ਸੁਲਤਾਨਪੁਰ ਲੋਧੀ, (ਅਸ਼ਵਨੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਅੱਜ ਇਕ ਭਰਵੇਂ ਇਕੱਠ ਦੀ ਮੀਟਿੰਗ ਹੋਈ। ਜਿਸ ’ਚ 21 ਅਗਸਤ ਤੋਂ ਡੀ. ਸੀ. ਦਫਤਰ ਕਪੂਰਥਲਾ ਮੋਹਰੇ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਮੰਗਾਂ ਸਬੰਧੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। ਸੁਲਤਾਨਪੁਰ ਲੋਧੀ ਜ਼ੋਨ ਪ੍ਰਧਾਨ ਜਥੇਦਾਰ ਪਰਮਜੀਤ ਸਿੰਘ ਖਾਲਸਾ ਦੀ ਪ੍ਰਧਾਨਗੀ ’ਚ ਮਤਾ ਪਾਸ ਕਰ ਕੇ ਫੈਸਲਾ ਕੀਤਾ ਗਿਆ ਕਿ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫੀ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ, ਆਬਾਦਕਾਰ ਕਿਸਾਨਾਂ ਨੂੰ ਪੱਕੇ ਤੌਰ ’ਤੇ ਮਾਲਕੀ ਹੱਕ ਦੇਣ ਆਦਿ ਮੰਗਾਂ ਨੂੰ ਲੈ ਕੇ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਪਰਮਜੀਤ ਸਿੰਘ ਖਾਲਸਾ, ਮੁਖਤਾਰ ਸਿੰਘ ਮੁੰਡੀ ਛੰਨਾ ਨੇ ਪੰਜਾਬ ਤੇ ਕੇਂਦਰ ਸਰਕਾਰ ਦੀ ਸਖਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਜ਼ੋਰਦਾਰ ਮੰਗ ਕੀਤੀ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਬਾਸਮਤੀ ਤੇ ਹੋਰ ਫਸਲਾਂ ਦੇ ਭਾਅ ਲਾਗਤ ਖਰਚਿਆਂ ’ਚ 50 ਪ੍ਰਤੀਸ਼ਤ ਮੁਨਾਫਾ ਜੋਡ਼ ਕੇ ਦਿੱਤਾ ਜਾਵੇ।
ਇਸ ਮੌਕੇ ਐਡਵੋਕੇਟ ਸਤਨਾਮ ਸਿੰਘ ਮੋਮੀ, ਜਸਵੰਤ ਸਿੰਘ, ਲੱਖਾ ਸਿੰਘ, ਬਲਜਿੰਦਰ ਸਿੰਘ, ਸਰਵਨ ਸਿੰਘ, ਹਾਕਮ ਸਿੰਘ, ਤਰਸੇਮ ਸਿੰਘ, ਸੁਖਚੈਨ ਸਿੰਘ, ਅਮਰ ਸਿੰਘ, ਭਜਨ ਸਿੰਘ ਆਦਿ ਹਾਜ਼ਰ ਸਨ।
ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਸੁਪਰੀਮ ਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ : ਮਜੀਠੀਆ
NEXT STORY