ਚੰਡੀਗੜ੍ਹ (ਮਨਪ੍ਰੀਤ) : ਪੰਜਾਬ ’ਚ ਵੱਧ ਰਹੇ ਨਸ਼ੇ ਦੇ ਪ੍ਰਕੋਪ ਅਤੇ ਨਸ਼ਿਆਂ ਖ਼ਿਲਾਫ਼ ਲੜਦਿਆਂ ਜਾਨ ਗਵਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਭਾਰਤ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਹਲਕੇ ਦੇ ਵਿਧਾਇਕ, ਸਿਆਸੀ ਇੰਚਾਰਜਾਂ ਤੇ ਪੁਲਸ ਦੀ ਮਿਲੀ-ਭੁਗਤ ਤੋਂ ਬਿਨਾਂ ਨਸ਼ਾ ਨਹੀਂ ਵਿਕ ਸਕਦਾ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਨਸ਼ਾ ਵਿਕਣ ਵਾਲੇ ਇਲਾਕਿਆਂ ਦੇ ਐੱਸ. ਐੱਚ. ਓ., ਡੀ. ਐੱਸ. ਪੀ. ਅਤੇ ਡਰੱਗ ਇੰਸਪੈਕਟਰਾਂ ਦੀ ਸਿੱਧੀ ਜਵਾਬਦੇਹੀ ਤੈਅ ਕਰਦਿਆਂ ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਦੇ ਮਾਮਲਿਆਂ ’ਚ ਉਨ੍ਹਾਂ ਅਧਿਕਾਰੀਆਂ ਨੂੰ ਜ਼ਿੰਮੇਵਾਰ ਮੰਨ ਕੇ ਅਪਰਾਧਿਕ ਮੁਕੱਦਮੇ ਦਰਜ ਕੀਤੇ ਜਾਣ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ 22 ਅਕਤੂਬਰ ਦਿਨ ਵੀਰਵਾਰ ਨੂੰ ਮਾਨਸਾ ਵਿਖੇ ਚੱਲ ਰਹੇ ਧਰਨੇ ’ਚ ਸ਼ਮੂਲੀਅਤ ਕਰਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ
ਇਹ ਅਹਿਮ ਫ਼ੈਸਲੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਭਾਰਤ ਦੇ ਪੰਜਾਬ ਤੇ ਹਰਿਆਣਾ ਚੈਪਟਰ ਦੀ ਹੋਈ ਇਕ ਆਨਲਾਈਨ ਮੀਟਿੰਗ ਦੌਰਾਨ ਲਏ ਗਏ। ਇਸ ਮੀਟਿੰਗ ’ਚ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ, ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਹਰਦੋ ਝਾਂਡੇ, ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ, ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬਚਿੱਤਰ ਸਿੰਘ ਕੋਟਲਾ, ਭਾਰਤੀ ਕਿਸਾਨ ਯੂਨੀਅਨ ਮਝੈਲ ਦੇ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ, ਬੀ. ਕੇ. ਯੂ. ਮਾਨਸਾ ਦੀ ਸੂਬਾ ਪ੍ਰਧਾਨ ਬੀਬੀ ਪਰਮਜੀਤ ਕੌਰ ਤੇ ਭਾਰਤੀ ਕਿਸਾਨ ਏਕਤਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਵਿਸ਼ੇਸ਼ ਤੌਰ ’ਤੇ ਭਾਗ ਲਿਆ।
ਇਹ ਵੀ ਪੜ੍ਹੋ : ਅਚਾਨਕ ਬਦਲਿਆ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਜਾਣੋ ਹੁਣ ਕਿੱਥੇ-ਕਿੱਥੇ ਜਾਣਗੇ
ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕਰਦਿਆਂ ਆਗੂਆਂ ਨੇ ਸਰਬ ਸੰਮਤੀ ਨਾਲ ਫ਼ੈਸਲਾ ਕੀਤਾ ਕਿ ਮਾਨਸਾ ਕਮੇਟੀ ਵੱਲੋਂ ਦਿੱਤੇ ਗਏ ਹਰ ਸੱਦੇ ਦਾ ਪੂਰਨ ਸਮਰਥਨ ਕੀਤਾ ਜਾਵੇਗਾ। ਪੰਜਾਬ ਬੰਦ ਤੋਂ ਲੈ ਕੇ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਅਤੇ ਲਾਹਣਤ ਪੱਤਰ ਲਗਾਉਣ ਦੀਆਂ ਕਾਰਵਾਈਆਂ ’ਚ ਮੋਰਚਾ ਪਹਿਲਾਂ ਹੀ ਆਪਣੀ ਡਿਊਟੀ ਨਿਭਾ ਰਿਹਾ ਹੈ ਅਤੇ ਵੀਰਵਾਰ ਨੂੰ ਮੋਰਚੇ ਦੇ ਤਮਾਮ ਪ੍ਰਮੁੱਖ ਆਗੂ ਮਾਨਸਾ ਧਰਨੇ ’ਚ ਸ਼ਾਮਲ ਹੋ ਕੇ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਨੂੰ ਹੋਰ ਮਜ਼ਬੂਤ ਕਰਨਗੇ। ਸੰਯੁਕਤ ਕਿਸਾਨ ਮੋਰਚੇ ਨੇ ਸਮਾਜ ਦੇ ਸਾਰੇ ਵਰਗਾਂ, ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇੱਕਜੁੱਟ ਹੋ ਕੇ ਨਸ਼ੇ ਦੇ ਇਸ ਸੰਗਠਿਤ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਲਈ ਅੱਗੇ ਆਉਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਸਿਰਫ਼ 500 ਰੁਪਏ ਦੀ ਖਾਤਰ ਗੁੰਡਾਗਰਦੀ: ਨਸ਼ੇੜੀਆਂ ਨੇ ਟੈਂਟ ਹਾਊਸ ਮਾਲਕ 'ਤੇ ਤਲਵਾਰਾਂ ਨਾਲ ਕੀਤਾ ਜਾਨਲੇਵਾ ਹਮਲਾ
NEXT STORY