ਡੇਰਾਬੱਸੀ (ਅਨਿਲ ਸ਼ਰਮਾ) : ਡੇਰਾਬੱਸੀ ਦੇ ਨੇੜਲੇ ਪਿੰਡ ਬਰੌਲੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁਆਂਢੀ ਪਰਿਵਾਰਾਂ ਵਿਚਾਲੇ ਜ਼ਬਰਦਸਤ ਮਾਰਕੁੱਟ ਹੋ ਗਈ। ਮਾਮੂਲੀ ਤਕਰਾਰ ਤੋਂ ਸ਼ੁਰੂ ਹੋਇਆ ਵਿਵਾਦ ਦੇਖਦੇ ਹੀ ਦੇਖਦੇ ਹਿੰਸਕ ਝੜਪ 'ਚ ਬਦਲ ਗਿਆ। ਇਸ ਦੌਰਾਨ ਦੋਵਾਂ ਧਿਰਾਂ ਦੇ ਕੁੱਲ 6 ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਇੱਕ ਪਰਿਵਾਰ ਦੇ ਚਾਰ ਅਤੇ ਦੂਜੇ ਪਰਿਵਾਰ ਦੇ ਦੋ ਮੈਂਬਰ ਸ਼ਾਮਲ ਹਨ। ਸਾਰੇ ਜ਼ਖ਼ਮੀਆਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਡੇਰਾਬੱਸੀ ਸਿਵਲ ਹਸਪਤਾਲ ਤੋਂ ਚੰਡੀਗੜ੍ਹ ਦੇ ਸੈਕਟਰ-32 ਸਥਿਤ ਹਸਪਤਾਲ 'ਚ ਰੈਫ਼ਰ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਪਿੰਡ ਬਰੌਲੀ 'ਚ ਦੋਵੇਂ ਪਰਿਵਾਰ ਇੱਕ-ਦੂਜੇ ਦੇ ਗੁਆਂਢ 'ਚ ਰਹਿੰਦੇ ਹਨ ਅਤੇ ਉਨ੍ਹਾਂ ਵਿਚਾਲੇ ਲੰਬੇ ਸਮੇਂ ਤੋਂ ਕਿਸੇ ਗੱਲ ਨੂੰ ਲੈ ਕੇ ਆਪਸੀ ਰੰਜਿਸ਼ ਚੱਲ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਇਸੇ ਪੁਰਾਣੀ ਰੰਜਿਸ਼ ਕਾਰਨ ਕਿਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਤਕਰਾਰ ਹੋ ਗਈ। ਦੇਖਦੇ ਹੀ ਦੇਖਦੇ ਵਿਵਾਦ ਇੰਨਾ ਵੱਧ ਗਿਆ ਕਿ ਦੋਵਾਂ ਪਾਸਿਆਂ ਤੋਂ ਮਾਰਕੁੱਟ ਸ਼ੁਰੂ ਹੋ ਗਈ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਇੱਕ-ਦੂਜੇ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ 6 ਵਿਅਕਤੀ ਜ਼ਖ਼ਮੀ ਹੋ ਗਏ।
ਇਸ ਝਗੜੇ 'ਚ ਇੱਕ ਧਿਰ ਦੇ ਰਾਮਕੁਮਾਰ, ਸੁਖਵਿੰਦਰ ਕੌਰ ਅਤੇ ਉਨ੍ਹਾਂ ਦੇ ਦੋ ਪੁੱਤਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉੱਥੇ ਹੀ ਦੂਜੀ ਧਿਰ ਦੇ ਮੋਹਨਲਾਲ ਅਤੇ ਸੰਜੀਵ ਕੁਮਾਰ ਨੂੰ ਵੀ ਸੱਟਾਂ ਲੱਗੀਆਂ ਹਨ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਉੱਥੇ ਡਾਕਟਰਾਂ ਨੇ ਮੁੱਢਲਾ ਇਲਾਜ ਕੀਤਾ, ਪਰ ਸੱਟਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਾਰੇ 6 ਜ਼ਖ਼ਮੀਆਂ ਨੂੰ ਬਿਹਤਰ ਇਲਾਜ ਲਈ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ 'ਚ ਰੈਫ਼ਰ ਕਰ ਦਿੱਤਾ ਗਿਆ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਐੱਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਪਿੰਡ ਬਰੌਲੀ ਵਿੱਚ ਦੋ ਪਰਿਵਾਰਾਂ ਵਿਚਾਲੇ ਹੋਈ ਮਾਰਕੁੱਟ ਦੇ ਮਾਮਲੇ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਧਿਰਾਂ ਤੋਂ ਮਿਲੀ ਜਾਣਕਾਰੀ ਅਤੇ ਘਟਨਾ ਨਾਲ ਜੁੜੇ ਤੱਥਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਪੂਰੀ ਹੋਣ ਅਤੇ ਸਾਰੇ ਤੱਥ ਸਾਹਮਣੇ ਆਉਣ ਤੋਂ ਬਾਅਦ ਉਸ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਘਟਨਾ ਤੋਂ ਬਾਅਦ ਪਿੰਡ 'ਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਗੁਆਂਢ 'ਚ ਰਹਿਣ ਵਾਲੇ ਪਰਿਵਾਰਾਂ ਵਿਚਾਲੇ ਪੁਰਾਣੀ ਰੰਜਿਸ਼ ਕਾਰਨ ਇਸ ਤਰ੍ਹਾਂ ਦੀ ਹਿੰਸਕ ਝੜਪ ਹੋਣਾ ਚਿੰਤਾ ਦਾ ਵਿਸ਼ਾ ਹੈ। ਫਿਲਹਾਲ ਸਾਰਿਆਂ ਦੀਆਂ ਨਜ਼ਰਾਂ ਪੁਲਸ ਜਾਂਚ ਅਤੇ ਅਗਲੀ ਕਾਨੂੰਨੀ ਕਾਰਵਾਈ 'ਤੇ ਟਿਕੀਆਂ ਹੋਈਆਂ ਹਨ।
ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ ਭਾਜਪਾ ਪ੍ਰਧਾਨ ਨਿਤਿਨ ਨਬੀਨ, ਸ਼ੁਰੂ ਹੋਵੇਗੀ ਸਮਰਸਤਾ ਸੰਕਲਪ ਯਾਤਰਾ
NEXT STORY