ਤਲਵੰਡੀ ਸਾਬੋ (ਮਨੀਸ਼ ਗਰਗ) : ਇਤਿਹਾਸਕ ਨਗਰ ਤਲਵੰਡੀ ਸਾਬੋ ਵਿਖੇ ਸਥਿਤ ਗੁਰਦੁਆਰਾ ਭਾਈ ਸਾਹਿਬ ਸਿੰਘ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਸਰੂਪਾਂ ’ਚੋਂ 4 ਸਰੂਪ ਅਗਨ ਭੇਟ ਹੋ ਗਏ ਹਨ। ਇਨ੍ਹਾਂ ਸਰੂਪਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਦਬ ਸਤਿਕਾਰ ਸਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚਾ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਾਂਚ ਕਮੇਟੀ ਨੇ ਗੁਰਦੁਆਰਾ ਪ੍ਰਬੰਧਕਾਂ ਦੀ ਅਣਗਹਿਲੀ ਅਤੇ ਪ੍ਰਬੰਧ ਨਾ ਹੋਣ ਦੀ ਗੱਲ ਕੀਤੀ ਹੈ, ਜਦਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਾਲਵੇ ਦੇ ਇਤਿਹਾਸਕ ਨਗਰ ਦਮਦਮਾ ਸਾਹਿਬ ਦੇ ਐਨ ਵਿਚਾਲੇ ਬਣੇ ਗੁਰਦੁਆਰਾ ਭਾਈ ਸਾਹਿਬ ਸਿੰਘ, ਜੋ ਪੰਜ ਪਿਆਰੇ ਸਾਹਿਬਾਨ ’ਚੋਂ ਇਕ ਸਨ, ਦੇ ਨਾਂ ’ਤੇ ਗੁਰਦੁਆਰਾ ਸਾਹਿਬ ਬਣਾਇਆ ਹੋਇਆ ਹੈ। ਇਸ ਗੁਰਦੁਆਰਾ ਸਾਹਿਬ ’ਚ ਅੱਜ ਸਵੇਰ ਸਮੇਂ ਤਕਰੀਬਨ 4 ਵਜੇ ਬਣੇ ਸੁੱਖ ਆਸਣ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਨਾਲ ਅੱਗ ਲੱਗ ਗਈ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਸਰੂਪਾਂ ’ਚੋਂ 4 ਸਰੂਪ ਅਗਨ ਭੇਟ ਹੋ ਗਏ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਮਾਨ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਘਟਾਈ ਫੀਸ
ਇਸ ਦੀ ਜਾਣਕਾਰੀ ਗੁਰਦੁਆਰਾ ਪ੍ਰਬੰਧਕਾਂ ਨੇ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਦਫ਼ਤਰ ਨੂੰ ਦਿੱਤੀ, ਜਿਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ ’ਤੇ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ, ਪੰਜ ਪਿਆਰੇ ਸਾਹਿਬਾਨ ਅਤੇ ਧਰਮ ਪ੍ਰਚਾਰ ਦਫਤਰ ਇੰਚਾਰਜ ਭੋਲਾ ਸਿੰਘ ਆਪਣੀ ਟੀਮ ਸਮੇਤ ਗੁਰਦੁਆਰਾ ਸਾਹਿਬ ਪੁੱਜ ਗਏ। ਉਨ੍ਹਾਂ ਅਗਨ ਭੇਟ ਹੋਏ ਸਰੂਪਾਂ ਨੂੰ ਅਦਬ ਸਤਿਕਾਰ ਸਹਿਤ ਤਖ਼ਤ ਸਾਹਿਬ ਵਿਖੇ ਪਹੁੰਚਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਤਖ਼ਤ ਸਾਹਿਬ ਦੇ ਪ੍ਰਬੰਧਕ ਨੇ ਜਾਂਚ ਦੌਰਾਨ ਦੱਸਿਆ ਕਿ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸਾਹਿਬ ’ਚ ਕੋਈ ਯੋਗ ਪ੍ਰਬੰਧ ਨਹੀਂ ਕੀਤੇ ਹੋਏ ਸਨ। ਧਰਮ ਪ੍ਰਚਾਰ ਦਫ਼ਤਰ ਇੰਚਾਰਜ ਨੇ ਦੱਸਿਆ ਕਿ ਸਵੇਰੇ 4 ਵਜੇ ਦੀ ਘਟਨਾ ਦੇ ਬਾਵਜੂਦ ਸਾਨੂੰ 12 ਵਜੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ ਤੇ ਸਾਰੀ ਘਟਨਾ ਪ੍ਰਬੰਧਕਾਂ ਦੀ ਕਮੀ ਕਰਕੇ ਪਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਸਾਰੇ ਮਾਮਲੇ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਭੇਜੀ ਜਾ ਰਹੀ ਹੈ ਤੇ ਉਨ੍ਹਾਂ ਦੇ ਆਦੇਸ਼ ’ਤੇ ਧਾਰਮਿਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਵੀ ਆਪਣੀ ਕਰਵਾਈ ’ਚ ਲੱਗਾ ਹੋਇਆ ਹੈ। ਉਧਰ ਤਲਵੰਡੀ ਸਾਬੋ ਪੁਲਸ ਵੀ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ, ਜਿਸ ਦੇ ਚਲਦਿਆਂ ਪੁਲਸ ਅਧਿਕਾਰੀਆਂ ਵੱਲੋਂ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਨਤੀਜਾਮੁਖੀ ਨਵੀਂ ਆਬਕਾਰੀ ਨੀਤੀ ਸ਼ਰਾਬ ਮਾਫ਼ੀਆ ਦੇ ਤਾਬੂਤ ’ਚ ਕਿੱਲ ਹੋਵੇਗੀ ਸਾਬਤ : ਆਬਕਾਰੀ ਕਮਿਸ਼ਨਰ
ਪਟਿਆਲਾ ਜੇਲ ’ਚ ਨਵਜੋਤ ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਕੀ ਬੋਲੇ ਪ੍ਰਤਾਪ ਬਾਜਵਾ
NEXT STORY