ਨਵਾਂਸ਼ਹਿਰ(ਤ੍ਰਿਪਾਠੀ, ਮਨੋਰੰਜਨ)— ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲਾ ਇਕਾਈ ਨੇ ਤਨਖਾਹ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਅੱਜ ਕਰਿਆਮ ਰੋਡ 'ਤੇ ਸਥਿਤ ਵਣ ਵਿਭਾਗ ਦੇ ਦਫ਼ਤਰ ਅੱਗੇ ਰੋਸ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਸੂਬਾ ਯੂਨੀਅਨ ਦੇ ਜਨਰਲ ਸਕੱਤਰ ਅਮਰੀਕ ਸਿੰਘ ਅਤੇ ਜ਼ਿਲਾ ਪ੍ਰਧਾਨ ਕਸ਼ਮੀਰੀ ਲਾਲ ਨੇ ਦੱਸਿਆ ਕਿ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਨੂੰ ਨਿਯਮਤ ਤੌਰ 'ਤੇ ਤਨਖ਼ਾਰ ਜਾਰੀ ਨਾ ਹੋਣ ਕਾਰਨ ਭਾਰੀ ਆਰਥਿਕ ਪਰੇਸ਼ਾਨੀਆਂ 'ਚੋਂ ਗੁਜ਼ਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਡੀ. ਐੱਫ. ਓ. ਗੜ੍ਹਸ਼ੰਕਰ ਨੂੰ ਦਿੱਤੇ ਮੰਗ-ਪੱਤਰ 'ਚ ਵਰਕਰਜ਼ ਨੂੰ ਅਗਸਤ ਮਹੀਨੇ ਤੱਕ ਦੀ ਤਨਖ਼ਾਹ ਜਾਰੀ ਕਰਨ ਦਾ ਭਰੋਸਾ ਦਿੱਤਾ ਸੀ ਪਰ ਉਕਤ ਵਾਅਦਾ ਪੂਰਾ ਨਹੀਂ ਕੀਤਾ ਗਿਆ ਜਿਸ ਕਾਰਨ ਤਨਖ਼ਾਹ ਤੋਂ ਵਾਂਝੇ ਵਰਕਰਜ਼ 'ਚ ਸਰਕਾਰ ਤੇ ਵਿਭਾਗ ਦੇ ਅਧਿਕਾਰੀਆਂ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸੂਬਾ ਸਕੱਤਰ ਅਮਰੀਕ ਸਿੰਘ ਨੇ ਅਧਿਕਾਰੀਆਂ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਕਰਮਚਾਰੀਆਂ ਦੇ ਵਿਰੋਧ 'ਚ ਆਉਣ ਵਾਲੇ ਫੈਸਲਿਆਂ ਨੂੰ ਤੁਰੰਤ ਲਾਗੂ ਕਰ ਦਿੱਤਾ ਜਾਂਦਾ ਹੈ ਜਦੋਂਕਿ ਸਮਰਥਨ 'ਚ ਆਉਣ ਵਾਲੇ ਫੈਸਲਿਆਂ ਦੇ ਪੱਤਰ ਨੂੰ ਦਬਾ ਕੇ ਰੱਖਿਆ ਜਾਂਦਾ ਹੈ। ਉਨ੍ਹਾਂ ਨੇ ਜੰਗਲਾਤ ਵਿਭਾਗ 'ਚ ਠੇਕੇ 'ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕਰਮਚਾਰੀਆਂ ਦੀ ਤਨਖਾਹ ਜਲਦੀ ਰਿਲੀਜ਼ ਨਹੀਂ ਕੀਤੀ ਤਾਂ ਉਨ੍ਹਾਂ ਦੀ ਯੂਨੀਅਨ ਆਪਣੇ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਨ ਲਈ ਮਜਬੂਰ ਹੋਵੇਗੀ। ਇਸ ਸਬੰਧ 'ਚ 27 ਅਕਤੂਬਰ ਨੂੰ ਗੜ੍ਹਸ਼ੰਕਰ ਤੇ ਨਵਾਂਸ਼ਹਿਰ 'ਚ ਰੋਸ ਰੈਲੀ ਕੱਢੀ ਜਾਵੇਗੀ। ਇਸ ਮੌਕੇ ਵਾਈਸ ਪ੍ਰਧਾਨ ਸਤਪਾਲ ਸਿੰਘ, ਸਕੱਤਰ ਜਰਨੈਲ ਸਿੰਘ, ਦੇਵਰਾਜ ਤੇ ਸਤਨਾਮ ਸਿੰਘ ਨੇ ਵੀ ਰੋਸ ਧਰਨੇ ਨੂੰ ਸੰਬੋਧਨ ਕੀਤਾ।
'ਪਰਾਲੀ ਨੂੰ ਸਾੜਨ ਦੀ ਬਜਾਏ ਵਿਗਿਆਨਕ ਤਰੀਕੇ ਨਾਲ ਸਾਂਭਿਆ ਜਾਵੇ'
NEXT STORY