ਫਤਿਹਗੜ੍ਹ ਸਾਹਿਬ (ਜਗ ਬਾਣੀ ਟੀਮ, ਜਗਦੇਵ,ਜਗਦੇਵ, ਸੁਰੇਸ਼, ਜੱਜੀ, ਬਖਸ਼ੀ, ਮੱਗੋ): ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਸਭਾ ਮੌਕੇ ਦੂਸਰੇ ਦਿਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਠੰਡ 'ਤੇ ਸ਼ਰਧਾਲੂਆਂ ਦੀ ਆਸਥਾ ਭਾਰੀ ਪਈ ਦਿਖਾਈ ਦਿੱਤੀ ਤੇ ਸਵੇਰ ਤੜਕ ਸਾਰ ਤੋਂ ਹੀ ਸੰਗਤਾਂ ਵੱਡੀਆਂ-ਵੱਡੀਆਂ ਲਾਈਨਾਂ ਗੁਰੂ ਘਰ ਨਤਮਸਤਕ ਹੁੰਦੀਆਂ ਦਿਖਾਈ ਦਿੱਤੀਆਂ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਦਰਬਾਰ ਵਿਖੇ ਅੰਮ੍ਰਿਤ ਵੇਲੇ ਆਸਾ ਦੀ ਵਾਰ ਦਾ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ ਨੇ ਕੀਤਾ। ਇਸ ਤੋਂ ਇਲਾਵਾ 6 ਤੋਂ 13 ਪੋਹ ਤੱਕ ਲੜੀਵਾਰ ਚੱਲ ਰਹੇ ਗੁਰਮਤਿ ਸਮਾਗਮਾਂ ਤਹਿਤ ਗੁਰਦੁਆਰਾ ਸਾਹਿਬ ਵਿਖੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਤੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਸਾਹਿਬਜ਼ਾਦਿਆਂ ਦੇ ਇਤਿਹਾਸ ਦੀ ਲੜੀਵਾਰ ਕਥਾ ਕੀਤੀ।

ਇਸੇ ਦੌਰਾਨ ਸਾਰਾ ਦਿਨ ਗੁਰਬਾਣੀ ਕੀਰਤਨ ਦਾ ਪ੍ਰਵਾਹ ਚੱਲਦਾ ਰਿਹਾ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਟੋਡਰ ਮੱਲ ਦੀਵਾਨ ਹਾਲ ਤੇ ਗੁਰਦੁਆਰਾ ਸਾਹਿਬ ਦੇ ਬਿਲਕੁਲ ਸਾਹਮਣੇ ਬਾਹਰਵਾਰ ਖੁੱਲ੍ਹੇ ਪੰਡਾਲ 'ਚ ਧਾਰਮਕ ਦੀਵਾਨ ਵੀ ਸਜਾਏ ਗਏ, ਜਿਨ੍ਹਾਂ 'ਚ ਪੰਥ ਪ੍ਰਸਿੱਧ ਕਥਾਵਾਚਕ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦਾ ਜੀਵਨ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ। ਸ਼ਹੀਦੀ ਸਭਾ ਦੌਰਾਨ ਅੱਜ ਦਸਮ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਵੱਖ-ਵੱਖ ਧਾਰਮਿਕ, ਰਾਜਸੀ ਤੇ ਸਮਾਜਕ ਸ਼ਖ਼ਸੀਅਤਾਂ ਨੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹਾਜ਼ਰੀ ਭਰੀ। ਗੁਰੂ ਘਰ ਨਤਮਸਤਕ ਹੋਣ ਵਾਲੀਆਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਗਦੀਪ ਸਿੰਘ ਚੀਮਾ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਬੀਬੀ ਜਗੀਰ ਕੌਰ, ਸੁਰਜੀਤ ਸਿੰਘ ਰੱਖੜਾ, ਦੀਦਾਰ ਸਿੰਘ ਭੱਟੀ, ਹੀਰਾ ਸਿੰਘ ਗਾਬੜੀਆ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਦਰਬਾਰਾ ਸਿੰਘ ਗੁਰੂ, ਜ਼ਿਲਾ ਪ੍ਰਧਾਨ ਮਨਪ੍ਰੀਤ ਕੌਰ ਹੁੰਦਲ, ਗੁਰਮੀਤ ਸਿੰਘ ਚੀਮਾ ਡਾਇਰੈਕਟਰ ਮਾਰਕਫੈੱਡ, ਕੁਲਵਿੰਦਰ ਸਿੰਘ ਡੇਰਾ, ਬਲਜੀਤ ਸਿੰਘ ਭੁੱਟਾ, ਜ਼ਿਲਾ ਪ੍ਰਧਾਨ ਜਥੇ. ਸਵਰਨ ਸਿੰਘ ਚਨਾਰਥਲ, ਗੁਰਬਿੰਦਰ ਸਿੰਘ ਭੱਟੀ, ਸ਼ਰਨਜੀਤ ਸਿੰਘ ਚਨਾਰਥਲ, ਹਰਵਿੰਦਰ ਸਿੰਘ ਬੱਬਲ ਆਦਿ ਸ਼ਾਮਲ ਸਨ।
ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ, ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਧਰਮ ਤੇ ਸਿਆਸਤ ਨਾਲੋ-ਨਾਲ ਚੱਲਦੇ ਹਨ ਤੇ ਅਜਿਹੀਆਂ ਸਟੇਜਾਂ ਤੋਂ ਸੱਚ ਦੀ ਆਵਾਜ਼ ਉਠਾਉਣ ਨੂੰ ਕੋਈ ਰੋਕ ਨਹੀਂ ਸਕਦਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਲਾਸਾਨੀ ਹੈ, ਜਿਸ ਤੋਂ ਹਿੰਮਤ, ਅਣਖ, ਦਲੇਰੀ ਤੇ ਨਿਡਰਤਾ ਨਾਲ ਧਰਮ ਦੇ ਅਸੂਲਾਂ 'ਤੇ ਪਹਿਰਾ ਦੇਣ ਦੀ ਪ੍ਰੇਰਣਾ ਮਿਲਦੀ ਹੈ। ਭਾਈ ਲੌਂਗੋਵਾਲ ਨੇ ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੇ ਸਮਰਪਣ ਨੂੰ ਵੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਜਸਮੇਰ ਸਿੰਘ ਲਾਛੜੂ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖ਼ਾਲਸਾ, ਬਲਦੇਵ ਸਿੰਘ ਚੂੰਘਾ, ਪਰਮਜੀਤ ਸਿੰਘ ਖ਼ਾਲਸਾ ਬਰਨਾਲਾ, ਚਰਨਜੀਤ ਸਿੰਘ ਕਾਲੇਵਾਲ, ਨਿਰਮੈਲ ਸਿੰਘ ਜੌਲਾਂ, ਬਾਬਾ ਜਗਜੀਤ ਸਿੰਘ ਬੜੂ ਸਾਹਿਬ, ਸਕੱਤਰ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਇੰਜੀ. ਸੁਖਮਿੰਦਰ ਸਿੰਘ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਨੱਥਾ ਸਿੰਘ, ਇੰਚਾਰਜ ਪਰਮਦੀਪ ਸਿੰਘ, ਮੈਨੇਜਰ ਅਮਰਜੀਤ ਸਿੰਘ, ਦਰਸ਼ਨ ਸਿੰਘ ਪੀ. ਏ. ਤੇ ਲੱਖਾਂ ਦੀ ਗਿਣਤੀ 'ਚ ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਹਾਜ਼ਰ ਸਨ।
ਕੜਾਕੇ ਦੀ ਠੰਡ ਤੋਂ 'ਇਸ ਸਾਲ' ਨਹੀਂ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
NEXT STORY