ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ 'ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਟਾਲਮਟੋਲ ਵਿਰੁੱਧ ਅਤੇ ਧਾਰੀ ਚੁੱਪ ਨੂੰ ਤੋੜਣ ਲਈ 29 ਅਕਤੂਬਰ ਨੂੰ ਵੱਡਾ ਇਕੱਠ ਕਰਕੇ ਅਗਲੇ ਐਕਸ਼ਨ ਕਰਨ ਦਾ ਐਲਾਨ ਕੀਤਾ। ਪੱਕੇ ਕਿਸਾਨ ਮੋਰਚੇ ਦੇ ਸਤਾਰਵੇਂ ਦਿਨ ਸੰਘਰਸ਼ੀ ਦੀਵਾਲੀ ਵੀ ਮੁੱਖ ਮੰਤਰੀ ਦੀ ਕੋਠੀ ਮੂਹਰੇ ਧੂਮ-ਧਾਮ ਨਾਲ ਮਨਾਈ। ਇਸ ਵਿੱਚ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਨੌਜਵਾਨ ਸ਼ਾਮਲ ਹੋਏ। ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਮੋਰਚੇ ਦੌਰਾਨ ਸ਼ਹੀਦ ਹੋਏ ਦੋ ਕਿਸਾਨਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦੇ ਮੁਆਵਜ਼ੇ ਬਾਰੇ ਵੀ ਸਰਕਾਰ ਚੁੱਪ ਧਾਰੀ ਬੈਠੀ ਹੈ ਅਤੇ ਉਲਟਾ ਬਜ਼ੁਰਗਾਂ ਨੂੰ ਸੰਘਰਸ਼ 'ਚ ਨਾ ਲਿਆਉਣ ਦੀ ਮੱਤ ਦੇ ਰਹੀ ਹੈ।
ਇਹ ਵੀ ਪੜ੍ਹੋ : ਇੰਗਲੈਂਡ 'ਚ ਭਾਰਤੀ ਮੂਲ ਦਾ ਪ੍ਰਧਾਨ ਮੰਤਰੀ ਬਣਨਾ ਲੋਕਤੰਤਰ ਦੀ ਖ਼ੂਬਸੂਰਤੀ : ਮਲੂਕਾ
ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਜਰਨਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਠੋਸ ਸੁਝਾਵਾਂ ਸਮੇਤ ਪਹਿਲੇ ਦਿਨਾ 'ਚ ਭੇਜੇ ਗਏ ਯਾਦ ਪੱਤਰ 'ਚ ਦਰਜ ਮੰਗਾਂ ਬਾਰੇ ਵੀ ਜ਼ਿਲ੍ਹਾ ਸੰਗਰੂਰ ਦੇ ਅਧਿਕਾਰੀਆਂ ਰਾਹੀਂ ਤਾਂ ਵਾਰ ਵਾਰ ਕੁਝ ਵੇਰਵੇ ਭੇਜੇ ਜਾ ਰਹੇ ਹਨ ਪ੍ਰੰਤੂ ਕਿਸਾਨ ਆਗੂਆਂ ਵੱਲੋਂ ਇਨ੍ਹਾਂ ਵੇਰਵਿਆਂ ਵਿੱਚ ਸੰਭਵ ਵਾਧੇ ਕਰਨ ਬਾਰੇ ਮੁੱਖ ਮੰਤਰੀ ਦੁਆਰਾ ਸਮਾਂ ਕੱਢਣ ਦੀ ਅਪੀਲ ਲਗਾਤਾਰ ਅਣਸੁਣੀ ਕੀਤੀ ਗਈ ਹੈ ਅਤੇ ਅੱਜ ਤੱਕ ਚੁੱਪ ਵੱਟੀ ਹੋਈ ਹੈ। ਯਾਦ ਪੱਤਰ ਵਿੱਚ ਪੰਜਾਬ ਦੇ ਹਿੱਸੇ ਆਏ ਦਰਿਆਈ ਪਾਣੀਆਂ ਦੀ ਖੇਤੀ ਲਈ ਪੂਰੀ ਪੂਰੀ ਵਰਤੋਂ ਦਾ ਰੋਡ ਮੈਪ ਤਿਆਰ ਕਰਕੇ ਕਿਸਾਨਾਂ ਨੂੰ ਦੇਣ ਅਤੇ ਇਸਦੀ ਨਾਂ-ਮਾਤਰ ਵਰਤੋਂ ਬਾਰੇ ਲੋਕ ਸਭਾ ਵਿੱਚ ਪੇਸ਼ ਕੀਤੀ ਗਈ ਰਿਪੋਰਟ ਸਮੇਤ ਪੰਜਾਬ ਖੇਤੀਬਾੜੀ ਵਿਭਾਗ ਦੇ ਵੇਰਵੇ ਵੀ ਜਨਤਕ ਕੀਤੇ ਜਾਣ। ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਸਾਨਾਂ ਮਜ਼ਦੂਰਾਂ ਨੂੰ ਚੌਕਸ ਕੀਤਾ ਕਿ ਪੰਜਾਬ ਦੇ ਕੁੱਝ ਖਾਨਦਾਨੀ ਫਿਰਕਾਪ੍ਰਸਤ ਆਗੂਆਂ ਅਤੇ ਕੁੱਝ ਭਟਕੇ ਹੋਏ ਨੌਜਵਾਨਾਂ ਵੱਲੋਂ ਲੋਕਾਂ ਦੇ ਭਖਦੇ ਮਸਲਿਆਂ ਤੋਂ ਧਿਆਨ ਭਟਕਾ ਕੇ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਨੂੰ ਸੰਘਰਸ਼ ਦੀ ਫੇਟ ਤੋਂ ਬਚਾਉਣ ਲਈ ਲੋਕਾਂ 'ਚ ਪਾਟਕ ਪਾਉਣ ਦੀ ਨੀਤੀ ਦੀ ਸਖ਼ਤ ਨਿੰਦਾ ਕੀਤੀ।

ਇਸੇ ਤਰ੍ਹਾਂ ਐਸ. ਵਾਈ. ਐੱਲ ਨਹਿਰ ਵਰਗੇ ਭਰਾਤਰੀ ਭਾਵ ਨਾਲ ਹੱਲ ਹੋ ਸਕਣ ਵਾਲੇ ਮੁੱਦਿਆਂ ਨੂੰ ਬੇਲੋੜਾ ਵਾਦ-ਵਿਵਾਦ ਬਣਾ ਕੇ ਉਭਾਰਨ ਦੀ ਵੀ ਸਖ਼ਤ ਅਲੋਚਨਾ ਕੀਤੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਹਰਭਗਵਾਨ ਮੂਣਕ ਅਤੇ ਪੰਜਾਬ ਸਟੁਡੈਂਟ ਯੂਨੀਅਨ ਸ਼ਹੀਦ ਰੰਧਾਵਾ ਦੇ ਸੂਬਾ ਜਥੇਬੰਦਕ ਸਕੱਤਰ ਹੁਸ਼ਿਆਰ ਸਿੰਘ ਸਲੇਮਗੜ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਰ ਕਿਰਤੀ ਵਰਗ ਨਾਲ ਧੋਖਾ ਕਰਨ ਦੀ ਨਿਖੇਧੀ ਕੀਤੀ ਅਤੇ ਕਿਸਾਨ ਮੋਰਚੇ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ । ਸਟੇਜ ਸਕੱਤਰ ਦੀ ਭੂਮਿਕਾ ਸੂਬਾ ਪ੍ਰੈੱਸ ਜਗਤਾਰ ਸਿੰਘ ਕਾਲਾ ਝਾੜ ਨੇ ਨਿਭਾਈ। ਅਤੇ ਸੂਬਾ ਆਗੂ ਰੂਪ ਸਿੰਘ ਛੰਨਾ,ਜਨਕ ਸਿੰਘ ਭੁਪਾਲ, ਜਗਦੇਵ ਸਿੰਘ ਜੋਗੇਵਾਲਾ ਬਠਿੰਡਾ ਦਰਸ਼ਨ ਸਿੰਘ ਭੈਣੀ ਮਰਾਹਜ ਬਰਨਾਲਾ ਨੇ ਸੰਬੋਧਨ ਕੀਤਾ। ਰਾਤ ਨੂੰ ਸੰਘਰਸੀ ਦੀਵਾਲੀ ਮੌਕੇ ਲੋਕ ਕਲਾ ਮੰਚ ਮੁੱਲਾਂਪੁਰ ਦੀ ਟੀਮ ਵੱਲੋਂ ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਅਗਾਂਹਵਧੂ ਨਾਟਕ ਦੀ ਇਨਾਂ ਜ਼ਖ਼ਮਾਂ ਦਾ ਕੀ ਕਰੀਏ ਦੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਹਲੂਣ ਕੇ ਰੱਖ ਦਿੱਤਾ।
ਇਹ ਵੀ ਪੜ੍ਹੋ : CM ਮਾਨ ਵੱਲੋਂ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ ਕਦਮਾਂ 'ਤੇ ਚੱਲਣ ਦਾ ਸੱਦਾ, ਸੂਬੇ ਨੂੰ ਲੈ ਕੇ ਕਹੀਆਂ ਇਹ ਗੱਲਾਂ
ਹਰਜੀਤ ਗਰੇਵਾਲ ਨੂੰ ਰਾਜਾ ਵੜਿੰਗ ਦਾ ਜਵਾਬ, ਕਹੀਆਂ ਇਹ ਗੱਲਾਂ
NEXT STORY