ਚੰਡੀਗੜ੍ਹ (ਵਿਨੈ) : ਖਨੌਰੀ ਤੇ ਸ਼ੰਭੂ ਬਾਰਡਰ ’ਤੇ 9 ਮਹੀਨਿਆਂ ਤੋਂ ਲਗਾਤਾਰ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਦਾ ਕੇਂਦਰ ਤੇ ਸੂਬਾ ਸਰਕਾਰਾਂ ਖ਼ਿਲਾਫ਼ ਗੁੱਸਾ ਵੱਧਦਾ ਜਾ ਰਿਹਾ ਹੈ। ਤੈਅ ਰਣਨੀਤੀ ਤਹਿਤ ਕਿਸਾਨ ਜੱਥੇਬੰਦੀਆਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਆਗੂਆਂ ’ਤੇ ਦਬਾਅ ਵਧਾਉਣ ਲਈ 26 ਨਵੰਬਰ ਤੋਂ ਖਨੌਰੀ ਬਾਰਡਰ ’ਤੇ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਕਿਸਾਨ ਜੱਥੇਬੰਦੀਆਂ ਵੱਲੋਂ ਖਨੌਰੀ ਸਰਹੱਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਆਰੰਭ ਕੀਤੇ ਗਏ ਹਨ ਅਤੇ 17 ਨਵੰਬਰ ਨੂੰ ਪਾਠ ਦੇ ਭੋਗ ਪਾਏ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਜਾਰੀ ਹੋਈ ਚਿਤਾਵਨੀ, ਲੋਕਾਂ ਨੂੰ ਦਿੱਤੀ ਗਈ ਸਲਾਹ
ਕਿਸਾਨ ਆਗੂਆਂ ਨੇ ਇਸ ਧਾਰਮਿਕ ਪ੍ਰੋਗਰਾਮ ਵਿਚ ਸੂਬੇ ਭਰ ਦੇ ਕਿਸਾਨਾਂ ਨੂੰ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ ਤਾਂ ਜੋ ਕਿਸਾਨ ਆਪਣੀ ਏਕਤਾ ਅਤੇ ਆਪਣੀ ਤਾਕਤ ਤੋਂ ਸੂਬਾ ਅਤੇ ਕੇਂਦਰ ਸਰਕਾਰ ਨੂੰ ਜਾਣੂੰ ਕਰਵਾ ਸਕਣ। ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹਨ ਤੇ ਉਨ੍ਹਾਂ ਕਿਸਾਨਾਂ ਬਾਰੇ ਸੋਚਣਾ ਵੀ ਪੂਰੀ ਤਰ੍ਹਾਂ ਛੱਡ ਦਿੱਤਾ ਹੈ। ਸਰਕਾਰਾਂ ਦਾ ਧਿਆਨ ਦਿਵਾਉਂਦਿਆਂ ਪੰਜਾਬ ਦੀਆਂ ਦੋਵੇਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਸੰਘਰਸ਼ ਨੂੰ ਸਫ਼ਲਤਾ ਵੱਲ ਲਿਜਾਣ ਲਈ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਾ ਮੁੱਦਾ ਦੇਸ਼ ਦੀ ਸੰਸਦ ਤੱਕ ਪਹੁੰਚ ਗਿਆ ਹੈ। ਕਿਸਾਨ ਅੰਦੋਲਨ ਇਸ ਸਮੇਂ ਇਸ ਹੱਦ ਤੱਕ ਵੱਧ ਗਿਆ ਹੈ ਕਿ ਇਹ ਸੰਘਰਸ਼ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੇ ਬਿਨਾਂ ਖ਼ਤਮ ਹੋਣ ਵਾਲਾ ਨਹੀਂ ਹੈ।
ਇਹ ਵੀ ਪੜ੍ਹੋ : ਮੋਹਾਲੀ 'ਚ 17 ਸਾਲਾ ਮੁੰਡੇ ਦਾ ਚਾਕੂ ਨਾਲ ਵੱਢ 'ਤਾ ਗਲਾ, ਵਾਰਦਾਤ CCTV 'ਚ ਕੈਦ
ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਕਿਸਾਨ ਅੰਦੋਲਨ ਦੀ ਅਗਵਾਈ ਕਰਨ ਵਾਲੇ ਕਿਸਾਨ ਆਗੂ ਹੁਣ ਇਕ-ਇਕ ਕਰਕੇ ਅੰਦੋਲਨ ਲਈ ਕੁਰਬਾਨੀਆਂ ਕਰਨਗੇ। ਕਿਸਾਨ ਆਗੂ 26 ਨਵੰਬਰ ਤੋਂ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠਣਗੇ। ਜੇਕਰ ਇਸ ਦੌਰਾਨ ਕਿਸੇ ਕਿਸਾਨ ਆਗੂ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੀ ਮ੍ਰਿਤਕ ਦੇਹ ਧਰਨੇ ਵਾਲੀ ਥਾਂ ’ਤੇ ਰੱਖੀ ਜਾਵੇਗੀ ਅਤੇ ਕੋਈ ਹੋਰ ਕਿਸਾਨ ਆਗੂ ਮਰਨ ਵਰਤ ਜਾਰੀ ਰੱਖੇਗਾ। ਕਿਸਾਨਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਇਹ ਸਿਲਸਿਲਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਬੇਸ਼ੱਕ ਅੱਜ ਹਾਲਾਤ ਕਿਸਾਨਾਂ ਦੇ ਹੱਕ ਵਿਚ ਨਹੀਂ ਹਨ ਪਰ ਇਸ ਦੇ ਬਾਵਜੂਦ ਕਿਸਾਨ ਅੰਦੋਲਨ ਲਗਾਤਾਰ ਸਫ਼ਲਤਾ ਵੱਲ ਵੱਧ ਰਿਹਾ ਹੈ। ਕਿਸਾਨ ਜੱਥੇਬੰਦੀਆਂ ਦੀ ਅਹਿਮ ਮੀਟਿੰਗ ਤੋਂ ਬਾਅਦ ਸ਼ੁੱਕਰਵਾਰ ਨੂੰ ਐਲਾਨੇ ਇਸ ਫ਼ੈਸਲੇ ਨੇ ਸੂਬਾ ਸਰਕਾਰ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਕਿਸਾਨ ਆਗੂਆਂ ਵੱਲੋਂ ਐਲਾਨੇ ਗਏ ਮਰਨ ਵਰਤ ਦਾ ਅਸਰ ਭਾਵੇਂ ਜ਼ਿਮਨੀ ਚੋਣਾਂ ਵਿਚ ਨਜ਼ਰ ਨਾ ਆਵੇ ਪਰ ਆਉਣ ਵਾਲੇ ਦਿਨਾਂ ਵਿਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿਚ ਇਸ ਦਾ ਅਸਰ ਜ਼ਰੂਰ ਦੇਖਣ ਨੂੰ ਮਿਲੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ 18 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ ਅਲਰਟ! ਜਾਣੋ ਕੀ ਕੀਤੀ ਭਵਿੱਖਬਾਣੀ
NEXT STORY