ਜ਼ੀਰਾ (ਗੁਰਮੇਲ ਸੇਖਵਾਂ) : ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਸਥਿਤ ਸ਼ਰਾਬ ਫੈਕਟਰੀ ਵਿੱਚ ਅੱਜ ਬਾਅਦ ਦੁਪਹਿਰ ਭਿਆਨਕ ਅੱਗ ਲੱਗ ਗਈ ਅਤੇ ਅੱਗ ਵਿੱਚ ਵੱਡੇ ਪੱਧਰ ’ਤੇ ਬਾਰਦਾਨਾ ਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ। ਫੈਕਟਰੀ ਦੇ ਮੈਨੇਜਰ ਪਵਨ ਬਾਂਸਲ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੈ ਅਤੇ ਇਸ ਅੱਗ ਵਿੱਚ ਲੱਖਾਂ ਦਾ ਮਾਲ ਸੜ ਕੇ ਸੁਆਹ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਗ ਬੁਝਾਉਣ ਲਈ ਜ਼ੀਰਾ ਦੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਪਰ ਜ਼ੀਰਾ ਦੀ ਫਾਇਰ ਬ੍ਰਿਗੇਡ ਹੋਰ ਕਿਤੇ ਗਈ ਹੋਣ ਕਾਰਨ ਫਰੀਦਕੋਟ ਤੋਂ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ।
ਅੱਗ ਭਿਆਨਕ ਰੂਪ ਧਾਰਨ ਕਰ ਗਈ ਸੀ, ਜਿਸ 'ਤੇ ਬੜੀ ਮੁਸ਼ਕਲ ਨਾਲ ਕਾਬੂ ਪਾਇਆ ਗਿਆ। ਪਵਨ ਬਾਂਸਲ ਨੇ ਦੱਸਿਆ ਕਿ ਇਸ ਫੈਕਟਰੀ ਵਿੱਚ ਹਜ਼ਾਰਾਂ ਮੁਲਾਜ਼ਮ ਕੰਮ ਕਰਦੇ ਹਨ ਤੇ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਦੱਸਣਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਵੀ ਇਸ ਫੈਕਟਰੀ ਵਿੱਚ ਅੱਗ ਲੱਗ ਚੁੱਕੀ ਹੈ ਤੇ ਉਦੋਂ ਵੀ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਸੀ।
ਨੈਸ਼ਨਲ ਹਾਈਵੇਅ ’ਤੇ ਤੇਜ਼ ਰਫ਼ਤਾਰ ਨਾਲ ਚੱਲਣ ਵਾਲੇ ਵਾਹਨਾਂ ਦੇ ਕੀਤੇ ਚਲਾਨ
NEXT STORY