ਮੋਗਾ (ਗੋਪੀ ਰਾਊਕੇ)- ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਦੀ ‘ਕਾਮਯਾਬ ਕਿਸਾਨ-ਖੁਸ਼ਹਾਲ ਪੰਜਾਬ’ ਸਕੀਮ ਤਹਿਤ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀ ਸੰਦ ਭਾਰੀ ਸਬਸਿਡੀ ਉੱਪਰ ਮੁਹੱਈਆ ਕਰਵਾ ਕੇ ਜਿਥੇ ਖੇਤੀਬਾੜੀ ਦੀਆਂ ਨਵੀਆਂ ਵਾਤਾਵਰਣ ਪੱਖੀ ਤਕਨੀਕਾਂ ਨਾਲ ਜੋੜਿਆ ਜਾ ਰਿਹਾ ਹੈ, ਉੱਥੇ ਹੀ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਹਰ ਸਹੂਲਤ ਵੀ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਕਾਮਯਾਬ ਕਿਸਾਨ-ਖੁਸ਼ਹਾਲ ਪੰਜਾਬ’ ਸਕੀਮ ਤਹਿਤ ਇਕ ਹੋਰ ਨਿਵੇਕਲੇ ਉਪਰਾਲੇ ਤਹਿਤ ਝੋਨੇ ਦੀ ਸਿੱਧੀ ਬਿਜਾਈ ਲਈ 8 ਘੰਟੇ ਨਿਰੰਤਰ ਬਿਜਲੀ ਸਪਲਾਈ 25 ਮਈ ਤੋਂ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ 19 ਦੇ ਪ੍ਰਕੋਪ ਕਰ ਕੇ ਮਜ਼ਦੂਰਾਂ ਦੀ ਘਾਟ ਦੇ ਮੱਦੇਨਜ਼ਰ ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਚੱਲਤ ਕਰਨ ਲਈ ਇਹ ਫੈਸਲਾ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਝੋਨੇ ਦਾ ਝਾੜ ਨਹੀਂ ਘਟਦਾ, ਸਗੋਂ ਪਾਣੀ ਤੇ ਬਿਜਲੀ ਦੀ ਬੱਚਤ ਹੁੰਦੀ ਹੈ ਅਤੇ ਖੇਤੀ ਖਰਚੇ ਵੀ ਘਟਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਝੋਨੇ ਦੀ ਸਿੱਧੀ ਬਿਜਾਈ 1 ਜੂਨ 2021 ਤੋਂ ਕਰਨ ਦੀ ਸਿਫਾਰਿਸ਼ ਕੀਤੀ ਹੈ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਜਿਹੜੇ ਕਿਸਾਨ ਵੀਰਾਂ ਦੀਆਂ ਜ਼ਮੀਨਾਂ ਰੇਤਲੀਆਂ ਹਨ, ਉੱਥੇ ਝੋਨੇ ਦੀ ਸਿੱਧੀ ਬਿਜਾਈ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਤਰ ਵੱਤਰ ਹਾਲਤਾਂ ਵਿਚ ਕੀਤੀ ਜਾਵੇ ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਬੀਜਣ ਨੂੰ ਹੀ ਤਰਜੀਹ ਦਿੱਤੀ ਜਾਵੇ।
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਝੋਨੇ ਦੀ ਪੂਸਾ 44 ਕਿਸਮ ਨਾ ਬੀਜਣ ਦੀ ਸਿਫਾਰਿਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਤੀਬਾੜੀ ਸੰਦਾਂ ਵਿਚ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਬੇਲਰ, ਰੈਕ, ਹੈਪੀ ਸੀਡਰ, ਜੀਰੋ ਟਿਲ ਡਰਿੱਲ, ਸੁਪਰ ਸੀਡਰ, ਉਲਟਾਵੇਂ ਪਲਾਓ, ਚੌਪਰ, ਮਲਚਰ ਆਦਿ ਅਤੇ ਇਸ ਤੋਂ ਇਲਾਵਾ ਹੋਰ ਮਸ਼ੀਨਾਂ ਜਿਵੇਂ ਕਿ ਸਪੇਅਰਰ, ਕਪਾਹ ਮੱਕੀ ਬੀਜਣ ਵਾਲੇ ਨਿਊ ਮੈਟਿਕ ਪਲਾਂਟਰ, ਬਹੁ ਫਸਲੀ ਪਲਾਂਟਰ, ਝੋਨੇ ਲਈ ਡੀ. ਐੱਸ. ਆਰ. (ਸਿੱਧੀ ਬਿਜਾਈ ਵਾਲੀਆਂ ਮਸ਼ੀਨਾਂ) ਪੈਡੀ ਟਰਾਂਸਪਲਾਂਟਰ, ਆਲੂ ਬੀਜਣ/ਪੁੱਟਣ ਵਾਲੀਆਂ ਮਸ਼ੀਨਾਂ, ਗੰਨੇ ਦੀ ਬਿਜਾਈ ਅਤੇ ਕਟਾਈ ਵਾਲੀਆਂ ਮਸ਼ੀਨਾਂ, ਲੇਜਰ ਲੈਵਲਰ, ਮੱਕੀ ਦੇ ਡਰਾਇਰ, ਵੀਡਰ ਆਦਿ ਮਸ਼ੀਨਾਂ ਮੌਜੂਦ ਹਨ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇ ਕੇ ਅਤੇ ਵਾਤਾਵਰਣ ਪੱਖੀ ਖੇਤੀਬਾੜੀ ਸੰਦਾਂ ਨਾਲ ਖੇਤੀ ਕਰ ਕੇ ਖੇਤੀ ਖਰਚਿਆਂ ਨੂੰ ਘਟਾਇਆ ਜਾਵੇ ਅਤੇ ਵਾਤਾਵਰਣ/ਪਾਣੀ ਬਚਾਉਣ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਜਾਵੇ।
ਜ਼ਿਲ੍ਹੇ 'ਚ ਹੁਣ ਤੱਕ 1,14,740 ਵਿਅਕਤੀਆਂ ਨੂੰ ਲਗਾਈ ਗਈ ਕੋਰੋਨਾ ਵੈਕਸੀਨ : ਡਿਪਟੀ ਕਮਿਸ਼ਨਰ
NEXT STORY