ਜਲੰਧਰ,(ਵਿਕਰਮ ਸਿੰਘ): ਭਾਰੀ ਬਾਰਸ਼ ਦੀ ਚਿਤਾਵਨੀ ਤੇ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡਣ ਬਾਰੇ ਲੋਕਾਂ ਨੂੰ ਸੁਚੇਤ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਦਰਿਆ ਸਤਲੁਜ ਦੇ ਨੇੜੇ ਤੇ ਨੀਵੇਂ ਇਲਾਕਿਆਂ 'ਚ ਰਹਿੰਦੇ ਲੋਕਾਂ ਨੂੰ ਦਰਿਆ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਾੜੀ ਇਲਾਕੇ ਵਿਚ ਭਾਰੀ ਬਾਰਸ਼ ਹੋਣ ਤੋਂ ਬਾਅਦ ਭਾਖੜਾ ਡੈਮ 'ਚ ਪਾਣੀ ਦਾ ਪੱਧਰ ਵੱਧ ਜਾਣ ਕਰ ਕੇ 40000 ਕਿਊਸਿਕ ਵਾਧੂ ਪਾਣੀ ਛੱਡਿਆ ਗਿਆ ਹੈ । ਉਨ੍ਹਾਂ ਕਿਹਾ ਕਿ ਇਹ ਪਾਣੀ ਸਵੇਰੇ ਜਲੰਧਰ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਆਉਣ ਵਾਲੇ 72 ਘੰਟਿਆਂ 'ਚ 120 ਐਮ. ਐਮ. ਤੱਕ ਜ਼ਿਲ੍ਹੇ 'ਚ ਭਾਰੀ ਬਾਰਸ਼ ਹੋਣ ਦੀ ਚੇਤਾਵਨੀ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਰਿਆ ਸਤਲੁਜ ਦੇ ਕੰਢੇ 'ਤੇ ਰਹਿੰਦੇ ਲੋਕਾਂ ਨੂੰ ਦਰਿਆ ਦੇ ਨੇੜੇ ਨਹੀਂ ਜਾਣਾ ਚਾਹੀਦਾ ਤੇ ਪੂਰੀ ਤਰ੍ਹਾਂ ਸਾਵਧਾਨ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਰਿਆ 'ਚ ਪਾਣੀ ਦਾ ਪੱਧਰ ਵੱਧ ਜਾਣ ਕਰ ਕੇ ਨੀਵੇਂ ਇਲਾਕਿਆਂ 'ਚ ਖ਼ਤਰਾ ਵੱਧ ਜਾਂਦਾ ਹੈ। ਇਸ ਲਈ ਜ਼ਿਲ੍ਹੇ ਵਿਚ ਦਰਿਆ ਸਤਲੁਜ ਦੇ ਨੇੜੇ ਰਹਿੰਦੇ ਲੋਕਾਂ ਤੇ ਜਾਨਵਰਾਂ ਨੂੰ ਪਹਿਲਾਂ ਹੀ ਸੁਰੱਖਿਅਤ ਬਾਹਰ ਕੱਢ ਲੈਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਤੋਂ ਹੀ ਸਾਰੀ ਸਥਿਤੀ 'ਤੇ ਨਜ਼ਰਸਾਨੀ ਕੀਤੀ ਜਾ ਰਹੀ ਹੈ ਤੇ ਜ਼ਿਲ੍ਹਾ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਤਿਆਰ-ਬਰ-ਤਿਆਰ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ ਸ਼ਾਹਕੋਟ, ਨਕੋਦਰ ਤੇ ਫਿਲੌਰ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।
ਸਤਲੁਜ ਦਰਿਆ 'ਚ ਵਧਿਆ ਪਾਣੀ ਦਾ ਪੱਧਰ, SDM ਵਲੋਂ ਲੋਕਾਂ ਨੂੰ ਸੂਚੇਤ ਰਹਿਣ ਦੀ ਹਦਾਇਤ
NEXT STORY