ਚੰਡੀਗੜ੍ਹ (ਬਿਊਰੋ) : ਕੋਰੋਨਾ ਵਾਇਰਸ ਲਾਗ ਦੇ ਚੱਲਦਿਆਂ ਸਾਲ 2020 ਭਵਿੱਖ 'ਚ ਹਮੇਸ਼ਾ ਯਾਦ ਕੀਤਾ ਜਾਵੇਗਾ। ਇਸ ਵਾਇਰਸ ਨਾਲ ਲੋਕਾਂ ਦੀ ਜੀਵਨਸ਼ੈਲੀ 'ਤੇ ਵਿਆਪਕ ਅਸਰ ਪਿਆ ਹੈ। ਇਸ ਨਾਲ ਲੋਕਾਂ ਦਾ ਰਹਿਣ-ਸਹਿਣ ਬਿਲਕੁਲ ਬਦਲ ਗਿਆ ਹੈ। ਕੋਵਿਡ-19 ਦਾ ਪ੍ਰਭਾਵ ਹਾਲੇ ਵੀ ਘੱਟ ਨਹੀਂ ਹੋਇਆ ਹੈ। ਸਾਲ 2020 ਖ਼ਤਮ ਹੋਣ 'ਚ ਸਿਰਫ਼ ਅੱਜ ਦਾ ਹੀ ਦਿਨ ਬਾਕੀ ਹੈ। ਇਸ ਸਾਲ ਪੰਜਾਬੀ ਕਲਾਕਾਰ ਵਿਵਾਦਾਂ ਤੋਂ ਜ਼ਿਆਦਾ ਤਾਲਾਬੰਦੀ ਤੋਂ ਕਿਸਾਨੀ ਸੰਘਰਸ਼ ਤਕ ਮਦਦ ਲਈ ਵਧਾਏ ਗਏ ਕੰਮਾਂ ਨੂੰ ਲੈ ਕੇ ਚਰਚਾ 'ਚ ਰਿਹਾ।
ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਇਨ੍ਹੀਂ ਦਿਨੀਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ 'ਚ ਵੀ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨੀ ਅੰਦੋਲਨ ਨੂੰ ਵੱਖ-ਵੱਖ ਵਰਗਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ। ਅੰਦੋਲਨ ਨੂੰ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਜਿਥੇ ਆਮ ਲੋਕ ਪਹੁੰਚ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਵੀ ਪਹੁੰਚ ਰਹੇ ਹਨ। ਉਥੇ ਹੀ ਪੰਜਾਬੀ ਕਲਾਕਾਰ ਆਪਣੇ ਗੀਤਾਂ ਰਾਹੀਂ ਕਿਸਾਨਾਂ ਦਾ ਹੌਂਸਲਾ ਵਧਾ ਰਹੇ ਹਨ। ਨਵੇਂ ਸਾਲ ਦੀ ਸ਼ੁਰੂਆਤ 'ਚ ਸਿਰਫ਼ ਅੱਜ ਦਾ ਦਿਨ ਬਾਕੀ ਹੈ। ਪੰਜਾਬੀ ਕਲਾਕਾਰਾਂ ਦੇ ਪ੍ਰਸ਼ੰਸਕ ਆਪਣੇ ਚਹੇਤੇ ਕਲਾਕਾਰਾਂ ਨੂੰ ਨਵੇਂ ਸਾਲ 'ਤੇ ਸੋਸ਼ਲ ਮੀਡੀਆ ਰਾਹੀਂ ਵਧਾਈਆਂ ਦਿੰਦੇ ਹਨ ਅਤੇ ਕਈ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਤੋਹਫ਼ੇ ਦਿੰਦੇ ਹਨ। ਇਸੇ ਨੂੰ ਵੇਖਦੇ ਹੋਏ ਪੰਜਾਬੀ ਗਾਇਕ ਅਤੇ ਰਾਣਜੀਤ ਬਾਵਾ ਨੇ ਇਕ ਪੋਸਟ ਸਾਂਝੀ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀ ਹੈ। ਰਣਜੀਤ ਬਾਵਾ ਨੇ ਆਪਣੀ ਪੋਸਟ 'ਚ ਲਿਖਿਆ ਹੈ, 'ਕੋਈ ਵੀ ਵੀਰ ਨਵੇਂ ਸਾਲ ਦੀਆਂ ਮੁਬਾਰਕਾਂ ਨਾ ਭੇਜੇ ਨਵਾਂ ਸਾਲ ਕਿਸਾਨੀ ਸੰਘਰਸ਼ ਦੀ ਜਿੱਤ ਦੇ ਨਾਲ ਮਨਾਵਾਂਗੇ। ਧੰਨਵਾਦ।' ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਰਣਜੀਤ ਬਾਵਾ ਨੇ ਕੈਪਸ਼ਨ 'ਚ ਲਿਖਿਆ ਹੈ 'ਚੜ੍ਹਦੀ ਕਲਾ ਪੰਜਾਬ ਦੀ।'
ਦੱਸ ਦਈਏ ਕਿ ਇਸ ਸਾਲ ਪੰਜਾਬੀ ਕਲਾਕਾਰਾਂ ਦਾ ਇਕ ਵੱਖਰਾ ਰੂਪ ਵੇਖਣ ਨੂੰ ਮਿਲਿਆ। ਕੋਰੋਨਾ ਕਾਲ 'ਚ ਜ਼ਰੂਰਤਮੰਦ ਲੋਕਾਂ ਲਈ ਜਿਥੇ ਪੰਜਾਬੀ ਕਲਾਕਾਰਾਂ ਨੇ ਹੱਥ ਵਧਾਇਆ, ਉਥੇ ਹੀ ਕਿਸਾਨੀ ਅੰਦੋਲਨ 'ਚ ਵੀ ਪਹਿਲੇ ਦਿਨ ਤੋਂ ਕਿਸਾਨ ਭਰਾਵਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।
ਤਾਲਾਬੰਦੀ ਦੌਰਾਨ ਕੀਤੀ ਜ਼ਰੂਰਤਮੰਦ ਲੋਕਾਂ ਦੀ ਮਦਦ
ਗੱਲ ਕਰੀਏ ਸਾਲ ਦੀ ਸ਼ੁਰੂਆਤ ਦੀ ਤਾਂ ਜਿਥੇ ਕੋਰੋਨਾ ਵਾਇਰਸ ਕਰਕੇ ਦੇਸ਼ ਭਰ 'ਚ ਤਾਲਾਬੰਦੀ ਦੇਖਣ ਨੂੰ ਮਿਲੀ, ਉਥੇ ਪੰਜਾਬੀ ਕਲਾਕਾਰ ਵੀ ਘਰਾਂ 'ਚ ਬੈਠ ਗਏ। ਆਪਣੀ ਟੀਮ ਅਤੇ ਆਮ ਲੋਕਾਂ ਦੀਆਂ ਜ਼ਰੂਰਤਾਂ ਨੂੰ ਦੇਖ ਵੱਖ-ਵੱਖ ਕਲਾਕਾਰਾਂ ਵਲੋਂ ਆਪਣੇ ਇਲਾਕੇ ਦੇ ਜ਼ਰੂਰਤਮੰਦਾਂ ਤੇ ਨਜ਼ਦੀਕੀਆਂ ਦੀ ਮਦਦ ਕੀਤੀ ਗਈ। ਦਿਹਾੜੀਦਾਰ ਲੋਕਾਂ ਲਈ ਇਸ ਔਖੀ ਘੜੀ 'ਚ ਗੁਜ਼ਾਰਾ ਕਰਨਾ ਮੁਸ਼ਕਿਲ ਹੋਇਆ ਪਰ ਕਲਾਕਾਰਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਦਿਹਾੜੀਦਾਰ ਵਿਅਕਤੀ ਦੀ ਰੋਟੀ ਬੰਦ ਨਹੀਂ ਹੋਣ ਦਿੱਤੀ ਤੇ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰਦੇ ਰਹੇ।
ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।
ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।
ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।
ਧੁੰਦ ਦਾ ਕਹਿਰ: ਐੱਨ.ਐੱਚ. 7 ’ਤੇ ਵਾਪਰੇ ਤਿੰਨ ਸੜਕ ਹਾਦਸਿਆਂ ’ਚ ਇੱਕ ਦੀ ਮੌਤ
NEXT STORY