ਚੰਡੀਗੜ੍ਹ (ਭੁੱਲਰ) - ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀ ਐਡਵਾਈਜ਼ਰੀ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਅੱਜ ਕਮੇਟੀ ਦੇ ਚੇਅਰਮੈਨ ਬਲਬੀਰ ਸਿੰਘ ਸਿੱਧੂ ਕਿਰਤ ਮੰਤਰੀ ਪੰਜਾਬ ਦੀ ਅਗਵਾਈ ਹੇਠ ਹੋਈ, ਜਿਸ ਵਿਚ ਇਹ ਅਹਿਮ ਫ਼ੈਸਲਾ ਲਿਆ ਗਿਆ ਕਿ ਉਸਾਰੀ ਕਿਰਤੀਆਂ ਨੂੰ ਕੈਂਸਰ ਵਰਗੀਆਂ ਗੰਭੀਰ ਤੇ ਮਾਰੂ ਬੀਮਾਰੀਆਂ ਦੇ ਇਲਾਜ ਲਈ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਇਕ ਲੱਖ ਰੁਪਏ ਤੋਂ ਵਧਾ ਕੇ ਦੋ ਲੱਖ ਰੁਪਏ ਤੱਕ ਕੀਤੀ ਜਾਵੇਗੀ।
ਜਾਣਕਾਰੀ ਦਿੰਦੇ ਹੋਏ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦਾ ਮੁੱਖ ਮਨੋਰਥ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵੈੱਲਫੇਅਰ ਬੋਰਡ ਦੀਆਂ ਵਿੱਤੀ ਸਹੂਲਤਾਂ 'ਚ ਵਾਧਾ ਕਰਨ ਦੇ ਨਾਲ-ਨਾਲ ਬੋਰਡ ਵੱਲੋਂ ਪ੍ਰਾਪਤ ਕੀਤੇ ਜਾਂਦੇ ਸੈੱਸ ਵਿਚ ਹੋਰ ਵਾਧਾ ਕਰਨਾ ਸੀ ਤਾਂ ਜੋ ਲੋੜਵੰਦ ਉਸਾਰੂ ਕਿਰਤੀਆਂ ਨੂੰ ਸਮੇਂ ਸਿਰ ਵੱਖ-ਵੱਖ ਭਲਾਈ ਸਕੀਮਾਂ ਅਧੀਨ ਵਿੱਤੀ ਸਹਾਇਤਾ ਦਿੱਤੀ ਜਾ ਸਕੇ। ਇਸ ਦੇ ਨਾਲ ਹੀ ਐਡਵਾਈਜ਼ਰੀ ਕਮੇਟੀ ਨੇ ਉਸਾਰੀ ਕਿਰਤੀਆਂ ਦੇ ਮੈਡੀਕਲ ਕਲੇਮ ਬਿੱਲਾਂ ਨੂੰ ਪਾਸ ਕਰਵਾਉਣ ਲਈ ਲੇਬਰ ਇੰਸਪੈਕਟਰਾਂ ਨੂੰ ਅੰਤਿਮ ਤੌਰ 'ਤੇ ਜਵਾਬਦੇਹ ਬਣਾਇਆ ਹੈ। ਇਸ ਦੇ ਨਾਲ ਹੀ ਇਕ ਹੋਰ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਐਡਵਾਈਜ਼ਰੀ ਕਮੇਟੀ ਨੇ ਉਸਾਰੀ ਕਿਰਤੀਆਂ ਦੀਆਂ ਬੱਚੀਆਂ ਦੇ ਵਿਆਹ 'ਤੇ ਦਿੱਤੀ ਜਾਣ ਵਾਲੀ ਸ਼ਗਨ ਰਾਸ਼ੀ 31 ਹਜ਼ਾਰ ਰੁਪਏ ਤੋਂ ਵਧਾ ਕੇ 51 ਹਜ਼ਾਰ ਰੁਪਏ ਤੱਕ ਦਿੱਤੇ ਜਾਣ ਨੂੰ ਵੀ ਸਿਧਾਂਤਕ ਪ੍ਰਵਾਨਗੀ ਦਿੱਤੀ ਹੈ। ਸਿੱਧੂ ਨੇ ਦੱਸਿਆ ਕਿ ਕਮੇਟੀ ਨੇ ਸਰਬਸੰਮਤੀ ਨਾਲ ਇਹ ਫੈਸਲਾ ਵੀ ਲਿਆ ਕਿ ਉਸਾਰੀ ਕਿਰਤੀਆਂ ਦੇ ਬੱਚੇ, ਜੋ ਕਿ ਜ਼ਿਲਾ, ਰਾਜ ਜਾਂ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਖੇਡਾਂ ਦੇ ਖੇਤਰ ਵਿਚ ਨਾਮਣਾ ਖੱਟਦੇ ਹਨ, ਲਈ ਨਕਦ ਵਿੱਤੀ ਇਮਦਾਦ ਬੋਰਡ ਵੱਲੋਂ ਦਿੱਤੀ ਜਾਇਆ ਕਰੇਗੀ। ਇਸ ਦੇ ਨਾਲ ਹੀ ਐਡਵਾਈਜ਼ਰੀ ਕਮੇਟੀ ਨੇ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਦਿੱਤੀ ਜਾਣ ਵਾਲੀ ਵਜ਼ੀਫ਼ਾ ਸਕੀਮ ਵਿਚ ਸੋਧ ਕਰਨ ਦਾ ਫੈਸਲਾ ਵੀ ਲਿਆ, ਜਿਸ ਅਧੀਨ ਹੁਣ 85 ਫੀਸਦੀ ਦੀ ਬਜਾਏ 75 ਫੀਸਦੀ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫਾ ਸਕੀਮ ਅਧੀਨ 11 ਹਜ਼ਾਰ ਰੁਪਏ ਸਿੱਧੇ ਤੌਰ 'ਤੇ ਦਿੱਤੇ ਜਾਣਗੇ। ਮੀਟਿੰਗ ਵਿਚ ਵਿਧਾਇਕ ਪਠਾਨਕੋਟ ਅਨਿਲ ਵਿਜ, ਕਿਸ਼ੋਰ ਕੁਮਾਰ ਭਾਰਤ ਸਰਕਾਰ ਦੇ ਨੁਮਾਇੰਦੇ, ਸੰਜੇ ਕੁਮਾਰ ਪ੍ਰਮੁੱਖ ਸਕੱਤਰ ਕਿਰਤ ਵਿਭਾਗ, ਵਿਮਲ ਕੁਮਾਰ ਸੇਤੀਆ ਕਿਰਤ ਕਮਿਸ਼ਨਰ, ਮੰਤਰੀ ਤੇ ਰਾਜਸੀ ਸਕੱਤਰ ਹਰਕੇਸ਼ ਕੁਮਾਰ ਸ਼ਰਮਾ ਮੱਛਲੀ ਕਲਾਂ ਬੋਰਡ ਦੇ ਮੈਂਬਰ ਸ਼ਾਮਲ ਸਨ।
ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਦੇ ਅਾਖਰੀ ਦਿਨ ਯੁਵਰਾਜ ਹੰੰਸ ਨੇ ਲਾਈ ਹਾਜ਼ਰੀ (ਵੀਡੀਓ)
NEXT STORY