ਫ਼ਰੀਦਕੋਟ (ਰਾਜਨ) : ਫ਼ਰੀਦਕੋਟ ਪੁਲਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਖ਼ਿਲਾਫ਼ ਕਾਰਵਾਈ ਕਰਦਿਆਂ ਫਲਿਪਕਾਰਟ ਮੁਲਾਜ਼ਮ ਤੋਂ 4.27 ਲੱਖ ਰੁਪਏ ਦੀ ਨਕਦੀ ਵਾਲਾ ਬੈਗ ਖੋਹਣ ਦੇ ਮਾਮਲੇ ਵਿਚ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਖੋਹੀ ਗਈ ਨਕਦੀ ਵਿਚੋਂ 4 ਲੱਖ 11 ਹਜ਼ਾਰ ਰੁਪਏ ਅਤੇ ਵਾਰਦਾਤ ਵਿਚ ਵਰਤੇ ਗਏ 2 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਐੱਸ.ਪੀ. (ਇਨਵੈਸਟੀਗੇਸ਼ਨ) ਨਰਿੰਦਰ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਜੋਤ ਸਿੰਘ ਵਾਸੀ ਡੋਗਰ ਬਸਤੀ, ਬਿਕਰਮਜੀਤ ਸਿੰਘ ਵਾਸੀ ਨਿਊ ਕੈਂਟ ਰੋਡ ਅਤੇ ਮਨੀਸ਼ ਸਿੰਘ ਵਾਸੀ ਦਸ਼ਮੇਸ਼ ਨਗਰ, ਫ਼ਰੀਦਕੋਟ ਵਜੋਂ ਹੋਈ ਹੈ।
ਐੱਸ.ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ 21 ਅਕਤੂਬਰ 2026 ਨੂੰ ਫਲਿਪਕਾਰਟ ਦਾ ਇਕ ਮੁਲਾਜ਼ਮ 4,27,800 ਰੁਪਏ ਦੀ ਇਕੱਠੀ ਹੋਈ ਨਕਦੀ ਬੈਂਕ ਵਿਚ ਜਮ੍ਹਾ ਕਰਵਾਉਣ ਲਈ ਸਕੂਟਰੀ ’ਤੇ ਜਾ ਰਿਹਾ ਸੀ ਜਦੋਂ ਉਹ ਕੋਟਕਪੂਰਾ ਰੋਡ ’ਤੇ ਘੋੜਾ ਚੌਕ ਨੇੜੇ ਪਹੁੰਚਿਆ ਤਾਂ ਪਿੱਛੋਂ ਮੋਟਰਸਾਈਕਲਾਂ ’ਤੇ ਆਏ ਮੁਲਜ਼ਮਾਂ ਨੇ ਉਸ ਨੂੰ ਸਕੂਟਰੀ ਤੋਂ ਹੇਠਾਂ ਸੁੱਟ ਦਿੱਤਾ ਅਤੇ ਨਕਦੀ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ। ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ। ਜਾਂਚ ਦੌਰਾਨ ਮੁਕੱਦਮੇ ਵਿਚ ਧਾਰਾ 317(2) ਬੀ.ਐੱਨ.ਐੱਸ. ਦਾ ਵਾਧਾ ਵੀ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸਹਾਇਕ ਥਾਣੇਦਾਰ ਹਰਚਰਨ ਸਿੰਘ ਨੇ ਪੁਲਸ ਪਾਰਟੀ ਸਮੇਤ ਕਾਰਵਾਈ ਕਰਦਿਆਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਮੁਲਜ਼ਮਾਂ ਕੋਲੋਂ 4,11,000 ਰੁਪਏ ਦੀ ਨਕਦੀ ਬਰਾਮਦ ਕਰਨ ਤੋਂ ਇਲਾਵਾ ਵਾਰਦਾਤ ਵਿਚ ਵਰਤੇ ਗਏ 2 ਮੋਟਰਸਾਈਕਲ ਵੀ ਕਬਜ਼ੇ ਵਿਚ ਲਏ ਹਨ। ਐੱਸ.ਪੀ. ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਰਿਮਾਂਡ ਦੌਰਾਨ ਕੀਤੀ ਜਾਣ ਵਾਲੀ ਪੁੱਛਗਿੱਛ ਵਿਚ ਹੋਰ ਵਾਰਦਾਤਾਂ ਸਬੰਧੀ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਫ਼ਰੀਦਕੋਟ ਰੇਂਜ ਦੀ ਆਈ.ਜੀ. ਜੱਗਦਲੇ ਨਿਲਾਬਰੀ ਵਿਜੇ ਦੀ ਅਗਵਾਈ ਅਤੇ ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਫ਼ਰੀਦਕੋਟ ਪੁਲਸ ਵੱਲੋਂ ਲੁੱਟ-ਖੋਹ ਅਤੇ ਸਟ੍ਰੀਟ ਕ੍ਰਾਈਮ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ ਚਲਾਈਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
NEXT STORY