ਹੁਸ਼ਿਆਰਪੁਰ, (ਘੁੰਮਣ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਜ਼ਿਲਾ ਹੁਸ਼ਿਆਰਪੁਰ ਵੱਲੋਂ ਆਪਣੀਆਂ ਮੰਗਾਂ ਸਬੰਧੀ ਸਥਾਨਕ ਡੀ. ਐੱਫ. ਓ. ਦਫ਼ਤਰ ਅੱਗੇ ਜ਼ਿਲਾ ਪ੍ਰਧਾਨ ਗੁਰਦਿਆਲ ਸਿੰਘ ਦੀ ਅਗਵਾਈ ਵਿਚ ਜ਼ਿਲਾ ਪੱਧਰੀ ਧਰਨਾ ਦਿੱਤਾ ਗਿਆ ਅਤੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਡੀ. ਐੱਫ. ਓ. ਦਾ ਪਿੱਟ-ਸਿਆਪਾ ਕੀਤਾ ਗਿਆ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਅਮਰੀਕ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਭਾਗ ਦੀ ਅਫਸਰਸ਼ਾਹੀ ਬਿਲਕੁਲ ਵੀ ਸੰਜੀਦਾ ਨਹੀਂ ਹੈ ਅਤੇ ਇਨ੍ਹਾਂ ਮੰਗਾਂ ਨੂੰ ਹੱਲ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ। ਜਥੇਬੰਦੀ ਵੱਲੋਂ ਮੰਗਾਂ ਦੇ ਹੱਲ ਲਈ ਇਸ ਅਧਿਕਾਰੀ ਨੂੰ ਪੱਤਰ ਦੇ ਕੇ ਮੀਟਿੰਗ ਦਾ ਸਮਾਂ ਮੰਗਿਆ ਗਿਆ ਸੀ ਪਰ ਸਮਾਂ ਨਹੀਂ ਦਿੱਤਾ ਗਿਆ, ਜਿਸ ਕਾਰਨ ਸਾਨੂੰ ਮਜਬੂਰ ਹੋ ਕੇ ਡੀ. ਐੱਫ. ਓ. ਵਿਰੁੱਧ ਸੰਘਰਸ਼ ਦਾ ਰਾਹ ਅਪਣਾਉਣਾ ਪਿਆ।
ਪ. ਸ. ਸ. ਫ. ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਨੇ ਕਿਹਾ ਕਿ ਜਿੱਥੇ ਸੂਬੇ ਦੀ ਸਰਕਾਰ ਵੱਲੋਂ ਮੁਲਾਜ਼ਮ ਵਿਰੋਧੀ ਨੀਤੀਆਂ ਬੜੀ ਤੇਜ਼ੀ ਨਾਲ ਲਾਗੂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਅਫਸਰਸ਼ਾਹੀ ਵਿਚ ਵੀ ਸਰਕਾਰ ਦੇ ਕਮਾਊ-ਪੁੱਤ ਬਣਨ ਦੀ ਦੌੜ ਲੱਗੀ ਹੋਈ ਹੈ। ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਬਿਲਕੁਲ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਮੁਲਾਜ਼ਮ ਵਿਰੋਧੀ ਫੈਸਲਿਆਂ ਨੂੰ ਲਾਗੂ ਕਰਨ ਵਿਚ ਪਹਿਲ-ਕਦਮੀ ਕੀਤੀ ਜਾ ਰਹੀ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਅਗਸਤ ਮਹੀਨੇ ਦੀਆਂ ਰੁਕੀਆਂ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ, ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕੀਤੀ ਜਾਵੇ ਅਤੇ ਸੀਨੀਆਰਤਾ ਸੂਚੀਆਂ ਸੋਧ ਕੇ ਤਿੰਨ ਸਾਲ ਪੂਰੇ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ। ਮੁਲਾਜ਼ਮਾਂ ਦੇ ਦਬਾਅ ਸਦਕਾ ਰੈਲੀ ਵਿਚ ਡੀ. ਐੱਫ. ਓ. ਨੇ ਭਰੋਸਾ ਦਿੱਤਾ ਕਿ ਸੀ. ਏ. ਦੇ ਫੰਡਜ਼ ਰਿਲੀਜ਼ ਹੋਣ ਉਪਰੰਤ 2-3 ਦਿਨਾਂ ਅੰਦਰ ਤਨਖ਼ਾਹਾਂ ਦਾ ਭੁਗਤਾਨ ਕਰ ਦਿੱਤਾ ਜਾਵੇਗਾ।
ਇਸ ਮੌਕੇ ਜਥੇਬੰਦੀ ਦੇ ਸੂਬਾ ਵਿੱਤ ਸਕੱਤਰ ਸ਼ਿਵ ਕੁਮਾਰ ਤੋਂ ਇਲਾਵਾ ਪਵਨ ਕੁਮਾਰ, ਜੈ ਪਾਲ, ਜੁਗਿੰਦਰ ਸਿੰਘ, ਸੁਰਿੰਦਰ ਪਾਲ, ਸਤਨਾਮ ਸਿੰਘ, ਰਵੀ ਕੁਮਾਰ, ਸੁਖਦੇਵ ਕੁਮਾਰ, ਗੁਰਮੀਤ ਸਿੰਘ, ਅਮਰਜੀਤ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
ਦਿਨ-ਦਹਾੜੇ ਲੁੱਟਾਂ ਖੋਹਾ ਕਰਨ ਵਾਲਾ ਗਿਰੋਹ ਸਰਗਰਮ
NEXT STORY