂਦ ਸਨ।
ਕੁਲਹਿੰਦ ਕਿਸਾਨ ਮਜ਼ਦੂਰ ਸਭਾ ਵੱਲੋਂ ਨਾਅਰੇਬਾਜ਼ੀ
NEXT STORY